ਨਵੀਂ ਦਿੱਲੀ: ਦਿੱਲੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਚੋਣ ਪ੍ਰਚਾਰ ਜ਼ੋਰਾਂ 'ਤੇ ਹੈ। ਮੰਗਲਵਾਰ ਨੂੰ ਪੰਜਾਬ ਕੈਬਿਨੇਟ ਦੇ ਕਈ ਮੰਤਰੀ ਲਾਜਪਤ ਨਗਰ ਤੋਂ ਉਮੀਦਵਾਰ ਅਭਿਸ਼ੇਕ ਦੱਤ ਦੇ ਹੱਕ ਵਿੱਚ ਨਿੱਤਰੇ ਹਨ। ਇਸੇ ਮੌਕੇ ਈਟੀਵੀ ਭਾਰਤ ਨੇ ਪੰਜਾਬ ਦੇ ਖੇਡ ਮੰਤਰੀ ਰਾਣਾ ਗੁਰਜੀਤ ਦੇ ਨਾਲ ਗੱਲਬਾਤ ਕੀਤੀ। ਰਾਣਾ ਗੁਰਜੀਤ ਸੋਢੀ ਨੇ ਦੱਸਿਆ ਕਿ ਦਿੱਲੀ ਵਿੱਚ ਪੰਜਾਬ ਦੇ ਮੁੱਦਿਆਂ ਦਾ ਕੋਈ ਫ਼ਰਕ ਨਹੀਂ ਪਵੇਗਾ। ਲੋਕਾਂ ਵਿੱਚ ਕਾਂਗਰਸ ਨੂੰ ਲੈ ਕੇ ਭਾਰੀ ਉਤਸ਼ਾਹ ਹੈ।
ਇਸ ਮੌਕੇ 'ਤੇ ਰਾਣਾ ਗੁਰਜੀਤ ਨੇ ਕਿਹਾ ਕਿ ਸ਼ਾਹੀਨ ਬਾਗ ਵਿੱਚ ਚੱਲ ਰਹੇ ਪ੍ਰਦਰਸ਼ਨ ਦਾ ਦਿੱਲੀ ਚੋਣਾਂ 'ਤੇ ਫ਼ਰਕ ਜ਼ਰੂਰ ਪਵੇਗਾ। ਉਨ੍ਹਾਂ ਕਿਹਾ ਕਿ ਸ਼ਾਹੀਨ ਬਾਗ ਦੇ ਪ੍ਰਦਰਸ਼ਨ ਵਿੱਚ ਗੋਲੀ ਚਲਾਈ ਗਈ ਅਤੇ ਲੋਕਾਂ ਨੂੰ ਡਰਾਉਣ ਦੀ ਕੋਸ਼ਿਸ਼ ਵੀ ਕੀਤੀ ਗਈ ਹੈ। ਲੋਕਤੰਤਰ ਵਿੱਚ ਅਜਿਹੀਆਂ ਚੀਜ਼ਾਂ ਦੀ ਜਗ੍ਹਾ ਨਹੀਂ ਹੈ।
ਇਸ ਮੌਕੇ ਪੰਜਾਬ ਕਾਂਗਰਸ ਇੰਚਾਰਜ ਆਸ਼ਾ ਕੁਮਾਰੀ ਨੇ ਈਟੀਵੀ ਭਾਰਤ ਨਾਲ ਗੱਲਬਾਤ ਕਰਦਿਆਂ ਦੱਸਿਆ ਕੀ ਅਸਲ ਮੁੱਦੇ ਬੇਰੁਜ਼ਗਾਰੀ ਅਤੇ ਆਰਥਿਕ ਮੰਦਹਾਲੀ ਹੈ। ਦਿੱਲੀ ਦੇ ਲੋਕ ਜ਼ਰੂਰ ਕਾਂਗਰਸ ਦੇ ਹੱਕ ਵਿੱਚ ਵੋਟਾਂ ਪਾਉਣਗੇ। ਇਸ ਤੋਂ ਪਹਿਲਾ ਸੋਮਵਾਰ ਨੂੰ ਕੈਪਟਨ ਅਮਰਿੰਦਰ ਸਿੰਘ ਨੇ ਕਾਲਕਾ ਜੀ ਵਿਖੇ ਕਾਂਗਰਸ ਉਮੀਦਵਾਰ ਦੇ ਹੱਕ ਵਿੱਚ ਰੋਡ ਸ਼ੋਅ ਕੀਤਾ ਸੀ।