ਨਵੀਂ ਦਿੱਲੀ: ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਰਿਹਾਇਸ਼ 'ਤੇ ਇੱਕ ਉੱਚ ਪੱਧਰੀ ਮੀਟਿੰਗ ਸੱਦੀ ਗਈ ਹੈ। ਕੌਮੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ ਤੇ ਆਈ ਬੀ ਚੀਫ ਮੀਟਿੰਗ 'ਚ ਮੌਜੂਦ ਰਹਿਣਗੇ।
ਜਾਣਕਾਰੀ ਮੁਤਾਬਕ ਇਸ ਮੀਟਿੰਗ ਵਿੱਚ ਕੌਮੀ ਸੁਰੱਖਿਆ ਸਲਾਹਕਾਰ (ਐਨਐਸਏ) ਅਜੀਤ ਡੋਵਾਲ, ਇੰਟੈਲੀਜੈਂਸ ਬਿਊਰੋ (ਆਈਬੀ) ਦੇ ਮੁਖੀ ਅਰਵਿੰਦ ਕੁਮਾਰ ਅਤੇ ਹੋਰ ਸੀਨੀਅਰ ਅਧਿਕਾਰੀ ਮੀਟਿੰਗ ਵਿੱਚ ਸ਼ਾਮਲ ਹੋਣਗੇ।
ਅਯੁੱਧਿਆ ਵਿਵਾਦ ਮਾਮਲੇ ਵਿੱਚ ਸ਼ਨੀਵਾਰ ਨੂੰ ਸੁਪਰੀਮ ਕੋਰਟ ਵੱਲੋਂ ਫ਼ੈਸਲਾ ਸੁਣਾਇਆ ਜਾਵੇਗਾ। ਇਸ ਦੇ ਮੱਦੇਨਜ਼ਰ, ਦੇਸ਼ ਭਰ ਵਿੱਚ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ। ਪ੍ਰਧਾਨ ਮੰਤਰੀ ਮੋਦੀ ਸਣੇ ਧਾਰਮਿਕ ਨੇਤਾਵਾਂ ਨੇ ਵੀ ਦੇਸ਼ ਵਾਸੀਆਂ ਨੂੰ ਸ਼ਾਂਤੀ ਦੀ ਅਪੀਲ ਕੀਤੀ ਹੈ। ਉੱਥੇ ਹੀ ਫੈਸਲੇ ਤੋਂ ਪਹਿਲਾਂ ਸਾਰੇ ਪੰਜ ਜੱਜਾਂ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ। ਉਤਰ ਪ੍ਰਦੇਸ਼ ਵਿੱਚ 4000 ਤੋਂ ਵੱਧ ਜਵਾਨਾਂ ਦੀ ਤੈਨਾਤੀ ਕੀਤੀ ਗਈ ਹੈ। ਕਈ ਸਕੂਲ ਅਤੇ ਕਾਲਜਾਂ ਨੂੰ ਬੰਦ ਕਰ ਦਿੱਤਾ ਗਿਆ ਹੈ।
ਅਯੁੱਧਿਆ ਵਿੱਚ ਧਾਰਾ 144 ਲਾਗੂ ਹੈ। ਇਸ ਦੇ ਨਾਲ ਹੀ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਅਯੁੱਧਿਆ ਵਿੱਚ ਅਰਧ ਸੈਨਿਕ ਬਲਾਂ ਦੇ 4000 ਜਵਾਨ ਤਾਇਨਾਤ ਕੀਤੇ ਗਏ ਹਨ। ਅਧਿਕਾਰੀ ਨੇ ਕਿਹਾ ਕਿ ਰਾਜਾਂ ਨੂੰ ਕਿਹਾ ਗਿਆ ਹੈ ਕਿ ਉਹ ਸਾਰੇ ਸੰਵੇਦਨਸ਼ੀਲ ਸਥਾਨਾਂ 'ਤੇ ਲੋੜੀਂਦੇ ਸੁਰੱਖਿਆ ਕਰਮਚਾਰੀਆਂ ਨੂੰ ਤਾਇਨਾਤ ਰੱਖਣ ਅਤੇ ਇਹ ਸੁਨਿਸ਼ਚਿਤ ਕਰਨ ਕਿ ਦੇਸ਼ ਵਿੱਚ ਕਿਤੇ ਵੀ ਕੋਈ ਅਣਸੁਖਾਵੀਂ ਘਟਨਾ ਨਾ ਵਾਪਰੇ।