ਨਵੀਂ ਦਿੱਲੀ: ਜੇਡੀਯੂ ਦੇ ਹਰਿਵੰਸ਼ ਨਾਰਾਇਣ ਸਿੰਘ ਲਗਾਤਾਰ ਦੂਸਰੀ ਵਾਰ ਰਾਜ ਸਭਾ ਦੇ ਡਿਪਟੀ ਸਪੀਕਰ ਚੁਣੇ ਗਏ ਹਨ। ਉਨ੍ਹਾਂ ਨੇ ਆਰਜੇਡੀ ਦੇ ਮਨੋਜ ਝਾਅ ਨੂੰ ਭਾਰੀ ਵੋਟਾਂ ਦੇ ਫ਼ਰਕ ਨਾਲ ਹਰਾ ਦਿੱਤਾ। ਹਰਿਵੰਸ਼ ਨਾਰਾਇਣ ਐਨ.ਡੀ.ਏ. ਦੇ ਉਮੀਦਵਾਰ ਸਨ।
ਡਿਪਟੀ ਸਪੀਕਰ ਚੁਣੇ ਜਾਣ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕਾਂਗਰਸ ਨੇਤਾ ਗੁਲਾਮ ਨਬੀ ਆਜ਼ਾਦ ਨੇ ਉਨ੍ਹਾਂ ਨੂੰ ਵਧਾਈ ਦਿੱਤੀ। ਹਰਿਵੰਸ਼ ਆਪਣਾ ਆਖਰੀ ਕਾਰਜਕਾਲ ਪੂਰਾ ਹੋਣ ਤੱਕ ਰਾਜ ਸਭਾ ਦੇ ਡਿਪਟੀ ਸਪੀਕਰ ਰਹੇ। ਉਹ ਇੱਕ ਵਾਰ ਫਿਰ ਬਿਹਾਰ ਤੋਂ ਰਾਜ ਸਭਾ ਮੈਂਬਰ ਚੁਣੇ ਗਏ ਹਨ।
ਦੱਸ ਦਈਏ ਕਿ ਰਾਸ਼ਟਰੀ ਜਨਤਾ ਦਲ (ਆਰ.ਜੇ.ਡੀ.) ਦੇ ਨੇਤਾ ਮਨੋਜ ਝਾਅ ਨੇ 14 ਸਤੰਬਰ ਨੂੰ ਰਾਜ ਸਭਾ ਦੇ ਡਿਪਟੀ ਸਪੀਕਰ ਦੀ ਚੋਣ ਲਈ ਵਿਰੋਧੀ ਧਿਰ ਦੇ ਸਾਂਝੇ ਉਮੀਦਵਾਰ ਵੱਜੋਂ ਸ਼ੁੱਕਰਵਾਰ ਨੂੰ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕਰਵਾਏ ਸਨ। ਨਾਮਜ਼ਦਗੀ ਪੱਤਰ ਦਾਖ਼ਲ ਕਰਨ ਸਮੇਂ ਵਿਰੋਧੀ ਪਾਰਟੀਆਂ ਦੇ ਕਈ ਆਗੂ ਉਸ ਨਾਲ ਮੌਜੂਦ ਸਨ।