ਨਵੀਂ ਦਿੱਲੀ: ਕੋਰੋਨਾ ਵਾਇਰਸ ਦਾ ਪ੍ਰਕੋਪ ਭਾਰਤ ਵਿੱਚ ਤੇਜ਼ੀ ਨਾਲ ਫੈਲ ਰਿਹਾ ਹੈ। ਦੇਸ਼ ਵਿੱਚ ਇਸ ਮਹਾਂਮਾਰੀ ਕਾਰਨ ਪੀੜਤਾਂ ਅਤੇ ਮਰਨ ਵਾਲਿਆਂ ਦੀ ਗਿਣਤੀ ਹਰ ਦਿਨ ਵੱਧ ਰਹੀ ਹੈ। ਸਾਰੀਆਂ ਕੋਸ਼ਿਸ਼ਾਂ ਅਤੇ ਸਾਵਧਾਨੀਆਂ ਦੇ ਬਾਵਜੂਦ ਕੋਰੋਨਾ ਵਾਇਰਸ ਫੈਲਣ ਤੋਂ ਰੁਕਣ ਦਾ ਨਾਂਅ ਹੀ ਨਹੀਂ ਲੈ ਰਿਹਾ ਹੈ। ਹੁਣ ਤੱਕ ਭਾਰਤ ਵਿੱਚ ਕੋਰੋਨਾ ਪੀੜਤਾਂ ਦੀ ਗਿਣਤੀ 1 ਲੱਖ 51 ਹਜ਼ਾਰ ਤੋਂ ਪਾਰ ਕਰ ਗਈ ਹੈ, ਜਦਕਿ ਇਸ ਮਹਾਂਮਾਰੀ ਕਾਰਨ 4300 ਤੋਂ ਵੱਧ ਲੋਕਾਂ ਦੀ ਮੌਤ ਹੋ ਚੁੱਕੀ ਹੈ।
ਸਿਹਤ ਮੰਤਰਾਲੇ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਭਾਰਤ ਵਿੱਚ ਕੋਰੋਨਾ ਵਾਇਰਸ ਨਾਲ ਪੀੜਤ ਲੋਕਾਂ ਦੀ ਗਿਣਤੀ 1,51,767 ਹੋ ਗਈ ਹੈ, ਜਦਕਿ ਹੁਣ ਤੱਕ ਇਸ ਵਾਇਰਸ ਕਾਰਨ 4,337 ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ। ਦੇਸ਼ ਵਿੱਚ ਪਿਛਲੇ 24 ਘੰਟਿਆਂ ਦੌਰਾਨ 6,387 ਨਵੇਂ ਕੇਸ ਸਾਹਮਣੇ ਆਏ ਹਨ। ਇਸ ਮਿਆਦ ਦੇ ਦੌਰਾਨ, ਕੋਰੋਨਾ ਦੀ ਲਾਗ ਕਾਰਨ 170 ਲੋਕਾਂ ਦੀ ਮੌਤ ਨਾਲ, ਕੁੱਲ ਗਿਣਤੀ 4,337 ਤੱਕ ਪਹੁੰਚ ਗਈ ਹੈ।
ਰਿਕਵਰੀ ਦਰ 'ਚ ਵਾਧਾ
ਮੰਤਰਾਲੇ ਵੱਲੋਂ ਜਾਰੀ ਕੀਤੇ ਗਏ ਅੰਕੜਿਆਂ ਅਨੁਸਾਰ ਪਿਛਲੇ ਕੁਝ ਸਮੇਂ ਤੋਂ ਪੀੜਤ ਅਤੇ ਮਰਨ ਵਾਲਿਆਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ ਅਤੇ ਹਰ ਦਿਨ ਰਿਕਾਰਡ ਤੋੜ ਅੰਕੜੇ ਆ ਰਹੇ ਹਨ। ਹਾਲਾਂਕਿ, ਸੋਮਵਾਰ ਦੇ ਮੁਕਾਬਲੇ ਮੰਗਲਵਾਰ ਨੂੰ ਪੀੜਤ ਅਤੇ ਮਰਨ ਵਾਲਿਆਂ ਦੀ ਗਿਣਤੀ ਵਿੱਚ ਕਮੀ ਆਈ ਹੈ। ਸਿਹਤ ਮੰਤਰਾਲੇ ਵੱਲੋਂ ਜਾਰੀ ਕੀਤੇ ਗਏ ਅੰਕੜਿਆਂ ਅਨੁਸਾਰ ਕੋਰੋਨਾ ਨਾਲ ਪੀੜਤ ਲੋਕਾਂ ਦੀ ਰਿਕਵਰੀ ਦੀ ਗਤੀ ਵਿੱਚ ਵੀ ਤੇਜ਼ੀ ਆਈ ਹੈ। 1,51,767 ਮਾਮਲਿਆਂ ਵਿਚੋਂ ਕੋਰੋਨਾ ਦੇ 83,004 ਐਕਟਿਵ ਕੇਸ ਹਨ ਅਤੇ 64,425 ਅਜਿਹੇ ਮਰੀਜ਼ ਹਨ, ਜਿਨ੍ਹਾਂ ਨੂੰ ਹਸਪਤਾਲ ਤੋਂ ਠੀਕ ਹੋਣ ਤੋਂ ਬਾਅਦ ਛੁੱਟੀ ਦੇ ਦਿੱਤੀ ਗਈ ਹੈ।
ਮਹਾਰਾਸ਼ਟਰ ਵੱਧ ਪ੍ਰਭਾਵਿਤ
ਮਹਾਰਾਸ਼ਟਰ ਦੇਸ਼ ਵਿੱਚ ਕੋਰੋਨਾ ਵਾਇਰਸ ਨਾਲ ਸਭ ਤੋਂ ਪ੍ਰਭਾਵਿਤ ਸੂਬਾ ਹੈ ਅਤੇ ਇਹ ਪੀੜਤਾਂ ਦੇ ਕੁੱਲ ਕੇਸਾਂ ਵਿਚੋਂ ਇੱਕ ਤਿਹਾਈ ਹਿੱਸਾ ਮਹਾਰਾਸ਼ਟਰ ਤੋਂ ਹੈ। ਜ਼ਿਆਦਾ ਲਾਗ ਦੇ ਅੰਕੜਿਆਂ ਵਾਲੇ ਦੇਸ਼ਾਂ ਦੀ ਸੂਚੀ ਵਿੱਚ ਭਾਰਤ ਹੁਣ 10ਵੇਂ ਨੰਬਰ 'ਤੇ ਪਹੁੰਚ ਗਿਆ ਹੈ।
ਦੱਸ ਦੇਈਏ ਕਿ ਕੇਂਦਰ ਅਤੇ ਰਾਜ ਸਰਕਾਰਾਂ ਵੱਲੋਂ ਕੋਰੋਨਾ ਵਾਇਰਸ ਦੇ ਫੈਲਣ ਨੂੰ ਰੋਕਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ। ਦੇਸ਼ ਵਿੱਚ ਕੋਰੋਨਾ ਵਾਇਰਸ ਦੇ ਫੈਲਣ ਤੋਂ ਰੋਕਣ ਲਈ ਕੇਂਦਰ ਸਰਕਾਰ ਵੱਲੋਂ ਲਾਗੂ ਕੀਤਾ ਗਈ ਤਾਲਾਬੰਦੀ ਦਾ ਚੌਥਾ ਪੜਾਅ 31 ਮਈ ਤੱਕ ਲਾਗੂ ਹੈ। ਪੂਰੇ ਦੇਸ਼ ਵਿੱਚ ਆਵਾਜਾਈ 'ਤੇ ਪਾਬੰਦੀਆਂ, ਦੇ ਨਾਲ-ਨਾਲ ਲੋਕਾਂ ਲਈ ਮਾਸਕ ਪਹਿਨਣਾ ਜ਼ਰੂਰੀ ਕਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਸਮਾਜਿਕ ਦੂਰੀ ਦੀ ਪਾਲਣਾ ਵੀ ਲਾਜ਼ਮੀ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ: WHO ਨੇ ਹਾਈਡ੍ਰੋਕਸੀਕਲੋਰੋਕੁਈਨ ਦਾ ਕੋਰੋਨਾ ਵਾਇਰਸ ਦੇ ਇਲਾਜ ਲਈ ਰੋਕਿਆ ਟ੍ਰਾਇਲ