ਸ੍ਰੀਨਗਰ: ਨੈਸ਼ਨਲ ਕਾਨਫ਼ਰੰਸ ਦੇ ਪ੍ਰਧਾਨ ਫਾਰੂਕ ਅਬਦੁੱਲਾ ਦੀ ਭੈਣ ਅਤੇ ਧੀ ਸਣੇ ਮਹਿਲਾ ਪ੍ਰਦਰਸ਼ਨਕਾਰੀ ਨੂੰ ਬੁੱਧਵਾਰ ਸ਼ਾਮ ਨੂੰ ਅਦਾਲਤ ਨੇ ਜ਼ਮਾਨਤ 'ਤੇ ਰਿਹਾਅ ਕਰ ਦਿੱਤਾ ਗਿਆ ਹੈ। ਮੰਗਲਵਾਰ ਨੂੰ ਇੱਕ ਰੋਸ ਮਾਰਚ ਤੋਂ ਬਾਅਦ ਉਨ੍ਹਾਂ ਨੂੰ ਗ੍ਰਿਫਤਾਰ ਕੀਤਾ ਗਿਆ ਸੀ।
ਅਧਿਕਾਰੀਆਂ ਨੇ ਦੱਸਿਆ ਕਿ ਅਬਦੁੱਲਾ ਦੀ ਭੈਣ ਸੁਰਈਆ ,ਧੀ ਸਫਿਆ ਅਤੇ 11 ਹੋਰ ਮਹਿਲਾਵਾਂ ਨੇ ਅਪਰਾਧਿਕ ਦੰਡ ਜ਼ਾਬਤਾ ਦੀ ਧਾਰਾ 107 ਦੇ ਤਹਿਤ 10 ਹਜ਼ਾਰ ਰੁਪਏ ਦਾ ਨਿੱਜੀ ਮੁਚਲਕਾ ਭਰਨ ਅਤੇ 40,000 ਰੁਪਏ ਦੀ ਜ਼ਮਾਨਤ ਦਾ ਭਰੋਸਾ ਦਿੱਤਾ ਸੀ ਕਿ ਉਹ ਸ਼ਾਂਤੀ ਬਣਾਈ ਰੱਖਣਗੇ।
ਸ੍ਰੀਨਗਰ ਕੇਂਦਰੀ ਜੇਲ੍ਹ ਵਿੱਚ ਬੰਦ ਮਹਿਲਾਵਾਂ ਨੂੰ ਬੁੱਧਵਾਰ ਸ਼ਾਮ ਨੂੰ 6 ਵਜੇ ਮੁੱਖ ਜੁਡੀਸ਼ੀਅਲ ਮੈਜਿਸਟਰੇਟ ਵੱਲੋਂ ਜ਼ਮਾਨਤ ਮਿਲਣ ਤੋਂ ਬਾਅਦ ਰਿਹਾਅ ਕੀਤਾ ਗਿਆ। ਅਬਦੁੱਲਾ ਦੀ ਭੈਣ ਸੁਰਈਆ ਅਤੇ ਉਨ੍ਹਾਂ ਦੀ ਧੀ, ਜੋ ਕਿ ਮੰਗਲਵਾਰ ਨੂੰ ਉਸ ਵੇਲੇ ਹਿਰਾਸਤ ਵਿੱਚ ਲਿਆ ਸੀ ਜਿਸ ਵੇਲੇ ਉਹ ਪ੍ਰਦਰਸ਼ਨਕਾਰੀਆਂ ਦੇ ਇਕ ਸਮੂਹ ਦੀ ਅਗਵਾਈ ਕਰ ਰਹੀਆਂ ਸਨ। ਸਾਫੀਆ ਨੂੰ ਪੁਲਿਸ ਨੇ ਪਹਿਲਾਂ ਹੀ ਹਿਰਾਸਤ ਵਿੱਚ ਲੈ ਲਿਆ ਅਤੇ ਬਾਅਦ ਵਿੱਚ ਹੋਰਨਾਂ ਲੋਕਾਂ ਨੂੰ ਗ੍ਰਿਫ਼ਤਾਰ ਕਰ ਲਿਆ।
ਇਸ ਸਮੇਂ ਦੌਰਾਨ, ਪੁਲਿਸ ਨੇ ਪ੍ਰਦਰਸ਼ਨਕਾਰੀਆਂ ਦੀ ਕਵਰੇਜ ਲਈ ਪਹੁੰਚੇ ਪੱਤਰਕਾਰਾਂ ਨੂੰ ਵੀ ਰੋਕ ਦਿੱਤਾ ਗਿਆ। ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਅਸੀਂ ਕਸ਼ਮੀਰ ਦੀਆਂ ਔਰਤਾਂ ਧਾਰਾ 370 ਅਤੇ ਆਰਟੀਕਲ 35 ਏ ਨੂੰ ਹਟਾਉਣ ਅਤੇ ਸੂਬੇ ਨੂੰ ਦੋ ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿੱਚ ਵੰਡਣ ਦੇ ਭਾਰਤ ਸਰਕਾਰ ਦੇ ਇਕਪਾਸੜ ਫੈਸਲੇ ਨੂੰ ਰੱਦ ਕਰਦੇ ਹਾਂ।
ਇਹ ਵੀ ਪੜ੍ਹੋ :ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿੱਚ ਮਨਾਇਆ ਗਿਆ ਵਿਸ਼ਵ ਭੋਜਨ ਦਿਵਸ
ਇਸ ਦੇ ਨਾਲ ਹੀ ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਔਰਤਾਂ ਨੇ ਆਪਣੀਆਂ ਬਾਹਾਂ 'ਤੇ ਕਾਲੀਆਂ ਪੱਟੀਆਂ ਬੰਨ ਕੇ ਪ੍ਰਦਰਸ਼ਨ ਕਰ ਰਹੀਆਂ ਸਨ। ਕੇਂਦਰ ਸਰਕਾਰ ਵੱਲੋਂ ਇਸ ਦੀ ਆਗਿਆ ਨਹੀਂ ਸੀ। ਪੁਲਿਸ ਨੇ ਪ੍ਰਦਰਸ਼ਨਕਾਰੀਆਂ ਨੂੰ ਸ਼ਾਂਤੀ ਨਾਲ ਵਾਪਸ ਜਾਣ ਲਈ ਕਿਹਾ। ਪੁਲਿਸ ਦੇ ਮੁਤਾਬਕ ਬੇਨਤੀ ਕੀਤੇ ਜਾਣ ਦੇ ਬਾਵਜੂਦ ਔਰਤਾਂ ਨੇ ਵਾਪਸ ਜਾਣ ਤੋਂ ਇਨਕਾਰ ਕਰ ਦਿੱਤਾ ਅਤੇ ਧਰਨਾ ਪ੍ਰਦਰਸ਼ਨ ਕਰਨ ਦੀ ਕੋਸ਼ਿਸ਼ ਕੀਤੀ।