ਸ੍ਰੀਨਗਰ : ਜੰਮੂ ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਵਿੱਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ ਜਾਰੀ ਹੈ। ਇਸ ਮੁਠਭੇੜ ਵਿੱਚ ਇੱਕ ਅੱਤਵਾਦੀ ਦੇ ਮਾਰੇ ਜਾਣ ਦੀ ਖ਼ਬਰ ਹੈ।
ਇਸ ਬਾਰੇ ਜਾਣਕਾਰੀ ਦਿੰਦੇ ਹੋਏ ਜੰਮੂ-ਕਸ਼ਮੀਰ ਪੁਲਿਸ ਦੇ ਇੱਕ ਅਧਿਕਾਰੀ ਨੇ ਦੱਸਿਆ ਦੱਖਣੀ ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਦੇ ਪੰਪੋਰ ਇਲਾਕੇ ਦੀ ਮੀਜ਼ ਵਿੱਚ ਤਿੰਨ ਅੱਤਵਾਦੀਆਂ ਦੇ ਲੁੱਕੇ ਹੋਣ ਦੀ ਸੂਚਨਾ ਮਿਲੀ ਸੀ। ਜਿਸ ਤੋਂ ਬਾਅਦ ਸੁਰੱਖਿਆ ਬਲਾਂ ਨੇ ਇਲਾਕੇ ਦੀ ਘੇਰਾਬੰਦੀ ਕਰ ਸਰਚ ਅਭਿਆਨ ਸ਼ੁਰੂ ਕੀਤਾ। ਸਰਚ ਅਭਿਆਨ ਦੇ ਦੌਰਾਨ ਅੱਤਵਾਦੀਆਂ ਨੇ ਸੁਰੱਖਿਆ ਬਲ ਦੇ ਜਵਾਨਾਂ ਉੱਤੇ ਗੋਲੀਬਾਰੀ ਕੀਤੀ। ਭਾਰਤੀ ਫੌਜ ਦੇ ਜਵਾਨਾਂ ਨੇ ਜਵਾਬੀ ਕਾਰਵਾਈ ਕੀਤੀ। ਇਸ ਮੁਠਭੇੜ 'ਚ ਇੱਕ ਅੱਤਵਾਦੀ ਮਾਰਾ ਗਿਆ। ਅਜੇ ਤੱਕ ਮੁਠਭੇੜ ਜਾਰੀ ਹੈ।
ਦੱਖਣੀ ਕਸ਼ਮੀਰ ਦੇ ਸ਼ੋਪੀਆਂ ਜ਼ਿਲ੍ਹੇ ਵਿੱਚ ਮੰਗਲਵਾਰ ਨੂੰ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ 'ਚ ਤਿੰਨ ਅੱਤਵਾਦੀ ਮਾਰੇ ਗਏ। ਇਸ ਦੌਰਾਨ ਮੌਕੇ ਤੋਂ ਇੱਕ ਏ.ਕੇ ਰਾਈਫਲ ਅਤੇ ਇਕ ਇਨਸਾਸ ਰਾਈਫਲ ਬਰਾਮਦ ਕੀਤੀ ਗਈ। ਕੁੱਲਗਾਮ ਜ਼ਿਲ੍ਹੇ ਵਿੱਚ ਵੀ ਸ਼ਨੀਵਾਰ ਨੂੰ ਦੋ ਅੱਤਵਾਦੀ ਵੀ ਮਾਰੇ ਗਏ। ਸਰਕਾਰੀ ਅੰਕੜਿਆਂ ਮੁਤਾਬਕ ਕੇਂਦਰ ਸ਼ਾਸਤ ਪ੍ਰਦੇਸ਼ ਵਿੱਚ ਇਸ ਸਾਲ 100 ਤੋਂ ਵੱਧ ਅੱਤਵਾਦੀ ਮਾਰੇ ਗਏ ਹਨ। ਇਨ੍ਹਾਂ 'ਚ 10 ਵੱਖ-ਵੱਖ ਅੱਤਵਾਦੀ ਸੰਗਠਨਾਂ ਦੇ ਕਮਾਂਡਰ ਵੀ ਸ਼ਾਮਲ ਹਨ। ਅਧਿਕਾਰੀਆਂ ਨੇ ਦੱਸਿਆ ਕਿ ਅਪ੍ਰੈਲ ਵਿੱਚ 28 ਅੱਤਵਾਦੀ ਮਾਰੇ ਗਏ।