ਨਵੀਂ ਦਿੱਲੀ: 1984 ਸਿੱਖ ਨਸਲਕੁਸ਼ੀ ਮਾਮਲੇ ਦੇ ਦੋਸ਼ੀ ਸਾਬਕਾ ਵਿਧਾਇਕ ਮਹੇਂਦਰ ਯਾਦਵ ਨੂੰ ਸੁਪਰੀਮ ਕੋਰਟ ਨੇ ਅੰਤਰਿਮ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਯਾਦਵ ਨੇ ਕੋਰੋਨਾ ਵਾਇਰਸ ਨਾਲ ਪੌਜ਼ੀਟਿਵ ਹੋਣ ਅਤੇ ਜ਼ਿਆਦਾ ਉਮਰ ਹੋਣ ਦੀ ਗੱਲ ਆਖ ਕੇ ਕੋਰਟ ਕੋਲੋਂ ਜ਼ਮਾਨਤ ਦੀ ਮੰਗ ਕੀਤੀ ਸੀ।
ਮਹੇਂਦਰ ਦੇ ਵਕੀਲ ਨੇ ਕਿਹਾ ਕਿ ਯਾਦਵ ਕੋਰੋਨਾ ਪੌਜ਼ੀਟਿਵ ਹੈ ਅਤੇ ਆਈਸੀਯੂ ਵਿੱਚ ਰਹਿੰਦੇ ਹੋਏ ਵੀ ਕਸਟਡੀ ਵਿੱਚ ਹੈ। ਉਹ ਪਰਿਵਾਰ ਨਾਲ ਵੀ ਨਹੀਂ ਮਿਲ ਸਕਦੇ।
ਇਸ ਮਾਮਲੇ ਦੀ ਸੁਣਵਾਈ ਕਰਦਿਆਂ ਜਸਟਿਸ ਇੰਦਰਾ ਬੈਨਰਜੀ ਨੇ ਕਿਹਾ ਕਿ ਪਟੀਸ਼ਨਕਰਤਾ ਦੇ ਇਲਾਜ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਸ ਦੇ ਪਰਿਵਾਰ ਨੂੰ ਇਲਾਜ ਨਾਲ ਸਬੰਧਤ ਕੋਈ ਸ਼ਿਕਾਇਤ ਨਹੀਂ ਹੈ। ਇਸ ਗੱਲ ਦੇ ਹਵਾਲੇ ਨਾਲ ਸੁਪਰੀਮ ਕੋਰਟ ਨੇ ਅੰਤਰਿਮ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ।
ਦੱਸ ਦਈਏ ਕਿ 1984 ਸਿੱਖ ਵਿਰੋਧੀ ਦੰਗਿਆਂ ਵਿੱਚ ਨਾਮਜ਼ਦ ਮਹੇਂਦਰ ਯਾਦਵ ਇਸ ਵੇਲੇ ਮੰਡੋਲੀ ਜੇਲ੍ਹ ਵਿੱਚ ਬੰਦ ਹੈ। ਉਹ ਕੋਰੋਨਾ ਵਾਇਰਸ ਨਾਲ ਪੀੜਤ ਪਾਇਆ ਗਿਆ ਹੈ। ਇਸ ਤੋਂ ਬਾਅਦ ਢਿੱਡ ਵਿੱਚ ਦਰਦ ਹੋਣ ਦੀ ਸ਼ਿਕਾਇਤ ਤੋਂ ਬਾਅਦ ਉਸ ਨੂੰ ਦੀਨ ਦਿਆਲ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਹਾਲਤ ਵਿਗੜਨ ਤੋਂ ਬਾਅਦ ਉਸ ਨੂੰ ਲੋਕਨਾਇਕ ਹਸਪਤਾਲ ਰੈਫ਼ਰ ਕਰ ਦਿੱਤਾ ਗਿਆ ਹੈ।