ਨਵੀਂ ਦਿੱਲੀ: ਭਾਰਤ ਵਿੱਚ ਕੋਰੋਨਾ ਵਾਇਰਸ ਰੁਕਣ ਦਾ ਨਾਂਅ ਨਹੀਂ ਲੈ ਰਿਹਾ। ਭਾਰਤ ਵਿੱਚ ਕੁੱਲ ਕੋਰੋਨਾ ਮਰੀਜ਼ਾਂ ਦੀ ਗਿਣਤੀ 2 ਲੱਖ 97 ਹਜ਼ਾਰ ਤੋਂ ਪਾਰ ਹੋ ਗਈ ਹੈ, ਜਿਨ੍ਹਾਂ ਵਿੱਚੋਂ 8498 ਮੌਤਾਂ ਹੋ ਚੁੱਕੀਆਂ ਹਨ। ਸ਼ੁੱਕਰਵਾਰ ਨੂੰ ਭਾਰਤ ਵਿੱਚ ਲਗਾਤਾਰ ਤੀਜੇ ਦਿਨ 11 ਹਜ਼ਾਰ ਤੋਂ ਵੱਧ ਨਵੇਂ ਪੌਜ਼ੀਟਿਵ ਮਾਮਲੇ ਦਰਜ ਕੀਤੇ ਗਏ ਅਤੇ ਦੁਨੀਆ ਭਰ ਵਿੱਚ ਭਾਰਤ ਬ੍ਰਿਟੇਨ ਨੂੰ ਪਿੱਛੇ ਛੱਡ ਕੇ ਕੋਰੋਨਾ ਮਾਮਲਿਆਂ 'ਚ 4ਵੇਂ ਨੰਬਰ 'ਤੇ ਆ ਚੁੱਕਿਆ ਹੈ।
ਭਾਰਤ ਦੇ ਸਭ ਤੋਂ ਪ੍ਰਭਾਵਿਤ ਰਾਜ ਮਹਾਰਾਸ਼ਟਰ ਕੋਰੋਨਾ ਦੇ ਮਾਮਲੇ 1 ਲੱਖ ਤੋਂ ਪਾਰ ਹੋ ਗਏ ਹਨ। ਇਸ ਦੇ ਨਾਲ ਹੀ ਪੱਛਮੀ ਬੰਗਾਲ ਵਿੱਚ ਵੀ 10 ਹਜ਼ਾਰ ਤੋਂ ਵੱਧ ਮਾਮਲੇ ਸਾਹਮਣੇ ਆ ਚੁੱਕੇ ਹਨ ਅਤੇ ਸਭ ਤੋਂ ਵੱਧ ਪ੍ਰਭਾਵਿਤ ਰਾਜਾਂ ਵਿੱਚ 8ਵੇਂ ਨੰਬਰ 'ਤੇ ਆ ਗਿਆ ਹੈ। ਸ਼ੁੱਕਰਵਾਰ ਨੂੰ ਦਿੱਲੀ 'ਚ ਇੱਕ ਦਿਨ 'ਚ 2123 ਲੋਕਾਂ ਦੀ ਕੋਰੋਨਾ ਰਿਪੋਰਟ ਪੌਜ਼ੀਟਿਵ ਆਈ ਅਤੇ ਤਾਮਿਲ ਨਾਡੂ ਵਿੱਚ ਕੁੱਲ ਮਾਮਲਿਆਂ ਦੀ ਗਿਣਤੀ 40 ਹਜ਼ਾਰ ਤੋਂ ਪਾਰ ਹੋ ਗਈ ਹੈ।
ਇਹ ਵੀ ਪੜ੍ਹੋ: 16 ਤੇ 17 ਜੂਨ ਨੂੰ ਮੁੱਖ ਮੰਤਰੀਆਂ ਨਾਲ ਗੱਲਬਾਤ ਕਰਨਗੇ ਪੀਐਮ ਮੋਦੀ
ਭਾਰਤ 'ਚ ਪਿਛਲੇ 3 ਦਿਨਾਂ 'ਚ 1167 ਕੋਰੋਨਾ ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਸ਼ੁੱਕਰਵਾਰ ਨੂੰ ਗੁਜਰਾਤ ਵਿੱਚ 31, ਉੱਤਰ ਪ੍ਰਦੇਸ਼ ਵਿੱਚ 20, ਤਾਮਿਲਨਾਡੂ ਵਿੱਚ 18, ਤੇਲੰਗਾਨਾ ਵਿੱਚ 9, ਮੱਧ ਪ੍ਰਦੇਸ਼ ਅਤੇ ਪੱਛਮੀ ਬੰਗਾਲ ਵਿੱਚ 9-9, ਕਰਨਾਟਕ ਅਤੇ ਰਾਜਸਥਾਨ ਵਿੱਚ 7-7, ਹਰਿਆਣਾ ਵਿੱਚ 6, ਉਤਰਾਖੰਡ ਵਿੱਚ 5, ਪੰਜਾਬ ਵਿੱਚ 4, ਅਸਮ ਵਿੱਚ 2, ਪੁਡੂਚੇਰੀ, ਬਿਹਾਰ, ਜੰਮੂ ਕਸ਼ਮੀਰ, ਓਡੀਸ਼ਾ, ਕੇਰਲ ਵਿੱਚ 1-1 ਮਰੀਜ਼ਾਂ ਦੀ ਮੌਤ ਹੋ ਗਈ। ਇਸ ਤੋਂ ਪਹਿਲਾਂ ਵੀਰਵਾਰ ਨੂੰ 396 ਲੋਕਾਂ ਦੀ ਮੌਤ ਹੋ ਗਈ ਸੀ।