ਨਵੀਂ ਦਿੱਲੀ: ਪਾਕਿਸਤਾਨ ਦੇ ਗੁਰਦੁਆਰਾ ਪੰਜਾ ਸਾਹਿਬ ਦੇ ਗ੍ਰੰਥੀ ਦੀ ਧੀ ਨੂੰ ਅਗਵਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇਸ ਦਾ ਸਖ਼ਤ ਵਿਰੋਧ ਕੀਤਾ ਹੈ। ਕਮੇਟੀ ਇਸ ਮਾਮਲੇ ਨੂੰ ਲੈ ਕੇ ਵਿਦੇਸ਼ ਮੰਤਰਾਲੇ ਜਾ ਰਹੀ ਹੈ ਅਤੇ ਸੋਮਵਾਰ ਨੂੰ ਪਾਕਿਸਤਾਨ ਹਾਈ ਕਮਿਸ਼ਨ ਅੱਗੇ ਪ੍ਰਦਰਸ਼ਨ ਕਰੇਗੀ।
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਸਨਿੱਚਰਵਾਰ ਨੂੰ ਕਿਹਾ ਕਿ ਪਾਕਿਸਤਾਨ ਵਿਚ ਸਿੱਖਾਂ ਨਾਲ ਹੋ ਰਹੀਆਂ ਵਧੀਕੀਆਂ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ। ਗੁਰੂਦੁਆਰਾ ਪੰਜਾ ਸਾਹਿਬ ਦੇ ਗ੍ਰੰਥੀ ਦੀ ਧੀ ਨੂੰ ਅਗਵਾ ਕਰਨਾ ਸਿੱਖਾਂ ਨੂੰ ਇਹ ਸੰਦੇਸ਼ ਦੇਣਾ ਹੈ ਕਿ ਉਹ ਹੁਣ ਪਾਕਿਸਤਾਨ ਵਿਚ ਸੁਰੱਖਿਅਤ ਨਹੀਂ ਹਨ।
ਸਿਰਸਾ ਨੇ ਕਿਹਾ ਕਿ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਨੂੰ ਇਸ ਗੱਲ 'ਤੇ ਸ਼ਰਮ ਆਉਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਹੋਰ ਧਰਮਾਂ ਦੇ ਲੋਕ ਲਗਾਤਾਰ ਪਾਕਿਸਤਾਨ ਵਿੱਚ ਧਰਮ ਪਰਿਵਰਤਨ ਕਰ ਰਹੇ ਹਨ। ਪਿਛਲੇ ਦਿਨੀਂ ਅਜਿਹੀਆਂ ਕਈ ਘਟਨਾਵਾਂ ਸਾਹਮਣੇ ਆਈਆਂ ਹਨ ਜਿਥੇ ਸਿੱਖ ਔਰਤਾਂ ਨੂੰ ਅਗਵਾ ਕਰਕੇ ਜਬਰਨ ਵਿਆਹ ਕਰਵਾ ਦਿੱਤਾ ਜਾਂਦਾ ਹੈ।
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਿਸ਼ਵ ਭਰ ਦੇ ਸਿੱਖਾਂ ਨਾਲ ਹੋਣ ਵਾਲੇ ਕਿਸੇ ਵੀ ਤਸ਼ੱਦਦ ਬਾਰੇ ਆਪਣੀ ਆਵਾਜ਼ ਬੁਲੰਦ ਕਰਦੀ ਹੈ। ਪਾਕਿਸਤਾਨ ਵਿਚ ਬਣ ਰਹੀਆਂ ਇਨ੍ਹਾਂ ਸਥਿਤੀਆਂ ਨੂੰ ਲੈ ਕੇ ਕਮੇਟੀ ਦੇ ਮੈਂਬਰ ਸਨਿੱਚਰਵਾਰ ਨੂੰ ਦੁਪਹਿਰ 2 ਵਜੇ ਵਿਦੇਸ਼ ਮੰਤਰਾਲੇ ਜਾ ਰਹੇ ਹਨ।
ਦੱਸਿਆ ਗਿਆ ਸੀ ਕਿ ਸੋਮਵਾਰ ਨੂੰ ਪਾਕਿਸਤਾਨੀ ਹਾਈ ਕਮਿਸ਼ਨ ਦੇ ਸਾਹਮਣੇ ਦਿੱਲੀ ਤੋਂ ਗੁਰੂਦੁਆਰਾ ਪ੍ਰਬੰਧਕ ਕਮੇਟੀ ਪਾਕਿਸਤਾਨ ਵਿਚ ਹੋ ਰਹੇ ਤਸ਼ੱਦਦ ਵਿਰੁੱਧ ਪ੍ਰਦਰਸ਼ਨ ਕਰੇਗੀ। ਸਿਰਸਾ ਨੇ ਕਿਹਾ ਕਿ ਗੁਰੂਦੁਆਰਾ ਸਾਹਿਬ ਦੇ ਗ੍ਰੰਥੀ ਨੂੰ ਇਨਸਾਫ ਮਿਲਣਾ ਚਾਹੀਦਾ ਹੈ।