ਨਵੀਂ ਦਿੱਲੀ: ਪੂਰਬੀ ਲੱਦਾਖ ਵਿਚ ਚੀਨ ਨਾਲ ਹਿੰਸਕ ਝੜਪ ਤੋਂ ਬਾਅਦ ਭਾਰਤੀ ਫੌਜ ਨੇ ਅਸਲ ਕੰਟਰੋਲ ਰੇਖਾ (ਐਲਏਸੀ) 'ਤੇ ਆਪਣੇ ਨਿਯਮਾਂ ਨੂੰ ਬਦਲ ਦਿੱਤਾ ਹੈ। ਨਵੇਂ ਨਿਯਮਾਂ ਤਹਿਤ ਹੁਣ ਫੀਲਡ ਕਮਾਂਡਰ ਹੀ "ਅਸਾਧਾਰਨ" ਹਲਾਤਾਂ ਵਿੱਚ ਹਥਿਆਰਾਂ ਦੀ ਵਰਤੋਂ ਨੂੰ ਮਨਜ਼ੂਰੀ ਦੇ ਸਕੇਗਾ।
ਭਾਰਤੀ ਫ਼ੌਜ ਦੇ ਸੂਤਰਾਂ ਨੇ ਦੱਸਿਆ ਕਿ ਐਲਏਸੀ ਦੇ ਨਿਯਮਾਂ ਨੂੰ ਬਦਲ ਦਿੱਤਾ ਗਿਆ ਹੈ ਅਤੇ ਫੀਲਡ ਕਮਾਂਡਰਾਂ ਨੂੰ ਅਸਾਧਾਰਣ ਹਾਲਤਾਂ ਵਿਚ ਫੌਜਾਂ ਨੂੰ ਹਥਿਆਰਾਂ ਦੀ ਵਰਤੋਂ ਕਰਨ ਦੇ ਹੁਕਮ ਦੇਣ ਦਾ ਅਧਿਕਾਰ ਦਿੱਤਾ ਗਿਆ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪਹਿਲਾਂ ਵੀ ਕਿਹਾ ਸੀ ਕਿ ਫੌਜ ਨੂੰ ਜ਼ਮੀਨੀ ਸਥਿਤੀ ਨਾਲ ਨਜਿੱਠਣ ਲਈ ਪੂਰੀ ਆਜ਼ਾਦੀ ਦਿੱਤੀ ਗਈ ਹੈ।
ਪੂਰਬੀ ਲੱਦਾਖ ਵਿਚ ਤਣਾਅ ਨੂੰ ਘੱਟ ਕਰਨ ਲਈ ਕੋਰ ਕਮਾਂਡਰ ਪੱਧਰ 'ਤੇ ਪ੍ਰਸਤਾਵਿਤ ਗੱਲਬਾਤ ਦੌਰਾਨ ਭਾਰਤੀ ਪੱਖ ਵੱਲੋਂ ਚੀਨੀ ਫੌਜ ਨਾਲ ਇਸ ਮੁੱਦੇ' ਤੇ ਚਰਚਾ ਕੀਤੇ ਜਾਣ ਦੀ ਉਮੀਦ ਹੈ।
ਦੱਸ ਦਈਏ ਕਿ 1996 ਅਤੇ 2005 ਵਿਚ ਦੋਵਾਂ ਦੇਸ਼ਾਂ ਦੀਆਂ ਫ਼ੌਜਾਂ ਵਿਚਾਲੇ ਹੋਏ ਸਮਝੌਤੇ ਦੀਆਂ ਧਾਰਾਵਾਂ ਅਨੁਸਾਰ ਟਕਰਾਅ ਦੌਰਾਨ ਹਥਿਆਰਾਂ ਦੀ ਵਰਤੋਂ ਨਾ ਕਰਨ 'ਤੇ ਸਹਿਮਤੀ ਬਣੀ ਸੀ। ਉਸ ਸਮੇਂ ਦੋਵੇਂ ਦੇਸ਼ ਐਲਏਸੀ ਦੇ ਦੋਵਾਂ ਪਾਸਿਆਂ ਤੋਂ ਦੋ ਕਿਲੋਮੀਟਰ ਦੇ ਅੰਦਰ ਵਿਸਫੋਟਕ ਜਾਂ ਹਥਿਆਰਾਂ ਦੀ ਵਰਤੋਂ ਨਾ ਕਰਨ 'ਤੇ ਸਹਿਮਤ ਹੋਏ ਸਨ।
ਪੂਰਬੀ ਲੱਦਾਖ ਦੀ ਗਲਵਾਨ ਘਾਟੀ ਵਿੱਚ ਹਿੰਸਕ ਝੜਪ ਤੋਂ ਬਾਅਦ ਦਹਾਕਿਆਂ ਪੁਰਾਣੇ ਨਿਯਮ ਵਿੱਚ ਤਬਦੀਲੀ ਕੀਤੀ ਗਈ ਹੈ, ਜਿਸ ਵਿੱਚ 20 ਭਾਰਤੀ ਜਵਾਨ ਸ਼ਹੀਦ ਹੋਏ ਹਨ।