ਗੁਵਹਾਟੀ: ਪਿਛਲੇ ਕੁਝ ਦਿਨਾਂ ਤੋਂ ਅਸਾਮ ਵਿੱਚ ਹੋ ਰਹੀ ਭਾਰੀ ਬਾਰਸ਼ ਅਤੇ ਹੜ੍ਹਾਂ ਕਾਰਨ 27 ਜ਼ਿਲ੍ਹਿਆਂ ਦੇ ਤਕਰੀਬਨ 33 ਲੱਖ ਲੋਕ ਪ੍ਰਭਾਵਤ ਹੋਏ ਹਨ। ਅਸਾਮ ਸਟੇਟ ਆਫ਼ਤ ਪ੍ਰਬੰਧਨ ਅਥਾਰਟੀ (ਏਐਸਡੀਐਮਏ) ਦੀ ਰਿਪੋਰਟ ਦੇ ਅਨੁਸਾਰ ਪਿਛਲੇ 24 ਘੰਟਿਆਂ ਦੌਰਾਨ ਵੱਖ-ਵੱਖ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ 9 ਲੋਕਾਂ ਦੀ ਮੌਤ ਹੋ ਗਈ ਹੈ।
ਏਐਸਡੀਐਮਏ ਅਧਿਕਾਰੀਆਂ ਨੇ ਦੱਸਿਆ ਕਿ ਮੰਗਲਵਾਰ ਨੂੰ 44,000 ਲੋਕਾਂ ਨੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਖੋਲ੍ਹੇ ਗਏ ਵੱਖ-ਵੱਖ ਰਾਹਤ ਕੈਂਪਾਂ ਵਿੱਚ ਪਨਾਹ ਲਈ। ਹੜ੍ਹ ਦੇ ਪਾਣੀਆਂ ਨੇ ਇੱਕ ਲੱਖ ਹੈਕਟੇਅਰ ਤੋਂ ਵੱਧ ਖੇਤੀਬਾੜੀ ਜ਼ਮੀਨਾਂ ਨੂੰ ਨੁਕਸਾਨ ਪਹੁੰਚਾਇਆ ਹੈ।
ਜ਼ਿਲ੍ਹਾ ਪ੍ਰਸ਼ਾਸਨ ਨੇ ਐਨਡੀਆਰਐਫ ਅਤੇ ਐਸਡੀਆਰਐਫ ਦੀ ਮਦਦ ਨਾਲ ਰਾਹਤ ਅਤੇ ਬਚਾਅ ਕਾਰਜਾਂ ਨੂੰ ਜਾਰੀ ਰੱਖਿਆ ਹੈ। ਪਿਛਲੇ 24 ਘੰਟਿਆਂ ਵਿੱਚ 7 ਹਜ਼ਾਰ ਤੋਂ ਵੱਧ ਲੋਕਾਂ ਨੂੰ ਬਚਾਇਆ ਗਿਆ ਹੈ।
ਕੇਂਦਰੀ ਜਲ ਕਮਿਸ਼ਨ ਨੇ ਕਿਹਾ ਕਿ ਰਾਜ ਦੀਆਂ ਕਈ ਨਦੀਆਂ ਬ੍ਰਹਮਪੁੱਤਰਾ, ਜੀਆ ਭਰਾਲੀ, ਧਨਸਿਰੀ, ਬੇਕੀ, ਕੁਸ਼ੀਆਰਾ ਸਮੇਤ ਵੱਖ-ਵੱਖ ਥਾਵਾਂ 'ਤੇ ਖ਼ਤਰੇ ਦੇ ਪੱਧਰ ਤੋਂ ਉਪਰ ਵਹਿ ਰਹੀਆਂ ਹਨ।