ਨਵੀਂ ਦਿੱਲੀ: ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਆਖਰਕਾਰ ਏਮਜ਼ ਤੋਂ ਛੁੱਟੀ ਦੇ ਦਿੱਤੀ ਗਈ। ਗ੍ਰਹਿ ਮੰਤਰੀ ਨੂੰ ਇੱਥੇ ਪੋਸਟ ਕੋਵਿਡ ਕੇਅਰ ਲਈ ਦਾਖਲ ਕੀਤਾ ਗਿਆ ਸੀ। 2-3 ਦਿਨਾਂ ਤੋਂ ਇਹ ਕਿਆਸ ਲਗਾਏ ਜਾ ਰਹੇ ਸਨ ਕਿ ਉਨ੍ਹਾਂ ਨੂੰ ਛੇਤੀ ਹੀ ਛੁੱਟੀ ਦੇ ਦਿੱਤੀ ਜਾਏਗੀ, ਹੁਣ ਸੋਮਵਾਰ ਸਵੇਰੇ ਗ੍ਰਹਿ ਮੰਤਰੀ ਪੂਰੀ ਤਰ੍ਹਾਂ ਠੀਕ ਹੋ ਗਏ ਹਨ ਅਤੇ ਉਨ੍ਹਾਂ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ। ਉਹ ਕੋਰੋਨਾ ਵਾਇਰਸ ਪੌਜ਼ੀਟਿਵ ਪਾਏ ਗਏ ਸਨ, ਜਿਸ ਤੋਂ ਬਾਅਦ ਉਨ੍ਹਾਂ ਦਾ ਗੁਰੂਗ੍ਰਾਮ ਦੇ ਮੇਦਾਂਤਾ ਹਸਪਤਾਲ ਵਿੱਚ ਇਲਾਜ ਕੀਤਾ ਗਿਆ। ਹਾਲਾਂਕਿ, ਕੋਰੋਨਾ ਤੋਂ ਠੀਕ ਹੋਣ ਤੋਂ ਬਾਅਦ, ਉਨ੍ਹਾਂ ਨੂੰ ਸਿਹਤ ਸਬੰਧੀ ਕੁਝ ਮੁਸ਼ਕਲਾਂ ਪੇਸ਼ ਆ ਰਹੀਆਂ ਸਨ, ਜਿਸ ਦੇ ਲਈ ਉਨ੍ਹਾਂ ਨੂੰ ਏਮਜ਼ ਵਿੱਚ ਦਾਖਲ ਹੋਣਾ ਪਿਆ।
ਦੱਸ ਦਈਏ ਕਿ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ 17 ਅਗਸਤ ਦੀ ਰਾਤ ਨੂੰ ਏਮਜ਼ ਵਿੱਚ ਦਾਖਲ ਕਰਵਾਇਆ ਗਿਆ ਸੀ। ਉਹ ਪਿਛਲੇ 3-4 ਦਿਨਾਂ ਤੋਂ ਥਕਾਵਟ ਅਤੇ ਸਰੀਰ ਦੇ ਦਰਦ ਦੀ ਸ਼ਿਕਾਇਤ ਕਰ ਰਹੇ ਸਨ। ਇਸ ਤੋਂ ਪਹਿਲਾਂ 2 ਅਗਸਤ ਨੂੰ ਖਬਰ ਆਈ ਸੀ ਕਿ ਅਮਿਤ ਸ਼ਾਹ ਕੋਰੋਨਾਵਾਇਰਸ ਪੌਜ਼ੀਟਿਵ ਪਾਏ ਗਏ ਹਨ। ਉਨ੍ਹਾਂ ਨੇ ਖ਼ੁਦ ਟਵੀਟ ਕਰਕੇ ਇਸ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਨੂੰ ਇਲਾਜ ਲਈ ਗੁਰੂਗ੍ਰਾਮ ਦੇ ਮੇਦਾਂਤਾ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਉਨ੍ਹਾਂ ਦੀ ਰਿਪੋਰਟ 14 ਅਗਸਤ ਨੂੰ ਨੈਗੇਟਿਵ ਆਈ, ਜਿਸ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਅਤੇ ਹੋਮ ਆਈਸੋਲੇਸ਼ਨ ਵਿੱਚ ਉਹ ਆਪਣੇ ਦਫਤਰ ਦਾ ਕੰਮ ਕਰ ਰਹੇ ਸਨ।