ਨਵੀਂ ਦਿੱਲੀ: ਜਿੱਥੇ ਬੇਮੌਸਮੇ ਮੀਂਹ ਨੇ ਪੰਜਾਬ ਵਿੱਚ ਮੰਡੀਆਂ 'ਚ ਪਈ ਕਣਕ ਦਾ ਨੁਕਸਾਨ ਕੀਤਾ ਹੈ ਉੱਥੇ ਹੀ ਇਸ ਤੂਫਾਨ ਨੇ ਪਾਕਿਸਤਾਨ ਸਥਿਤ ਇਤਿਹਾਸਕ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਗੰਬਦਾਂ ਨੂੰ ਨੁਕਸਾਨ ਪਹੁੰਚਾਇਆ ਹੈ।
ਪਾਕਿਸਤਾਨੀ ਮੀਡੀਆ ਰਿਪੋਰਟਾਂ ਮੁਤਾਬਿਕ ਸ਼ੁੱਕਰਵਾਰ ਨੂੰ ਆਏ ਮੀਂਹ ਅਤੇ ਤੂਫਾਨ ਕਰਕੇ 8 ਗੁੰਬਦਾਂ ਨੂੰ ਨੁਕਸਾਨ ਪਹੁੰਚਿਆ ਹੈ। ਇਨ੍ਹਾਂ ਵਿੱਚੋਂ ਚਾਰ ਗੁੰਬਦ ਮੀਨਾਰਾਂ 'ਤੇ ਸਥਿਤ ਹਨ, ਦੋ ਮਿਊਜ਼ੀਅਮ, ਇੱਕ ਦਰਸ਼ਨੀ ਡਿਓੜੀ ਤੇ ਇੱਕ ਦੀਵਾਨਿਸਤਾਨ ਵਿਖੇ ਸਥਿਤ ਸਨ।
ਗੁਰਦੁਆਰਾ ਸਾਹਿਬ ਦੀ ਮੁੱਖ ਇਮਾਰਤ ਪੂਰੀ ਤਰ੍ਹਾਂ ਸੁਰੱਖਿਅਤ ਹੈ ਜਿੱਥੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਹੈ। ਇਸ ਤੂਫਾਨ ਵਿਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਕਿਉਂਕਿ 15 ਮਾਰਚ 2020 ਤੋਂ ਗੁਰਦੁਆਰਾ ਸ਼ਰਧਾਲੂਆਂ ਲਈ ਕੋਰੋਨਾ ਵਾਇਰਸ ਦੇ ਪ੍ਰਕੋਪ ਕਰਕੇ ਬੰਦ ਕਰ ਦਿੱਤਾ ਗਿਆ ਸੀ।
ਸੋਸ਼ਲ ਮੀਡੀਆ 'ਤੇ ਰਿਪੋਰਟ ਵੇਖ ਕੇ ਪਾਕਿਸਤਾਨ ਦੇ ਸਾਇੰਸ ਅਤੇ ਟੈਕਨਾਲੋਜੀ ਮੰਤਰੀ ਚੌਧਰੀ ਫਵਾਦ ਹੁਸੈਨ ਨੇ ਕਿਹਾ ਕਿ ਇਸ ਸਬੰਧੀ ਧਾਰਮਿਕ ਮਾਮਲਿਆਂ ਦੇ ਮੰਤਰੀ ਨੂੰ ਜਾਣਕਾਰੀ ਦੇ ਦਿੱਤੀ ਗਈ ਹੈ ਤੇ ਜਾਂਚ ਦੀ ਵੀ ਅਪੀਲ ਕੀਤੀ ਗਈ ਹੈ।
ਜ਼ਿਕਰਯੋਗ ਹੈ ਕਿ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਪਾਕਿਸਤਾਨ ਦੇ ਨਾਰੋਵਾਲ ਵਿਖੇ ਸਥਿਤ ਹੈ ਤੇ ਸਿੱਖ ਧਰਮ ਵਿੱਚ ਬਹੁਤ ਮਹੱਤਤਾ ਰੱਖਦਾ ਹੈ। ਸਿੱਖਾਂ ਦੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਆਪਣੀ ਜ਼ਿੰਦਗੀ ਦੇ ਆਖ਼ਰੀ ਵਰ੍ਹੇ ਇਸ ਥਾਂ ਤੇ ਬਿਤਾਏ ਸਨ ਅਤੇ ਇੱਥੇ ਹੀ ਉਹ ਜੋਤੀ ਜੋਤ ਸਮਾਏ ਸਨ।
ਗੁਰੂ ਨਾਨਕ ਦੇਵ ਜੀ ਦੇ ਸਾਢੇ ਪੰਜ ਸੌ ਸਾਲਾ ਪ੍ਰਕਾਸ਼ ਪੁਰਬ ਤੇ ਭਾਰਤ ਅਤੇ ਪਾਕਿਸਤਾਨ ਸਰਕਾਰ ਨੇ ਨਵੰਬਰ 2018 ਵਿੱਚ ਕਰਤਾਰਪੁਰ ਲਾਂਘੇ ਦੇ ਨਿਰਮਾਣ ਦਾ ਐਲਾਨ ਕੀਤਾ ਸੀ, ਤਾਂ ਜੋ ਭਾਰਤ ਤੋਂ ਸ਼ਰਧਾਲੂ ਆਸਾਨੀ ਨਾਲ ਇਸ ਇਤਿਹਾਸਕ ਸਥਾਨ ਦੇ ਦਰਸ਼ਨ ਕਰ ਸਕਣ। ਪਿਛਲੇ ਸਾਲ ਨਵੰਬਰ ਵਿੱਚ ਭਾਰਤ ਅਤੇ ਪਾਕਿਸਤਾਨ ਦੇ ਪ੍ਰਧਾਨ ਮੰਤਰੀਆਂ ਨੇ ਆਪਣੇ ਆਪਣੇ ਮੁਲਕ ਵਿੱਚ ਇਸ ਲਾਂਘੇ ਦਾ ਉਦਘਾਟਨ ਕੀਤਾ ਸੀ। ਪਹਿਲੇ ਜੱਥੇ ਵਿੱਚ ਸਾਬਕਾ ਪ੍ਰਧਾਨ ਮੰਤਰੀ ਡਾ ਮਨਮੋਹਨ ਸਿੰਘ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦਰਸ਼ਨ ਕੀਤੇ ਸਨ ।