ਨਵੀਂ ਦਿੱਲੀ: ਕੋਰੋਨਾ ਵਾਇਰਸ ਦੇ 1.90 ਲੱਖ ਤੋਂ ਵੱਧ ਮਾਮਲਿਆਂ ਦੇ ਨਾਲ ਭਾਰਤ ਇਸ ਮਹਾਂਮਾਰੀ ਨਾਲ ਸਭ ਤੋਂ ਵੱਧ ਪ੍ਰਭਾਵਤ 10 ਦੇਸ਼ਾਂ ਦੀ ਸੂਚੀ ਵਿੱਚ ਨੌਵੇਂ ਸਥਾਨ ਤੋਂ ਸੱਤਵੇਂ ਨੰਬਰ 'ਤੇ ਪਹੁੰਚ ਗਿਆ ਹੈ। ਐਤਵਾਰ ਰਾਤ ਤੱਕ ਦੇਸ਼ ਵਿੱਚ ਕੋਰੋਨਾ ਵਾਇਰਸ ਦੇ 190,536 ਮਾਮਲੇ ਦਰਜ ਕੀਤੇ ਗਏ।
ਅਮਰੀਕਾ ਵਿੱਚ ਹੁਣ ਤੱਕ ਕੋਰੋਨਾ ਵਾਇਰਸ ਦੇ 18 ਲੱਖ ਦੇ ਕਰੀਬ ਮਾਮਲੇ ਸਾਹਮਣੇ ਆ ਚੁੱਕੇ ਹਨ, ਜਿਸ ਨਾਲ ਇਹ ਦੁਨੀਆ ਦਾ ਸਭ ਤੋਂ ਵੱਧ ਕੋਰੋਨਾ ਕੇਸਾਂ ਵਾਲਾ ਦੇਸ਼ ਬਣ ਗਿਆ ਹੈ। ਬ੍ਰਾਜ਼ੀਲ ਵਿੱਚ ਪੰਜ ਲੱਖ ਤੋਂ ਵੱਧ ਅਤੇ ਰੂਸ ਵਿੱਚ ਚਾਰ ਲੱਖ ਤੋਂ ਵੱਧ ਕੇਸ ਹਨ।
ਐਤਵਾਰ ਸਵੇਰ ਤੱਕ 24 ਘੰਟਿਆਂ ਵਿੱਚ ਰਿਕਾਰਡ 8,380 ਨਵੇਂ ਮਰੀਜ਼ਾਂ ਦੀ ਪੁਸ਼ਟੀ ਕੀਤੀ ਗਈ। ਸਰਕਾਰੀ ਅੰਕੜਿਆਂ ਮੁਤਾਬਕ ਐਤਵਾਰ ਸਵੇਰ ਤੱਕ 24 ਘੰਟਿਆਂ ਵਿੱਚ 193 ਮਰੀਜ਼ਾਂ ਦੀ ਮੌਤ ਹੋਣ ਤੋਂ ਬਾਅਦ ਭਾਰਤ ਇਸ ਖ਼ਤਰਨਾਕ ਮਹਾਂਮਾਰੀ ਕਾਰਨ 5000 ਤੋਂ ਵੱਧ ਜਾਨਾਂ ਗੁਆ ਚੁੱਕਾ ਹੈ।
ਇਹ ਪਹਿਲਾ ਮੌਕਾ ਹੈ ਜਦੋਂ ਇਕੋ ਦਿਨ ਵਿੱਚ ਭਾਰਤ ਵਿੱਚ ਕੋਰੋਨਾ ਵਾਇਰਸ ਦੇ ਕੇਸ 8,000 ਦੇ ਅੰਕੜੇ ਨੂੰ ਪਾਰ ਕਰ ਗਏ। ਪਿਛਲੇ ਤਿੰਨ ਦਿਨਾਂ ਤੋਂ ਦੇਸ਼ ਰਿਕਾਰਡ ਉਛਾਲ ਦਰਜ ਕਰ ਰਿਹਾ ਹੈ।
ਕੋਰੋਨਾ ਦੇ ਮਾਮਲਿਆਂ ਵਿੱਚ ਤੇਜ਼ੀ ਨਾਲ ਵਾਧਾ ਉਦੋਂ ਹੋਇਆ ਜਦੋਂ ਭਾਰਤ ਮਹਾਂਮਾਰੀ ਨਾਲ ਨਜਿੱਠਣ ਲਈ ਲਗਭਗ ਦੋ ਮਹੀਨਿਆਂ ਦੀ ਤਾਲਾਬੰਦੀ ਤੋਂ ਬਾਅਦ ਪੜਾਅਵਾਰ ਢੰਗ ਨਾਲ ਪਾਬੰਦੀਆਂ ਹਟਾ ਰਿਹਾ ਹੈ।