ਨਵੀਂ ਦਿੱਲੀ: ਪੂਰੀ ਦੁਨੀਆ 'ਚ ਕੋਰੋਨਾ ਮਹਾਂਮਾਰੀ ਨੇ ਤਬਾਹੀ ਮਚਾਈ ਹੋਈ ਹੈ। ਭਾਰਤ ਵਿੱਚ ਮਰੀਜ਼ਾਂ ਦਾ ਆਂਕੜਾ 5 ਲੱਖ ਤੋਂ ਪਾਰ ਹੋ ਗਿਆ ਹੈ। ਅਜਿਹੇ 'ਚ ਇਸ ਲਾਗ ਨਾਲ ਨਜਿੱਠਣ ਲਈ ਸੂਬਾ ਸਰਕਾਰਾਂ ਵੱਲੋਂ ਕੋਸ਼ਿਸ਼ਾਂ ਜਾਰੀ ਹਨ। ਇਸ ਮੌਕੇ ਕੇਂਦਰੀ ਗ੍ਰਹਿ ਰਾਜ ਮੰਤਰੀ ਜੀ.ਕ੍ਰਿਸ਼ਨ ਰੈਡੀ ਨੇ ਈਟੀਵੀ ਭਾਰਤ ਨਾਲ ਖ਼ਾਸ ਗੱਲਬਾਤ ਕੀਤੀ। ਜੀ.ਰੈਡੀ ਨੇ ਦੱਸਿਆ ਕਿ ਇਸ ਭਿਆਨਕ ਬਿਮਾਰੀ ਤੋਂ ਬਚਾਅ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਲਗਾਤਾਰ ਨਜ਼ਰ ਰੱਖੇ ਹੋਏ ਹਨ।
ਸੂਬਿਆਂ ਨਾਲ ਮਿਲ ਕੇ ਕੀਤਾ ਜਾ ਰਿਹਾ ਕੰਮ
ਜੀ ਕ੍ਰਿਸ਼ਨ ਰੈਡੀ ਨੇ ਕਿਹਾ ਕਿ ਕੇਂਦਰ ਸਰਕਾਰ ਰਾਜਾਂ ਨਾਲ ਨਿਰੰਤਰ ਠੋਸ ਰਣਨੀਤੀ ਤਿਆਰ ਕਰ ਰਹੀ ਹੈ ਅਤੇ ਇਸ ਨੂੰ ਲਾਗੂ ਵੀ ਕੀਤਾ ਜਾ ਰਿਹਾ ਹੈ। ਸਾਰੇ ਰਾਜਾਂ ਨੂੰ ਫੰਡ ਦਿੱਤੇ ਜਾ ਰਹੇ ਹਨ। ਸੂਬਾ ਸਰਕਾਰਾਂ ਨੂੰ ਮਾਸਕ, ਪੀਪੀਈ ਕਿੱਟਾਂ ਅਤੇ ਦਵਾਈਆਂ ਵੀ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਰਾਜ ਸਰਕਾਰਾਂ ਨਾਲ ਨਿਰੰਤਰ ਸੰਪਰਕ ਵਿੱਚ ਹੈ ਅਤੇ ਉਨ੍ਹਾਂ ਸਾਰੀਆਂ ਸੂਬਾ ਸਰਕਾਰਾਂ 'ਤੇ ਨਿਰੰਤਰ ਨਿਗਰਾਨੀ ਰੱਖੀ ਹੋਈ ਹੈ।
ਰਾਜਨੀਤੀ ਤੋਂ ਉਪਰ ਉੱਠ ਕਰਨਾ ਪਏਗਾ ਕੰਮ
ਉਨ੍ਹਾਂ ਦਾ ਕਹਿਣਾ ਹੈ ਕਿ ਸਾਰੀਆਂ ਸੂਬਾ ਸਰਕਾਰਾਂ ਨੂੰ ਰਾਜਨੀਤੀ ਤੋਂ ਉਪਰ ਉੱਠ ਕੇ ਇਸ ਮਹਾਂਮਾਰੀ ਵਿਰੁੱਧ ਲੜਨਾ ਚਾਹੀਦਾ ਹੈ। ਹਰ ਕਿਸੇ ਨੂੰ ਰਾਜਨੀਤੀ ਤੋਂ ਉਪਰ ਉੱਠ ਕੇ ਕੰਮ ਕਰਨਾ ਹੋਵੇਗਾ। ਨਾਲ ਹੀ, ਉਨ੍ਹਾਂ ਸਾਰੇ ਰਾਜਾਂ ਨੂੰ ਕੇਂਦਰ ਸਰਕਾਰ ਵੱਲੋਂ ਹਰ ਸੰਭਵ ਮਦਦ ਦੇਣ ਦਾ ਭਰੋਸਾ ਦਿੱਤਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਕੋ ਟੀਚਾ ਕੋਵਿਡ ਨੂੰ ਹਰਾਉਣਾ ਅਤੇ ਭਾਰਤ ਨੂੰ ਜਿਤਾਉਣਾ ਹੈ।
ਦੇਸ਼ ਦੇ ਲੋਕਾਂ ਨੂੰ ਕੀਤਾ ਜਾਗਰੂਕ
ਕੇਂਦਰੀ ਗ੍ਰਹਿ ਰਾਜ ਮੰਤਰੀ ਨੇ ਦੇਸ਼ ਦੇ ਸਾਰੇ ਲੋਕਾਂ ਨੂੰ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਹੈ। ਉਨ੍ਹਂ ਮਾਸਕ ਲਗਾਉਣ ਅਤੇ ਸਮਾਜਕ ਦੂਰੀਆਂ ਦੀ ਪਾਲਣਾ ਕਰਨ ਅਤੇ ਸੈਨੇਟਾਇਜ਼ਰ ਨਾਲ ਰੱਖਣ ਦੀ ਅਪੀਲ ਕੀਤੀ।