ਨਵੀਂ ਦਿੱਲੀ: ਭਾਰਤ-ਪਾਕਿਸਤਾਨ ਦਰਮਿਆਨ ਚੱਲ ਰਹੇ ਤਣਾਅ ਦੇ ਮੱਦੇਨਜ਼ਰ ਦੋਵੇਂ ਮੁਲਕਾਂ ਦੀਆਂ ਸਰਕਾਰਾਂ ਕੂਟਨੀਤਿਕ ਪੱਧਰ 'ਤੇ ਲਗਾਤਾਰ ਕਿਰਿਆਸ਼ੀਲ ਹਨ। ਸੂਤਰਾਂ ਦੇ ਹਵਾਲੇ ਤੋਂ ਖ਼ਬਰ ਮੁਤਾਬਕ ਭਾਰਤ ਸਰਕਾਰ ਨੇ ਸਾਫ ਕੀਤਾ ਹੈ ਕਿ ਇਸ ਸਮੇਂ ਵਿੰਗ ਕਮਾਂਡਰ ਅਭਿਨੰਦਨ ਨੂੰ ਵਾਪਸ ਲਿਆਉਣ ਲਈ ਕੋਈ ਗੱਲਬਾਤ ਨਹੀਂ ਚੱਲ ਰਹੀ ਹੈ ਤੇ ਪਾਕਿਸਤਾਨ ਸਰਕਾਰ ਨੂੰ ਹਰ ਹਾਲ 'ਚ ਅਭਿਨੰਦਨ ਨੂੰ ਸੁਰੱਖਿਅਤ ਭਾਰਤ ਵਾਪਸ ਭੇਜਣਾ ਹੋਵੇਗਾ।
ਸੂਤਰਾਂ ਦੇ ਹਵਾਲੇ ਤੋਂ ਭਾਰਤ ਸਰਕਾਰ ਨੇ ਇਹ ਵੀ ਸਪੱਸ਼ਟ ਕਰ ਦਿੱਤਾ ਹੈ ਕਿ ਜੇਕਰ ਅਭਿਨੰਦਨ ਨੂੰ ਕੋਈ ਨੁਕਸਾਨ ਹੁੰਦਾ ਹੈ ਤਾਂ ਭਾਰਤ ਸਖ਼ਤ ਕਦਮ ਚੁੱਕਣ ਲਈ ਮਜਬੂਰ ਹੋ ਜਾਵੇਗਾ। ਸੂਤਰਾਂ ਮੁਤਾਬਕ ਭਾਰਤ ਨੇ ਸਪੱਸ਼ਟ ਕੀਤਾ ਹੈ ਕਿ ਭਾਰਤ ਵੱਲੋਂ ਕੀਤੇ ਹਮਲੇ 'ਚ ਸਿਰਫ ਜੈਸ਼ ਦੇ ਦਹਿਸ਼ਤਗਰਦੀ ਟਿਕਾਣਿਆਂ ਨੂੰ ਨਿਸ਼ਾਨਾ ਬਣਾਇਆ ਗਿਆ ਸੀ। 26/11 ਹਮਲੇ ਅਤੇ ਪਠਾਨਕੋਟ 'ਚ ਹੋਏ ਹਮਲੇ ਮਗਰੋਂ ਭਾਰਤ ਨੇ ਪਾਕਿਸਤਾਨ ਨੂੰ ਸਾਰੇ ਡੋਜ਼ੀਅਰ ਸੌਂਪੇ ਸਨ, ਪਰ ਅਜੇ ਤੱਕ ਇਨ੍ਹਾਂ 'ਤੇ ਕੋਈ ਕਾਰਵਾਈ ਨਹੀਂ ਕੀਤੀ ਗਈ। ਭਾਰਤ ਨੇ ਪਾਕਿਸਤਾਨ ਦੇ ਸਰਹੱਦ 'ਤੇ ਤਣਾਅ ਵਧਾਉਣ ਦੇ ਇਲਜ਼ਾਮਾਂ ਨੂੰ ਖਾਰਿਜ ਕੀਤਾ ਹੈ।
ਜ਼ਿਕਰਯੋਗ ਹੈ ਕਿ ਪੁਲਵਾਮਾ ਹਮਲੇ ਤੋਂ ਬਾਅਦ 26 ਫਰਵਰੀ ਨੂੰ ਭਾਰਤ ਨੇ ਪਾਕਿਸਤਾਨ ਦੇ ਬਾਲਾਕੋਟ 'ਚ ਏਅਰ ਸਟ੍ਰਾਈਕ ਕੀਤੀ ਸੀ, ਜਿਸ ਮਗਰੋਂ ਪਾਕਿਸਤਾਨ ਦੇ ਲੜਾਕੂ ਜਹਾਜਾਂ ਨੇ ਵੀ ਭਾਰਤੀ ਸੈਨਿਕ ਟਿਕਾਣਿਆਂ ਨੂੰ ਨਿਸ਼ਾਨਾ ਬਣਾਉਣ ਦੀ ਕੋਸ਼ਿਸ਼ ਕੀਤੀ, ਜਿਸ ਦੌਰਾਣ ਭਾਰਤ ਦੇ ਵਿੰਗ ਕਮਾਂਡਰ ਅਭਿਨੰਦਨ ਪੀ.ਓ.ਕੇ. 'ਚ ਡਿੱਗ ਗਏ ਸਨ ਤੇ ਉਹ ਪਾਕਿਸਤਾਨ ਦੇ ਕਬਜ਼ੇ 'ਚ ਹਨ।