ਨਵੀਂ ਦਿੱਲੀ: ਰਾਜਧਾਨੀ 'ਚ ਇੱਕ ਪਾਸੇ ਕੋਰੋਨਾ ਮਹਾਂਮਾਰੀ ਦਾ ਕਹਿਰ ਲਗਾਤਾਰ ਵੱਧ ਰਿਹਾ ਹੈ ਤਾਂ ਉਥੇ ਹੀ ਵੱਖ-ਵੱਖ ਧਾਰਮਿਕ ਅਤੇ ਸਮਾਜਿਕ ਸੰਸਥਾਵਾਂ ਵੀ ਲੋਕਾਂ ਦੀ ਮਦਦ ਲਈ ਅੱਗੇ ਆ ਰਹੀਆਂ ਹਨ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇਸ ਦੌਰਾਨ ਲੋੜਵੰਦਾਂ ਲਈ ਐਂਬੂਲੈਂਸ ਸੇਵਾ ਸ਼ੁਰੂ ਕੀਤੀ ਹੈ। ਕਮੇਟੀ ਦਾ ਕਹਿਣਾ ਹੈ ਕਿ ਇਹ ਐਂਬੂਲੈਂਸਾਂ ਦਿੱਲੀ ਦੇ ਸਾਰੇ ਇਲਾਕਿਆਂ ਵਿੱਚ ਤਾਇਨਾਤ ਕੀਤੀਆਂ ਜਾਣਗੀਆਂ ਅਤੇ ਲੋੜਵੰਦ ਲੋਕਾਂ ਨੂੰ ਇਸ ਦੀ ਮੁਫ਼ਤ ਸੇਵਾ ਦਿੱਤੀ ਜਾਵੇਗੀ।
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਮੇਟੀ ਵੱਲੋਂ ਕੁੱਲ 12 ਐਂਬੂਲੈਂਸਾਂ ਚਲਾਈਆਂ ਗਈਆਂ ਹਨ। ਇਸ ਦੇ ਨਾਲ ਹੀ ਇੱਕ ਹੈਲਪਲਾਈਨ ਨੰਬਰ ਵੀ ਜਾਰੀ ਕੀਤਾ ਜਾਵੇਗਾ, ਜਿਸ ਦੀ ਮਦਦ ਨਾਲ ਲੋਕ ਐਂਬੂਲੈਂਸ ਸੇਵਾ ਦਾ ਲਾਭ ਲੈ ਸਕਣਗੇ। ਉਥੇ ਹੀ ਸੇਵਾ ਲੈਣ ਲਈ ਗੁਰਦੁਆਰਾ ਕਮੇਟੀ ਦੇ ਮੈਂਬਰਾਂ ਨਾਲ ਵੀ ਸੰਪਰਕ ਕੀਤਾ ਜਾ ਸਕਦਾ ਹੈ।
ਸਿਰਸਾ ਨੇ ਕਿਹਾ ਕਿ ਸ਼ੁਰੂਆਤ ਵਿੱਚ ਇਸ ਦੀ ਗਿਣਤੀ ਘੱਟ ਹੈ ਪਰ ਆਉਣ ਵਾਲੇ ਦਿਨਾਂ ਵਿੱਚ ਲੋੜ ਅਨੁਸਾਰ ਇਸ ਵਿੱਚ ਵਾਧਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਸੇਵਾ ਨੂੰ ਸ੍ਰੀ ਗੁਰੂ ਹਰਕ੍ਰਿਸ਼ਨ ਸਾਹਿਬ ਦੇ ਪ੍ਰਕਾਸ਼ ਪੁਰਬ ਮੌਕੇ ਸ਼ੁਰੂ ਕੀਤਾ ਜਾ ਰਿਹਾ ਹੈ। ਇਸ ਦਾ ਇਕੋ ਇੱਕ ਉਦੇਸ਼ ਲੋਕਾਂ ਦੀ ਸੇਵਾ ਕਰਨਾ ਹੈ।