ਸ਼ਿਮਲਾ: ਕੋਰੋਨਾ ਮਹਾਂਮਾਰੀ ਕਾਰਨ ਬੀਤੇ ਤਿੰਨ ਮਹੀਨਿਆਂ ਦੇ ਬੰਦ ਤੋਂ ਬਾਅਦ ਹਿਮਾਚਲ ਪ੍ਰਦੇਸ਼ ਜਲਦੀ ਹੀ ਸੈਲਾਨੀਆਂ ਲਈ ਖੋਲ੍ਹਿਆ ਜਾਵੇਗਾ। ਇਸ ਬਾਰੇ ਸੂਬੇ ਦੇ ਮੁੱਖ ਮੰਤਰੀ ਜੈ ਰਾਮ ਠਾਕੁਰ ਨੇ ਜਾਣਕਾਰੀ ਦਿੱਤੀ ਹੈ। ਪੱਤਰਕਾਰਾਂ ਨਾਲ ਗੱਲ ਕਰਦੇ ਹੋਏ ਮੁੱਖ ਮੰਤਰੀ ਜੈ ਰਾਮ ਠਾਕੁਰ ਨੇ ਕਿਹਾ ਕਿ ਸੈਲਾਨੀਆਂ ਲਈ ਸੂਬੇ ਨੂੰ ਖੋਲ੍ਹਿਆ ਜਾ ਰਿਹਾ ਹੈ ਪਰ ਸੈਲਾਨੀਆਂ ਨੂੰ ਸਰਕਾਰੀ ਨਿਯਮਾਂ ਦਾ ਪਾਲਣ ਕਰਨਾ ਜ਼ਰੂਰੀ ਹੋਵੇਗਾ। ਇਨ੍ਹਾਂ ਨਿਯਮਾਂ 'ਚ ਮਾਸਕ ਪਹਿਨਣਾ ਤੇ ਸਮਾਜਿਕ ਦੂਰੀ ਨੂੰ ਬਣਾਈ ਰੱਖਣਾ ਲਾਜ਼ਮੀ ਹੋਵੇਗਾ।
ਮੁੱਖ ਮੰਤਰੀ ਜੈ ਰਾਮ ਠਾਕੁਰ ਨੇ ਪੱਤਰਕਾਰਾਂ ਨੂੰ ਕਿਹਾ ਕਿ ਸੈਲਾਨੀ ਹਿਮਾਚਲ ਪ੍ਰਦੇਸ਼ ਘੁੰਮਣ ਲਈ ਬਹੁਤ ਉਤਸੁਕ ਹਨ ਅਤੇ ਉਹ ਇਸ ਸੰਬੰਧੀ ਏਜੰਸੀਆਂ ਨਾਲ ਸੰਪਰਕ ਕਰ ਰਹੇ ਹਨ। ਜੈ ਰਾਮ ਠਾਕੁਰ ਨੇ ਕਿਹਾ ਕਿ ਜੋ ਵੀ ਸੈਲਾਨੀ ਹਿਮਾਚਲ ਪ੍ਰਦੇਸ਼ ਦਾ ਦੌਰਾ ਕਰਨਾ ਚਾਹੁੰਦੇ ਹਨ, ਉਨ੍ਹਾਂ ਨੂੰ ਸਾਰੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਨੀ ਜ਼ਰੂਰੀ ਹੋਵੇਗੀ।
ਉਨ੍ਹਾਂ ਕਿਹਾ, "ਅਸੀਂ ਕੇਂਦਰੀ ਗ੍ਰਹਿ ਮੰਤਰਾਲੇ ਕੋਲ ਇਹ ਮੁੱਦਾ ਚੁੱਕਿਆ ਹੈ ਕਿ ਸੈਲਾਨੀਆਂ ਦੀਆਂ ਰਜਿਸਟ੍ਰੇਸ਼ਨ ਲਾਜ਼ਮੀ ਹੋਣਗੀਆਂ। ਉਨ੍ਹਾਂ ਕਿਹਾ ਕਿ ਸੈਲਾਨੀ ਘੱਟੋ ਘੱਟ ਪੰਜ ਤੋਂ ਸੱਤ ਦਿਨਾਂ ਲਈ ਯਾਤਰਾ ਕਰ ਸਕਦੇ ਹਨ।"