ਸ੍ਰੀਨਗਰ: ਕਸ਼ਮੀਰ ਜ਼ੋਨ ਪੁਲਿਸ ਮੁਤਾਬਕ ਐਤਵਾਰ ਨੂੰ ਪੁਲਾਵਾਮਾ ਜ਼ਿਲ੍ਹੇ ਦੇ ਤ੍ਰਾਲ ਖੇਤਰ ਵਿੱਚ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਾਲੇ ਹੋਏ ਮੁਕਾਬਲੇ ਵਿੱਚ ਘੱਟੋ ਘੱਟ 3 ਕਥਿਤ ਅੱਤਵਾਦੀ ਮਾਰੇ ਗਏ ਹਨ। ਸੁਰੱਖਿਆ ਬਲਾਂ ਨੇ ਤਲਾਸ਼ੀ ਦੌਰਾਨ ਅੱਤਵਾਦੀਆਂ ਤੋਂ ਹਥਿਆਰ ਅਤੇ ਗੋਲਾ ਬਾਰੂਦ ਬਰਾਮਦ ਵੀ ਬਰਾਮਦ ਕੀਤੇ ਹਨ।
ਜਾਣਕਾਰੀ ਮੁਤਾਬਕ ਮਾਰੇ ਗਏ ਅੱਤਵਾਦੀਆਂ ਦੀ ਪਛਾਣ ਦਾ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਐਤਵਾਰ ਨੂੰ ਕਸ਼ਮੀਰ ਜ਼ੋਨ ਦੀ ਪੁਲਿਸ ਵੱਲੋਂ ਇੱਕ ਟਵੀਟ ਕਰ ਇਸ ਬਾਰੇ ਜਾਣਕਾਰੀ ਦਿੱਤੀ ਗਈ ਹੈ।
ਪੁਲਿਸ ਅਧਿਕਾਰੀ ਨੇ ਦੱਸਿਆ ਕਿ ਅੱਤਵਾਦੀਆਂ ਅਤੇ ਸੁਰੱਖਿਆ ਬਲਾਂ ਦਰਮਿਆਨ ਮੁਠਭੇੜ ਸਵੇਰੇ ਤੜਕੇ ਦੱਖਣੀ ਕਸ਼ਮੀਰ ਜ਼ਿਲ੍ਹੇ ਦੇ ਤ੍ਰਾਲ ਦੇ ਗੁਲਸ਼ਨਪੋਰਾ ਖੇਤਰ 'ਚ ਸ਼ੁਰੂ ਹੋਈ ਸੀ। ਖੁਫੀਆ ਜਾਣਕਾਰੀ ਮਿਲਣ ਤੋਂ ਬਾਅਦ ਸੁਰੱਖਿਆ ਬਲਾਂ ਨੇ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਦੀ ਸ਼ੁਰੂਆਤ ਕੀਤੀ।
ਪੁਲਿਸ ਅਧਿਕਾਰੀ ਨੇ ਕਿਹਾ ਕਿ ਜਦੋਂ ਫੋਰਸ ਤਲਾਸ਼ੀ ਲੈ ਰਹੇ ਸਨ ਤਾਂ ਅੱਤਵਾਦੀਆਂ ਨੇ ਉਨ੍ਹਾਂ 'ਤੇ ਫਾਇਰਿੰਗ ਕਰ ਦਿੱਤੀ, ਜਿਸ ਨਾਲ ਮੁਠਭੇੜ ਸ਼ੁਰੂ ਹੋ ਗਈ। ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਜੰਮੂ-ਕਸ਼ਮੀਰ ’ਚ ਸੁਰੱਖਿਆ ਬਲਾਂ ਨੇ ਸ੍ਰੀਨਗਰ-ਜੰਮੂ ਰਾਸ਼ਟਰੀ ਰਾਜਮਾਰਗ ਉੱਤੇ ਹਿਜ਼ਬੁਲ ਮੁਜਾਹਿਦੀਨ ਦੇ ਦੋ ਅੱਤਵਾਦੀਆਂ ਨਾਲ ਡੀਐਸਪੀ ਨੂੰ ਵੀ ਗ੍ਰਿਫ਼ਤਾਰ ਕੀਤਾ ਸੀ। ਸੁਰੱਖਿਆ ਬਲਾਂ ਨੇ ਉਨ੍ਹਾਂ ਤਿੰਨਾਂ ਕੋਲੋਂ ਤਿੰਨ ਏਕੇ-47 ਰਾਈਫ਼ਲਾਂ ਤੋਂ ਇਲਾਵਾ ਹੋਰ ਗੋਲ਼ੀ-ਸਿੱਕਾ ਵੀ ਬਰਾਮਦ ਹੋਇਆ ਸੀ।