ਨਵੀਂ ਦਿੱਲੀ: ਭਾਰਤੀ ਫ਼ੌਜ ਨੇ ਜ਼ੰਮੂ-ਕਸ਼ਮੀਰ ਦੇ ਤੰਗਧਾਰ ਸੈਕਟਰ ਨੇੜੇ ਮਕਬੂਜ਼ਾ ਕਸ਼ਮੀਰ ਵਿੱਚ ਸਥਿਤ ਦਹਿਸ਼ਤਗਰਦਾਂ ਦੇ ਕੈਂਪਾਂ ਉੱਤੇ ਹਮਲਾ ਕਰ ਦਿੱਤਾ। ਭਾਰਤੀ ਫ਼ੌਜ ਨੇ ਇਹ ਜਵਾਬੀ ਹਮਲਾ ਉਸ ਸਮੇਂ ਕੀਤਾ ਜਦੋਂ ਪਾਕਿਸਤਾਨ ਦੀ ਫ਼ੌਜ ਦਹਿਸ਼ਤਗਰਦਾਂ ਦੀ ਭਾਰਤੀ ਸਰਹੱਦ ਵਿੱਚ ਘੁਸਪੈਠ ਕਰਨ ਵਿੱਚ ਮਦਦ ਕਰ ਰਹੀ ਸੀ। ਭਾਰਤੀ ਫ਼ੌਜ ਦੀ ਕਾਰਵਾਈ ਵਿੱਚ 6 ਤੋਂ 10 ਪਾਕਿ ਫ਼ੌਜੀ ਮਾਰੇ ਗਏ ਹਨ ਅਤੇ ਕਈ ਜ਼ਖ਼ਮੀ ਹੋਏ ਹਨ।
ਭਾਰਤੀ ਫ਼ੌਜ ਦੀ ਕਾਰਵਾਈ 'ਤੇ ਆਰਮੀ ਚੀਫ ਜਨਰਲ ਬਿਪਿਨ ਰਾਵਤ ਨੇ ਨਵੀਂ ਦਿੱਲੀ ਵਿੱਚ ਕਿਹਾ ਕਿ ਭਾਰਤ ਨੇ ਆਟ੍ਰਿਲਰੀ ਗੰਨ ਨਾਲ ਅੱਤਵਾਦੀ ਕੈਂਪਾਂ ਨੂੰ ਨਿਸ਼ਾਨਾ ਬਣਾਇਆ। ਉਨ੍ਹਾਂ ਕਿਹਾ ਕਿ ਜੰਮੂ-ਕਸ਼ਮੀਰ ਵਿੱਚੋਂ ਭਾਰਤੀ ਸੰਵਿਧਾਨ ਦੀ ਧਾਰਾ 370 ਵਿੱਚ ਤਬਦੀਲੀਆਂ ਤੋਂ ਬਾਅਦ ਹੀ ਸਾਨੂੰ ਅੱਤਵਾਦੀ ਘੁਸਪੈਠ ਦੀ ਨਿਰੰਤਰ ਇਨਪੁਟ ਮਿਲ ਰਹੀ ਹੈ। ਇਸ ਦਾ ਉਦੇਸ਼ ਰਾਜ ਦੀ ਸ਼ਾਂਤੀ ਭੰਗ ਕਰਨਾ ਹੈ।
ਜਨਰਲ ਰਾਵਤ ਨੇ ਕਿਹਾ ਕਿ ਕਸ਼ਮੀਰ ਘਾਟੀ ਵਿੱਚ ਹਾਲਾਤ ਹੌਲੀ-ਹੌਲੀ ਆਮ ਵਾਂਗ ਹੋ ਰਹੇ ਹਨ। ਹਾਲਾਂਕਿ ਕੁੱਝ ਲੋਕ ਪਰਦੇ ਪਿੱਛੋਂ ਅੱਤਵਾਦੀਆਂ ਦੇ ਇਸ਼ਾਰੇ 'ਤੇ ਕੰਮ ਕਰ ਰਹੇ ਹਨ। ਪਾਕਿਸਤਾਨ ਅਤੇ ਪੀਓਕੇ ਦੀਆਂ ਕੁੱਝ ਏਜੰਸੀਆਂ ਅਤੇ ਲੋਕ ਸ਼ਾਂਤੀ ਭੰਗ ਕਰਨ ਦੀ ਕੋਸ਼ਿਸ਼ ਕਰ ਰਹੇ ਹਨਸ਼ ਉਨ੍ਹਾਂ ਦੱਸਿਆ ਕਿ ਰੱਖਿਆ ਮੰਤਰੀ ਨਿਰੰਤਰ ਸੰਪਰਕ ਵਿੱਚ ਹਨ।
ਇਸ ਤੋਂ ਪਹਿਲਾਂ ਪਾਕਿਸਤਾਨੀ ਫ਼ੌਜ ਨੇ ਤੰਗਧਾਰ ਇਸਾਕੇ ਵਿੱਚ ਗੋਲੀਬਾਰੀ ਕਰਕੇ ਦੋ ਭਾਰਤੀ ਜਵਾਨਾਂ ਨੂੰ ਸ਼ਹੀਦ ਕੀਤਾ ਅਤੇ ਇੱਕ ਭਾਰਤੀ ਨਾਗਰਿਕ ਨੂੰ ਮਾਰ ਦਿੱਤਾ। ਉਸ ਤੋਂ ਬਾਅਦ ਭਾਰਤੀ ਫ਼ੌਜ ਹਰਕਤ ਵਿੱਚ ਆਈ ਅਤੇ ਤੰਗਧਾਰ ਇਲਾਕੇ ਨੇੜੇ ਮਕਬੂਜ਼ਾ ਕਸ਼ਮੀਰ ਵਿੱਚ ਮੌਜੂਦ ਦਹਿਸ਼ਤਗਰਦਾਂ ਦੇ ਕੈਂਪਾਂ ਉੱਤੇ ਹਮਲਾ ਕਰ ਦਿੱਤਾ। ਭਾਰਤੀ ਫ਼ੌਜ ਦੀ ਇਸ ਕਾਰਵਾਈ ਵਿੱਚ ਦਹਿਸ਼ਤਗਰਦਾਂ ਦੇ ਟਿਕਾਣਿਆਂ ਨੂੰ ਨੁਕਸਾਨ ਹੋਇਆ ਹੈ।
ਦੱਸ ਦਈਏ ਕਿ ਪਾਕਿਸਤਾਨ ਵੱਲੋਂ ਵਾਰ-ਵਾਰ ਜੰਗਬੰਦੀ ਦੀ ਉਲੰਘਣਾ ਕੀਤੀ ਜਾ ਰਹੀ ਹੈ ਜਿਸ ਤਹਿਤ ਸਨਿੱਚਰਵਾਰ ਸਵੇਰੇ ਵੀ ਉਨ੍ਹਾਂ ਜੰਗਬੰਦੀ ਦੀ ਉਲੰਘਣਾ ਕੀਤੀ। ਭਾਰਤ ਨੇ ਪਾਕਿਸਤਾਨ ਦੀ ਇਸ ਗ਼ਲਤੀ ਦਾ ਜ਼ੋਰਦਾਰ ਜਵਾਬ ਦਿੱਤਾ ਹੈ। ਦੋਹਾਂ ਦੇਸ਼ਾਂ ਦੇ ਜਵਾਨਾਂ ਨੇ ਮੋਰਟਾਰ ਦੀ ਵਰਤੋਂ ਕੀਤੀ ਜਿਸ ਕਾਰਨ ਮਕਬੂਜ਼ਾ ਕਸ਼ਮੀਰ ਵਿੱਚ ਭਾਰੀ ਨੁਕਸਾਨ ਹੋਇਆ ਹੈ।