ਨਵੀਂ ਦਿੱਲੀ :ਰਾਜਧਾਨੀ ਦਿੱਲੀ ਦੇ ਬਾਰਡਾਰਾਂ 'ਤੇ ਲਗਾਤਾਰ ਕਿਸਾਨ ਅੰਦੋਲਨ ਜਾਰੀ ਹੈ। ਇਸ ਅੰਦੋਲਨ 'ਚ ਸ਼ੰਭੂ ਬਾਰਡਰ 'ਤੇ ਵੱਡੀ ਗਿਣਤੀ 'ਚ ਔਰਤਾਂ ਵੀ ਧਰਨੇ 'ਚ ਸ਼ਮੂਲੀਅਤ ਕਰ ਰਹੀਆਂ ਹਨ। ਖੁਦਕੁਸ਼ੀਆਂ ਕਰਨ ਵਾਲੇ ਕਿਸਾਨਾਂ ਦੇ ਪਰਿਵਾਰਕ ਮੈਂਬਰਾਂ ਨੇ ਈਟੀਵੀ ਭਾਰਤ ਨਾਲ ਆਪਣਾ ਦੁੱਖ ਸਾਂਝਾ ਕੀਤਾ।
ਈਟੀਵੀ ਭਾਰਤ ਨਾਲ ਆਪਣਾ ਦੁੱਖ ਸਾਂਝਾ ਕਰਦੇ ਹੋਏ ਖੁਦਕੁਸ਼ੀਆਂ ਕਰਨ ਵਾਲੇ ਕਿਸਾਨਾਂ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਕਰਜ਼ੇ ਕਾਰਨ ਉਨ੍ਹਾਂ ਦੇ ਪਰਿਵਾਰ ਪੂਰੀ ਤਰ੍ਹਾਂ ਤਬਾਹ ਹੋ ਗਏ। ਪੰਜਾਬ ਤੋਂ ਕਿਸਾਨ ਅੰਦੋਲਨ 'ਚ ਸ਼ਮੂਲੀਅਤ ਕਰਨ ਵਾਲੀਆਂ ਮ੍ਰਿਤਕ ਕਿਸਾਨਾਂ ਦੀਆਂ ਪਤਨੀਆਂ ਨੇ ਦੱਸਿਆ ਕਰਜ਼ੇ ਦੇ ਚਲਦੇ ਉਨ੍ਹਾਂ ਦੇ ਪਤੀ, ਪਿਤਾ ਜਾਂ ਪੁੱਤਰ ਨੇ ਖ਼ੁਦਕੁਸ਼ੀ ਤਾਂ ਕਰ ਲਈ, ਅੱਜ ਉਨ੍ਹਾਂ ਦੇ ਪਰਿਵਾਰਾਂ ਦੇ ਹਾਲਾਤ ਹੋਰ ਬਦਤਰ ਹੋ ਚੁੱਕੇ ਹਨ। ਕੁੱਝ ਪਰਿਵਾਰ ਅਜਿਹੇ ਵੀ ਹਨ ਜਿਨ੍ਹਾਂ ਦੀਆਂ ਦੋ ਤੋਂ ਤਿੰਨ ਪੀੜੀਆਂ ਨੇ ਕਰਜ਼ੇ ਕਾਰਨ ਖ਼ੁਦਕੁਸ਼ੀ ਕਰ ਲਈ। ਉਸ ਮਗਰੋਂ ਉਨ੍ਹਾਂ ਦੀਆਂ ਜ਼ਮੀਨਾਂ ਵਿੱਕ ਗਈਆਂ।
ਮ੍ਰਿਤਕ ਕਿਸਾਨਾਂ ਦੀਆਂ ਪਤਨੀਆਂ ਮੁਤਾਬਕ ਉਨ੍ਹਾਂ ਨੂੰ ਸਰਕਾਰ ਵੱਲੋਂ ਕਿਸੇ ਤਰ੍ਹਾਂ ਦੀ ਕੋਈ ਸਰਕਾਰੀ ਸਹੂਲਤਾਂ ਨਹੀਂ ਮਿਲਿਆਂ। ਇਸ ਤੋਂ ਇਲਾਵਾ ਬੈਂਕਾਂ ਵੱਲੋਂ ਵੀ ਇਨ੍ਹਾਂ ਔਰਤਾਂ ਨੂੰ ਕਰਜ਼ੇ ਵਿੱਚ ਕਿਸੇ ਤਰ੍ਹਾਂ ਦੀ ਕੋਈ ਰਿਆਇਤ ਨਹੀਂ ਦਿੱਤੀ ਗਈ। ਉਨ੍ਹਾਂ ਕਿਹਾ ਕਿ ਉਹ ਪਹਿਲਾਂ ਤੋਂ ਹੀ ਕਰਜ਼ੇ ਦੀ ਮਾਰ ਝੱਲ ਰਹੀਆਂ ਹਨ ਤੇ ਕਰਜ਼ਾ ਮੋੜਨ 'ਚ ਅਸਮਰਥਨ ਹਨ। ਹੁਣ ਕੇਂਦਰ ਦੀ ਮੋਦੀ ਸਰਕਾਰ ਉਨ੍ਹਾਂ 'ਤੇ ਕਿਸਾਨ ਵਿਰੋਧੀ ਖੇਤੀ ਕਾਨੂੰਨ ਥੋਪ ਕੇ ਉਨ੍ਹਾਂ ਦੀਆਂ ਜ਼ਮੀਨਾਂ ਖੋਹਣਾ ਚਾਹੁੰਦੀ ਹੈ। ਇਸ ਲਈ ਉਹ ਆਪਣੇ ਹੱਕਾਂ ਦੀ ਲੜ੍ਹਾਈ ਲਈ ਕਿਸਾਨ ਅੰਦੋਲਨ 'ਚ ਸ਼ਾਮਲ ਹੋਈਆਂ ਹਨ। ਉਨ੍ਹਾਂ ਮੋਦੀ ਸਰਕਾਰ ਕੋਲੋਂ ਜਲਦ ਤੋਂ ਜਲਦ ਖੇਤੀ ਕਾਨੂੰਨ ਰੱਦ ਕੀਤੇ ਜਾਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਜਦੋਂ ਤੱਕ ਖੇਤੀ ਕਾਨੂੰਨ ਰੱਦ ਨਹੀਂ ਹੋਣਗੇ ਉਹ ਸਭ ਅੰਦੋਲਨ 'ਚ ਡੱਟੇ ਰਹਿਣਗੇ।