ਰਾਂਚੀ: ਝਾਰਖੰਡ ਮੁਕਤੀ ਮੋਰਚਾ ਦੇ ਕਾਰਜਕਾਰੀ ਪ੍ਰਧਾਨ ਹੇਮੰਤ ਸੋਰੇਨ ਐਤਵਾਰ ਨੂੰ ਝਾਰਖੰਡ ਦੇ 11ਵੇਂ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ। ਉਨ੍ਹਾਂ ਦੇ ਨਾਲ ਕਾਂਗਰਸ ਦੇ ਸੂਬਾਈ ਪ੍ਰਧਾਨ ਰਾਮੇਸ਼ਵਰ ਉਰਾਂਵ ਵੀ ਸਹੁੰ ਚੁੱਕਣਗੇ।
ਮੰਤਰੀਆਂ ਦੇ ਨਾਵਾਂ ਦੀ ਹਾਲੇ ਸਥਿਤੀ ਸਪਸ਼ਟ ਨਹੀਂ ਹੈ। ਫਿਲਹਾਲ ਕਾਂਗਰਸ ਤੋਂ ਪੰਜ, ਜੇਐੱਮਐੱਮ ਤੋਂ ਛੇ ਤੇ ਆਰਜੇਡੀ ਤੋਂ ਇਕ ਵਿਧਾਇਕ ਨੂੰ ਮੰਤਰੀ ਮੰਡਲ 'ਚ ਸ਼ਾਮਲ ਕਰਨ ਦੇ ਫਾਰਮੂਲੇ 'ਤੇ ਸਹਿਮਤੀ ਹੈ।
ਹੇਮੰਤ ਸੋਰੇਨ ਦੇ ਸਹੁੰ ਚੁੱਕ ਸਮਾਗਮ ਵਿੱਚ ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਤੋਂ ਇਲਾਵਾ ਕਾਂਗਰਸ ਨੇਤਾ ਰਾਹੁਲ ਗਾਂਧੀ ਅਤੇ ਪ੍ਰਿਯੰਕਾ ਵਾਡਰਾ, ਬਹੁਜਨ ਸਮਾਜ ਪਾਰਟੀ (ਬਸਪਾ) ਦੀ ਮੁਖੀ ਮਾਇਆਵਤੀ, ਐਨ ਸੀ ਪੀ ਦੇ ਮੁਖੀ ਸ਼ਰਦ ਪਵਾਰ ਵੀ ਇਸ ਸਮਾਰੋਹ ਵਿੱਚ ਸ਼ਾਮਲ ਹੋ ਸਕਦੇ ਹਨ। ਇਸ ਤੋਂ ਇਲਾਵਾ ਟੀਐਮਸੀ ਮੁਖੀ ਅਤੇ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ, ਸਪਾ ਦੇ ਪ੍ਰਧਾਨ ਅਖਿਲੇਸ਼ ਯਾਦਵ, ਮਹਾਰਾਸ਼ਟਰ ਦੇ ਮੁੱਖ ਮੰਤਰੀ ਉਧਵ ਠਾਕਰੇ, ਡੀਐਮਕੇ ਮੁਖੀ ਐਮ ਕੇ ਸਟਾਲਿਨ, ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਰਾਜਦ ਨੇਤਾ ਤੇਜਸਵੀ ਯਾਦਵ ਵੀ ਸ਼ਾਮਲ ਹੋਣਗੇ।
ਜੇਐਮਐਮ ਆਗੂ ਨੇ ਕਿਹਾ ਕਿ ਸਾਬਕਾ ਮੁੱਖ ਮੰਤਰੀ ਰਘੁਵਰ ਦਾਸ ਅਤੇ ਉਨ੍ਹਾਂ ਦੇ ਮੰਤਰੀ ਮੰਡਲ ਦੇ ਸਾਰੇ ਸਾਥੀ ਮੈਂਬਰਾਂ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਵੀ ਸਹੁੰ ਚੁੱਕ ਸਮਾਰੋਹ ਲਈ ਸੱਦਾ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਹੇਮੰਤ ਸੋਰੇਨ ਦੀ ਸਹੁੰ ਚੁੱਕਣ ਦਾ ਪ੍ਰੋਗਰਾਮ 29 ਦਸੰਬਰ ਨੂੰ ਦੁਪਹਿਰ 2 ਵਜੇ ਇੱਥੋਂ ਦੇ ਮੋਹਾਬਾਦੀ ਗਰਾਉਂਡ 'ਚ ਆਯੋਜਿਤ ਕੀਤਾ ਜਾਵੇਗਾ।