ਨਵੀਂ ਦਿੱਲੀ: ਕੋਰੋਨਾ ਵਾਇਰਸ ਦਾ ਕਹਿਰ ਭਾਰਤ ਤੱਕ ਪਹੁੰਚ ਗਿਆ ਹੈ। ਹੁਣ ਤੱਕ ਭਾਰਤ ਵਿੱਚ ਕੋਰੋਨਾ ਵਾਇਰਸ ਦੇ 30 ਮਾਮਲੇ ਸਾਹਮਣੇ ਆ ਗਏ ਹਨ। ਇਸੇ ਨੂੰ ਵੇਖਦਿਆਂ ਦਿੱਲੀ ਦੇ ਸਾਰੇ ਪ੍ਰਾਇਮਰੀ ਸਕੂਲ 31 ਮਾਰਚ ਤੱਕ ਬੰਦ ਕਰ ਦਿੱਤੇ ਗਏ ਹਨ।
ਕੇਜਰੀਵਾਲ ਸਰਕਾਰ ਨੇ ਇਹ ਫੈਸਲਾ ਲਿਆ ਹੈ ਤੇ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਇਹ ਜਾਣਕਾਰੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਬਾਕੀਆਂ ਦੇ ਲਈ ਐਡਵਾਇਜ਼ਰੀ ਜਾਰੀ ਕੀਤਾ ਜਾ ਰਹੀ ਹੈ ਕਿਉਂਕਿ ਅਜੇ ਪੇਪਰ ਚੱਲ ਰਹੇ ਹਨ।
ਇਸ ਤੋਂ ਪਹਿਲਾਂ ਦਿੱਲੀ ਨੇੜੇ ਤਿੰਨ ਸਕੂਲਾਂ ਨੇ ਕੋਰੋਨਾ ਵਾਇਰਸ ਤੋਂ ਬਚਾਅ ਦੇ ਮੱਦੇਨਜ਼ਰ ਛੁੱਟੀਆਂ ਦਾ ਐਲਾਨ ਕੀਤਾ ਸੀ, ਉੱਥੇ ਹੀ ਕੁਝ ਸਕੂਲਾਂ ਨੇ ਮਾਪਿਆਂ ਨੂੰ ਸਲਾਹ ਜਾਰੀ ਕੀਤੀ ਸੀ। ਕੋਰੋਨਾ ਵਾਇਰਸ ਦੇ ਮੱਦੇਨਜ਼ਰ ਸੀਬੀਐਸਈ ਦੇ ਸਕੱਤਰ ਅਨੁਰਾਗ ਤ੍ਰਿਪਾਠੀ ਨੇ ਬੁੱਧਵਾਰ ਨੂੰ ਵਿਦਿਆਰਥੀਆਂ ਨੂੰ ਪ੍ਰੀਖਿਆ ਦੌਰਾਨ ਪ੍ਰੀਖਿਆ ਕੇਂਦਰਾਂ ਵਿੱਚ ਫੇਸ ਮਾਸਕ ਅਤੇ ਸੈਨੀਟਾਈਜ਼ਰ ਲੈ ਜਾਣ ਦੀ ਇਜਾਜ਼ਤ ਦਿੱਤੀ ਸੀ।
ਮਨੁੱਖੀ ਸਰੋਤ ਵਿਕਾਸ ਮੰਤਰਾਲੇ ਨੇ ਰਾਜਾਂ ਦੇ ਮੁੱਖ ਸਕੱਤਰਾਂ, ਸੀਬੀਐਸਈ ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਵਿਦਿਆਰਥੀਆਂ ਵਿੱਚ ਕੋਰੋਨਾ ਵਾਇਰਸ ਸਬੰਧੀ ਸਾਵਧਾਨੀ ਉਪਾਵਾਂ ਪ੍ਰਤੀ ਜਾਗਰੂਕਤਾ ਫੈਲਾਉਣ।