ਨਵੀਂ ਦਿੱਲੀ: ਨਾਗਰਿਕਤਾ ਸੋਧ ਐਕਟ ਦੇ ਵਿਰੋਧ 'ਚ ਦੇਸ਼ਭਰ ਵਿੱਚ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਉੱਥੇ ਹੀ ਸੀਏਏ ਖ਼ਿਲਾਫ਼ ਸੋਸ਼ਲ ਮੀਡੀਆ ’ਤੇ ਇਤਰਾਜ਼ਯੋਗ ਟਿੱਪਣੀਆਂ ਕਰਨ ਵਾਲੇ ਆਮ ਆਦਮੀ ਪਾਰਟੀ ਦੇ ਵਿਧਾਇਕ ਅਮਾਨਤੁੱਲਾ ਖ਼ਾਨ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ।
ਗਾਜ਼ੀਆਬਾਦ ਦੇ ਰਹਿਣ ਵਾਲੇ ਇੱਕ ਨੌਜਵਾਨ ਨੇ 'ਆਪ' ਵਿਧਾਇਕ 'ਤੇ ਇਲਜ਼ਾਮ ਲਗਾਇਆ ਹੈ ਕਿ ਅਮਾਨਤੁੱਲਾ ਖਾਨ ਨੇ ਆਪਣੇ ਸੋਸ਼ਲ ਮੀਡੀਆ ਅਕਾਉਂਟ ਤੋਂ ਨਾਗਰਿਕਤਾ ਕਾਨੂੰਨ' ਤੇ ਇਤਰਾਜ਼ਯੋਗ ਟਿੱਪਣੀ ਕੀਤੀ ਸੀ। ਅਮਤੁੱਲਾਹ ਖਾਨ ਨੇ ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਨਾਗਰਿਕਤਾ ਕਾਨੂੰਨ ਵਿਰੁੱਧ ਪ੍ਰਦਰਸ਼ਨਾਂ ਵਿੱਚ ਵੀ ਹਿੱਸਾ ਲਿਆ ਸੀ। ਜਾਮੀਆ ਖੇਤਰ ਦੀ ਹਿੰਸਾ ਮਾਮਲੇ ਵਿੱਚ ਅਮਾਨਤੁੱਲਾ ਖ਼ਾਨ ਦਾ ਨਾਮ ਵੀ ਸਾਹਮਣੇ ਆਇਆ, ਹਾਲਾਂਕਿ ਉਨ੍ਹਾਂ ਨੇ ਇਸ ਤੋਂ ਇਨਕਾਰ ਕਰ ਦਿੱਤਾ ਸੀ। ਅਮਨਤੁੱਲਾਹ ਖਾਨ 'ਤੇ ਐਫਆਈਆਰ ਵਿੱਚ ਦੋਸ਼ ਲਾਇਆ ਗਿਆ ਹੈ ਕਿ ਉਨ੍ਹਾਂ ਨੇ ਦਿੱਲੀ ਚ ਵਿੱਤੀ ਸਹਾਇਤਾ ਅਤੇ ਨੌਕਰੀਆਂ 'ਚ ਮੁਜ਼ਾਹਰਾਕਾਰੀਆਂ ਨੂੰ ਭਰੋਸਾ ਦੇ ਕੇ ਭਾਈਚਾਰੇ ਦੇ ਮਨਾਂ ਵਿੱਚ ਨਫਰਤ ਫੈਲਾਉਣ ਦਾ ਕੰਮ ਕੀਤਾ ਹੈ। ਉਨ੍ਹਾਂ ਦੇ ਇਸ ਕੰਮ ਨੇ ਹਿੰਸਕ ਵਿਰੋਧ ਪ੍ਰਦਰਸ਼ਨਾਂ ਨੂੰ ਜਨਮ ਦਿੱਤਾ ਜਿਸਨੇ ਦਿੱਲੀ ਦਾ ਮਾਹੌਲ ਖਰਾਬ ਕਰ ਦਿੱਤਾ ਹੈ। ਸ਼ਿਕਾਇਤ 'ਚ ਇਹ ਵੀ ਕਿਹਾ ਗਿਆ ਹੈ ਕਿ ਧਰਮ ਨਿਰਪੱਖ ਦੇਸ਼ 'ਚ ਕਿਸੇ ਨਾਲ ਵੀ ਕੋਈ ਵਿਤਕਰਾ ਨਹੀਂ ਹੁੰਦਾ। ਇਸ ਲਈ ਨਫਰਤ ਫੈਲਾ ਕੇ ਹਿੰਸਾ ਭੜਕਾਉਣ ਲਈ ਜ਼ਿੰਮੇਵਾਰ ਆਮ ਆਦਮੀ ਪਾਰਟੀ ਦੇ ਵਿਧਾਇਕ ਅਮਾਨਤੁੱਲਾ ਖ਼ਾਨ ਖ਼ਿਲਾਫ਼ ਕੇਸ ਦਰਜ ਕੀਤਾ ਜਾਣਾ ਚਾਹੀਦਾ ਹੈ ਅਤੇ ਬਣਦੀ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।