ਨਵੀਂ ਦਿੱਲੀ: ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਲੈ ਕੇ ਕਰਤਾਰਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਲਈ ਹਰਿਆਣਾ ਸਰਕਾਰ ਨੇ ਵੱਡਾ ਐਲਾਨ ਕੀਤਾ ਹੈ। ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਹਰਿਆਣਾ ਤੋਂ ਜਾਣ ਵਾਲੀ ਸੰਗਤ ਨੂੰ ਮੁਫ਼ਤ ਯਾਤਰਾ ਕਰਵਾਉਣ ਦਾ ਫ਼ੈਸਲਾ ਕੀਤਾ ਹੈ।
ਹਰਿਆਣਾ ਤੋਂ ਲਗਭਗ 5500 ਸ਼ਰਧਾਲੂ ਕਰਤਾਰਪੁਰ ਜਾ ਰਹੇ ਹਨ। ਖੱਟਰ ਨੇ ਐਲਾਨ ਕਰਦੇ ਕਿਹਾ ਕਿ ਸਰਕਾਰ ਇਨ੍ਹਾਂ ਸੰਗਤਾਂ ਦਾ ਬੱਸ ਅਤੇ ਟਰੇਨ ਦਾ ਕਿਰਾਇਆ ਸਰਕਾਰ ਚੁੱਕੇਗੀ। ਮੁੱਖ ਮੰਤਰੀ ਨੇ ਕਿਹਾ ਕਿ ਪਹਿਲਾਂ ਆਓ ਅਤੇ ਪਹਿਲਾਂ ਪਾਓ ਦੇ ਤਹਿਤ ਜ਼ਿਲ੍ਹਾ ਡਿਪਟੀ ਕਮਿਸ਼ਨਰ ਰਾਹੀਂ ਅਰਜੀ ਜਮ੍ਹਾਂ ਕੀਤੀ ਜਾ ਸਕਦੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਸਰਕਾਰ ਨੇ ਇਹ ਫੈਸਲਾ ਲਿਆ ਹੈ ਤਾਂ ਜੋ ਸ਼ਰਧਾਲੂ ਪੂਰੀ ਆਸਾਨੀ ਨਾਲ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰ ਸਕਣ।
ਦੱਸਦਈਏ ਕਿ ਹਰਿਆਣਾ ਤੋਂ ਪਹਿਲਾ ਦਿੱਲੀ ਸਰਕਾਰ ਨੇ ਵੀ ਦਿੱਲੀ ਤੋਂ ਕਰਤਾਰਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਦਾ ਪੂਰਾ ਖਰਚਾ ਚੁਕਣ ਦਾ ਐਨਾਨ ਕੀਤਾ ਹੈ। 9 ਨਵੰਬਰ ਨੂੰ ਕਰਤਾਰਪੁਰ ਲਾਂਘਾ ਖੁਲਣ ਜਾ ਰਿਹਾ ਹੈ। ਦੇਸ਼ ਭਰ ਵਿੱਚ ਬਾਬੇ ਨਾਨਕ ਦੇ ਪ੍ਰਕਾਸ਼ ਪੁਰਬ ਨੂੰ ਲੈ ਕੇ ਸਮਾਗਮ ਦੀਆਂ ਤਿਆਰੀਆਂ ਚੱਲ ਰਹੀਆਂ ਹਨ।