ਨਵੀਂ ਦਿੱਲੀ: ਦਿੱਲੀ ਦੀ ਸਾਬਕਾ ਮੁੱਖ ਮੰਤਰੀ ਸ਼ੀਲਾ ਦੀਕਸ਼ਿਤ ਦਾ ਅੰਤਿਮ ਸਸਕਾਰ ਕਰ ਦਿੱਤਾ ਗਿਆ ਹੈ। ਦਿੱਲੀ ਦੇ ਨਿਗਮ ਬੋਧ ਘਾਟ 'ਤੇ ਮੌਜੂਦ ਵੱਡੀ ਗਿਣਤੀ ਵਿੱਚ ਲੋਕਾਂ ਨੇ ਉਨ੍ਹਾਂ ਨੂੰ ਭਿੱਜੀਆਂ ਅੱਖਾਂ ਨਾਲ ਵਿਦਾਈ ਦਿੱਤੀ।
ਸ਼ੀਲਾ ਦੀਕਸ਼ਿਤ ਨੂੰ ਵਿਦਾਈ ਦੇਣ ਵੇਲੇ ਯੂਪੀਏ ਦੀ ਪ੍ਰਧਾਨ ਸੋਨੀਆ ਗਾਂਧੀ, ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ, ਗ੍ਰਹਿ ਮੰਤਰੀ ਅਮਿਤ ਸ਼ਾਹ, ਸਾਬਕਾ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ, ਅਹਿਮਦ ਪਟੇਲ ਸਣੇ ਕਈ ਵੱਡੇ ਆਗੂ ਮੌਜੂਦ ਸਨ। ਇਸ ਤੋਂ ਇਲਾਵਾ ਦਿੱਲੀ ਦੇ ਉਪਰਾਜਪਾਲ ਅਨਿਲ ਬੈਜਲ ਤੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਮੱਧ ਪ੍ਰੱਦੇਸ਼ ਦੇ ਮੁੱਖ ਮੰਤਰੀ ਕਮਲਨਾਥ ਨੇ ਵੀ ਸ਼ਮਸ਼ਾਨ ਘਾਟ ਪੁੱਜ ਕੇ ਆਪਣੇ ਪਿਆਰੇ ਨੇਤਾ ਨੂੰ ਅੰਤਿਮ ਵਿਦਾਈ ਦਿੱਤੀ।
ਅੰਤਿਮ ਸਸਕਾਰ ਵੇਲੇ ਸ਼ਮਸ਼ਾਨ ਘਾਟ 'ਤੇ ਸ਼ੀਲਾ ਦੀਕਸ਼ਿਤ ਅਮਰ ਰਹੇ ਦੇ ਨਾਅਰੇ ਲਾਏ ਗਏ।ਇਸ ਤੋਂ ਪਹਿਲਾਂ ਸ਼ੀਲਾ ਦੀਕਸ਼ਿਤ ਦੀ ਮ੍ਰਿਤਕ ਦੇਹ ਨੂੰ ਕਾਂਗਰਸ ਦੇ ਦਫ਼ਤਰ 24 ਅਕਬਰ ਰੋਡ ਵਿੱਚ ਰੱਖਿਆ ਗਿਆ ਸੀ ਜਿੱਥੇ ਸੋਨੀਆ ਗਾਂਧੀ, ਪ੍ਰਿਅੰਕਾ ਗਾਂਧੀ ਤੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੇ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ ਸੀ। ਦੱਸ ਦਈਏ, ਬੀਤੇ ਦਿਨੀਂ ਸ਼ੀਲਾ ਦੀਕਸ਼ਿਤ ਲੰਮੇਂ ਸਮੇਂ ਤੋਂ ਬਿਮਾਰ ਚੱਲ ਰਹੀ ਸੀ ਤੇ ਦਿਲ ਦਾ ਦੌਰਾ ਪੈਣ ਕਾਰਨ ਐਸਕਾਰਟ ਹਸਪਤਾਲ 'ਚ ਉਨ੍ਹਾਂ ਦੀ ਮੌਤ ਹੋ ਗਈ।