ਨਵੀਂ ਦਿੱਲੀ: ਭਾਰਤ ਨੇ ਸਵਿਟਜ਼ਰਲੈਂਡ ਦੇ ਜਨੇਵਾ ’ਚ ਸੰਯੁਕਤ ਰਾਸ਼ਟ ਮਨੁੱਖੀ ਅਧਿਕਾਰ ਕੌਂਸਲ (UNHRC) ਦੀ ਬੈਠਕ ਵਿੱਚ ਕਸ਼ਮੀਰ ਨੂੰ ਲੈ ਕੇ ਪਾਕਿਸਤਾਨ ਦੇ ਝੂਠ ਨੂੰ ਬੇਨਕਾਬ ਕਰ ਦਿੱਤਾ ਹੈ।
ਭਾਰਤ ਨੇ ਕਿਹਾ ਹੈ ਕਿ ਪਾਕਿਸਤਾਨ ਅੱਤਵਾਦ ਦਾ ਕੇਂਦਰ ਹੈ। ਸੰਯੁਕਤ ਰਾਸ਼ਟ ਮਨੁੱਖੀ ਅਧਿਕਾਰ ਕੌਂਸਲ ਵਿੱਚ ਭਾਰਤ ਨੇ ਜਵਾਬ ਦਿੰਦੇ ਹੋਏ ਕਿਹਾ ਕਿ ਕਸ਼ਮੀਰ ਵਿੱਚ ਜੋ ਪਾਬੰਦੀਆਂ ਲਗਾਈਆਂ ਗਈਆਂ ਹਨ ਉਹ ਸਾਵਧਾਨੀ ਵਜੋਂ ਲਗਾਈਆਂ ਗਈਆਂ ਹਨ ਅਤੇ ਉਸ ਵਿੱਚ ਛੋਟ ਵੀ ਦਿੱਤੀ ਗਈ ਹੈ। ਵਿਦੇਸ਼ ਮੰਤਰਾਲੇ ਦੇ ਸਕੱਤਰ (ਸਾਬਕਾ) ਵਿਜੈ ਠਾਕੁਰ ਸਿੰਘ ਨੇ ਕਿਹਾ ਕਿ ਭਾਰਤ ਦੇ ਅੰਦਰੂਨੀ ਮਾਮਲਿਆਂ ਵਿੱਚ ਕੋਈ ਵੀ ਦੇਸ਼ ਦਖ਼ਲ ਨਹੀਂ ਦੇ ਸਕਦਾ। ਸਮੱਸਿਆਵਾਂ ਦੇ ਬਾਵਜੂਦ ਜੰਮੂ-ਕਸ਼ਮੀਰ ਪ੍ਰਸ਼ਾਸਨ ਨੇ ਜ਼ਰੂਰੀ ਚੀਜ਼ਾਂ ਦੀ ਸਪਲਾਈ ਜਾਰੀ ਰੱਖੀ ਹੈ।
ਇਸ ਤੋਂ ਪਹਿਲਾਂ ਮੰਗਲਵਾਰ ਨੂੰ ਭਾਰਤ ਨੇ ਚੀਨੀ ਵਿਦੇਸ਼ ਮੰਤਰੀ ਵਾਂਗ ਯੀ ਦੀ ਇਸਲਾਮਾਬਾਦ ਦੌਰੇ ਦੇ ਸਬੰਧ ਵਿੱਚ ਜਾਰੀ ਕੀਤੇ ਗਏ ਪਾਕਿਸਤਾਨ-ਚੀਨ ਸਾਂਝੇ ਬਿਆਨ ਵਿੱਚ ਜੰਮੂ-ਕਸ਼ਮੀਰ ਦੇ ਜ਼ਿਕਰ ‘ਤੇ ਸਖ਼ਤ ਇਤਰਾਜ਼ ਜਤਾਇਆ ਸੀ।
ਪਾਕਿ ਵਿਦੇਸ਼ ਮੰਤਰੀ ਦੇ ਮੁੰਹੋ ਨਿਕਲਿਆ ਸੱਚ
ਭਾਰਤ ਦੇ ਜੰਮੂ-ਕਸ਼ਮੀਰ 'ਤੇ ਗੱਲ ਕਰਦੇ ਹੋਏ ਪਾਕਿਸਤਾਨ ਦੇ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਦੇ ਮੁੰਹੋ ਵੀ ਸੱਚ ਨਿਕਲ ਹੀ ਗਿਆ। ਧਾਰਾ-370 ਹਟਾਏ ਜਾਣ ਤੋਂ ਬਾਅਦ ਪਾਕਿਸਤਾਨ ਦੀ ਘਬਰਾਹਟ ਖੁੱਲ੍ਹ ਕੇ ਸਾਹਮਣੇ ਆਈ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਪਾਕਿਸਤਾਨੀ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਨੇ ਕਿਹਾ ਕਿ ਜੰਮੂ-ਕਸ਼ਮੀਰ ਭਾਰਤ ਦਾ ਰਾਜ ਹੈ। ਇਸ ਦੀ ਵੀਡੀਓ ਵੀ ਵਾਇਰਲ ਹੋ ਰਹੀ ਹੈ।