ਨਵੀਂ ਦਿੱਲੀ: ਬੀਤੇ ਦਿਨੀਂ ਕੇਂਦਰੀ ਮੰਤਰੀ ਰਾਜਨਾਥ ਸਿੰਘ ਦੇ ਘਰ ਮੰਤਰੀਆਂ ਦੇ ਸਮੂਹ (ਜੀਓਐਮ) ਦੀ ਬੈਠਕ ਹੋਈ। ਇਸ ਬੈਠਕ ਵਿੱਚ ਦੇਸ਼ ਵਿੱਚ ਜਾਰੀ ਲੌਕਡਾਊਨ ਨੂੰ ਲੈ ਕੇ ਵਿਚਾਰ ਚਰਚਾ ਹੋਈ।
ਇਸ ਬੈਠਕ ਵਿੱਚ ਗ੍ਰਹਿ ਮੰਤਰੀ ਅਮਿਤ ਸ਼ਾਹ, ਸੂਚਨਾ ਤੇ ਪ੍ਰਸਾਰਣ ਮੰਤਰੀ ਪ੍ਰਕਾਸ਼ ਜਾਵੜੇਕਰ, ਵਿੱਤ ਮੰਤਰੀ ਨਿਰਮਲਾ ਸੀਤਾਰਮਨ, ਵਣਜ ਮੰਤਰੀ ਪੀਯੂਸ਼ ਗੋਇਲ, ਮਨੁੱਖੀ ਸਰੋਤ ਵਿਕਾਸ ਮੰਤਰੀ ਰਮੇਸ਼ ਪੋਖਰਿਆਲ ਸਣੇ ਹੋਰ ਮੰਤਰੀ ਵੀ ਮੌਜੂਦ ਸਨ।
ਬੈਠਕ ਵਿੱਚ ਲੌਕਡਾਊਨ 'ਤੇ ਕੋਈ ਫ਼ੈਸਲਾ ਨਹੀਂ ਲਿਆ ਗਿਆ ਪਰ ਸਿੱਖਿਆ ਸੰਸਥਾਵਾਂ ਤੇ ਧਾਰਮਿਕ ਸਥਾਨਾਂ ਨੂੰ 15 ਮਈ ਤਕ ਬੰਦ ਰੱਖਣ ਦੀ ਸਿਫ਼ਾਰਸ਼ ਜ਼ਰੂਰ ਕੀਤੀ ਗਈ। ਇਸ ਦੇ ਨਾਲ ਹੀ ਨੇ ਸ਼ਾਪਿੰਗ ਮਾਲਜ਼ ਵੀ 14 ਅਪ੍ਰੈਲ ਤੋਂ ਬਾਅਦ ਚਾਰ ਹਫ਼ਤਿਆਂ ਲਈ ਬੰਦ ਰੱਖਣ ਲਈ ਕਿਹਾ ਹੈ।
ਜੀਓਐਮ ਦੀ ਮੀਟਿੰਗ ਤੋਂ ਬਾਅਦ ਸਿਹਤ ਮੰਤਰਾਲੇ ਨੇ ਦੱਸਿਆ ਕਿ ਇਸ ਹਫ਼ਤੇ ਸਥਿਤੀ ਦੇਖਣ ਤੋਂ ਬਾਅਦ ਹੀ ਲੌਕਡਾਊਨ ਨੂੰ ਲੈ ਕੇ ਫ਼ੈਸਲਾ ਲਿਆ ਜਾਵੇਗਾ। ਕੋਰੋਨਾ ਦੇ ਮਰੀਜ਼ਾਂ ਦੀ ਤੇਜ਼ੀ ਨਾਲ ਵਧਦੀ ਗਿਣਤੀ ਤੇ ਸੂਬਿਆਂ ਦੀ ਮੰਗ ਦੇ ਮੱਦੇਨਜ਼ਰ ਹੋਏ ਲਾਕਡਾਊਨ ਨੂੰ 14 ਅਪ੍ਰੈਲ ਤੋਂ ਬਾਅਦ ਵੀ ਕੁਝ ਦਿਨ ਵਧਾਇਆ ਜਾ ਸਕਦਾ ਹੈ।
ਸਰਕਾਰ ਲੌਕਡਾਊਨ ਨੂੰ ਖ਼ਤਮ ਕਰਨ ਨੂੰ ਲੈ ਕੇ ਇਕ ਵੱਡੀ ਯੋਜਨਾ 'ਤੇ ਵਿਚਾਰ ਕਰ ਰਹੀ ਹੈ ਤਾਂ ਜੋ ਕੋਰੋਨਾ ਨੂੰ ਫੈਲਣ ਤੋਂ ਰੋਕਿਆ ਜਾ ਸਕੇ। ਕਈ ਸੂਬਿਆਂ ਨੇ ਵੀ ਕੇਂਦਰ ਨੂੰ ਅਪੀਲ ਕੀਤੀ ਹੈ ਕਿ ਲੌਕਡਾਊਨ ਵਿੱਚ ਵਾਧਾ ਕੀਤਾ ਜਾਣਾ ਚਾਹੀਦਾ ਹੈ। ਬੁੱਧਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂਆਂ ਨਾਲ ਕੋਰੋਨਾ ਦੇ ਮੁੱਦੇ 'ਤੇ ਚਰਚਾ ਕਰਨਗੇ। ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਸਾਰੇ ਮੁੱਖ ਮੰਤਰੀਆਂ ਨਾਲ ਇਸ ਮੁੱਦੇ 'ਤੇ ਚਰਚਾ ਕਰ ਚੁੱਕੇ ਹਨ।