ਨਵੀਂ ਦਿੱਲੀ: ਜੰਮੂ-ਕਸ਼ਮੀਰ ਦੇ ਉਪ ਰਾਜਪਾਲ ਦੇ ਅਹੁਦੇ ਤੋਂ ਅਸਤੀਫਾ ਦੇਣ ਤੋਂ ਇਕ ਦਿਨ ਬਾਅਦ ਕੇਂਦਰ ਸਰਕਾਰ ਨੇ ਗਿਰੀਸ਼ ਚੰਦਰ ਮੁਰਮੂ ਨੂੰ ਦੇਸ਼ ਦਾ ਨਵਾਂ ਕੰਪਟਰੋਲਰ ਅਤੇ ਆਡੀਟਰ ਜਨਰਲ (ਸੀਏਜੀ) ਨਿਯੁਕਤ ਕੀਤਾ ਹੈ। ਮਰਮੂ ਰਾਜੀਵ ਮਹਾਰਿਸ਼ੀ ਦੀ ਥਾਂ ਲੈਣਗੇ।
ਵਿੱਤ ਮੰਤਰਾਲੇ ਨੇ ਵੀਰਵਾਰ ਨੂੰ ਇਸ ਸਬੰਧ ਵਿਚ ਇਕ ਨੋਟੀਫਿਕੇਸ਼ਨ ਜਾਰੀ ਕੀਤਾ ਹੈ। ਮੁਰਮੂ ਸਨਿੱਚਰਵਾਰ ਨੂੰ ਰਾਸ਼ਟਰਪਤੀ ਭਵਨ ਵਿਖੇ ਸੀਏਜੀ ਵਜੋਂ ਸਹੁੰ ਚੁੱਕਣਗੇ। ਉਨ੍ਹਾਂ ਬੁੱਧਵਾਰ ਨੂੰ ਜੰਮੂ-ਕਸ਼ਮੀਰ ਦੇ ਉਪ ਰਾਜਪਾਲ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ।
1978 ਬੈਚ ਦੇ ਰਾਜਸਥਾਨ ਕੈਡਰ ਦੇ ਆਈਏਐਸ ਅਧਿਕਾਰੀ ਮਹਾਰਿਸ਼ੀ 7 ਅਗਸਤ ਨੂੰ ਆਪਣਾ ਕਾਰਜਕਾਲ ਪੂਰਾ ਕਰ ਰਹੇ ਹਨ। ਮਹਾਰਿਸ਼ੀ ਨੂੰ ਸਾਲ 2017 ਵਿਚ ਸੀਏਜੀ ਨਿਯੁਕਤ ਕੀਤਾ ਗਿਆ ਸੀ। ਉਨ੍ਹਾਂ ਦਾ ਕਾਰਜਕਾਲ ਤਿੰਨ ਸਾਲ ਦਾ ਰਿਹਾ।
ਸਾਬਕਾ ਕੇਂਦਰੀ ਮੰਤਰੀ ਅਤੇ ਸੀਨੀਅਰ ਭਾਜਪਾ ਨੇਤਾ ਮਨੋਜ ਸਿਨਹਾ ਨੂੰ ਜੰਮੂ-ਕਸ਼ਮੀਰ ਦਾ ਨਵਾਂ ਉਪ ਰਾਜਪਾਲ ਨਿਯੁਕਤ ਕੀਤਾ ਗਿਆ ਹੈ। 1985 ਬੈਚ ਦੇ ਗੁਜਰਾਤ ਕੈਡਰ ਦੇ ਆਈਏਐਸ ਅਧਿਕਾਰੀ ਮਰਮੂ ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਕੰਮ ਕਰ ਚੁੱਕੇ ਹਨ। ਉਸ ਸਮੇਂ ਪ੍ਰਧਾਨ ਮੰਤਰੀ ਮੋਦੀ ਗੁਜਰਾਤ ਦੇ ਮੁੱਖ ਮੰਤਰੀ ਸਨ।