ਸ਼੍ਰੀਨਗਰ: ਜੰਮੂ ਕਸ਼ਮੀਰ ਦੇ ਬਾਰਾਮੂਲਾ ਦੇ ਸਲੋਸਾ ਖੇਤਰ ਵਿੱਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਦਰਮਿਆਨ ਮੁੱਠਭੇੜ ਚੱਲ ਰਹੀ ਹੈ। ਮੁਕਾਬਲੇ ਦੌਰਾਨ ਸੁਰੱਖਿਆ ਬਲਾਂ ਨੇ ਇੱਕ ਅੱਤਵਾਦੀ ਨੂੰ ਮਾਰ ਦਿੱਤਾ ਹੈ। ਇਹ ਕਾਰਵਾਈ ਬਾਰਾਮੂਲਾ ਪੁਲਿਸ, ਆਰਮੀ 52-ਆਰਆਰ (ਰਾਸ਼ਟਰੀ ਰਾਈਫਲਜ਼) ਅਤੇ ਸੀਆਰਪੀਐਫ ਦੀ ਸਾਂਝੀ ਟੀਮ ਵੱਲੋਂ ਕੀਤੀ ਜਾ ਰਹੀ ਹੈ।
ਦੱਸ ਦਈਏ ਕਿ ਸੁਰੱਖਿਆ ਬਲਾਂ ਨੂੰ ਬਾਰਾਮੂਲਾ ਦੇ ਕਰੀਰੀ ਖੇਤਰ ਵਿੱਚ ਸਲੋਸਾ 'ਚ ਅੱਤਵਾਦੀਆਂ ਦੇ ਲੁਕੇ ਹੋਣ ਦੀ ਖ਼ਬਰ ਮਿਲੀ ਸੀ। ਇਸ ਜਾਣਕਾਰੀ ਦੇ ਅਧਾਰ 'ਤੇ ਸੁਰੱਖਿਆ ਬਲਾਂ ਦੀ ਸਾਂਝੀ ਟੀਮ ਨੇ ਖੇਤਰ ਨੂੰ ਘੇਰ ਕੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ। ਇਸ ਦੌਰਾਨ ਆਪਣੇ ਆਪ ਨੂੰ ਘਿਰਿਆ ਵੇਖ ਕੇ ਅੱਤਵਾਦੀਆਂ ਨੇ ਸੁਰੱਖਿਆ ਬਲਾਂ ਨੂੰ ਨਿਸ਼ਾਨਾ ਬਣਾਉਣਾ ਸ਼ੁਰੂ ਕਰ ਦਿੱਤਾ।
ਇਸ ਤੋਂ ਬਾਅਦ ਸੁਰੱਖਿਆ ਬਲਾਂ ਦੀ ਸਾਂਝੀ ਟੀਮ ਨੇ ਜਵਾਬੀ ਕਾਰਵਾਈ ਸ਼ੁਰੂ ਕੀਤੀ। ਜਵਾਬੀ ਕਾਰਵਾਈ ਵਿੱਚ ਸੁਰੱਖਿਆ ਬਲਾਂ ਨੇ ਇੱਕ ਅੱਤਵਾਦੀ ਨੂੰ ਮਾਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਹਾਲਾਂਕਿ ਮਾਰੇ ਗਏ ਅੱਤਵਾਦੀ ਦੀ ਅਜੇ ਪਛਾਣ ਨਹੀਂ ਹੋ ਸਕੀ ਹੈ। ਫਿਲਹਾਲ ਮੁਕਾਬਲਾ ਚੱਲ ਰਿਹਾ ਹੈ।