ਨਵੀਂ ਦਿੱਲੀ: ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੀਨੀਅਰ ਆਗੂ ਮਨਜਿੰਦਰ ਸਿੰਘ ਸਿਰਸਾ ਉੱਤੇ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਦਿੱਲੀ ਦੀ ਹਾਊਸ ਐਵਿਨਿਊ ਅਦਾਲਤ ਵੱਲੋਂ ਐਫ.ਆਈ.ਆਰ ਦਰਜ ਕਰਨ ਦੇ ਆਦੇਸ਼ 'ਤੇ ਆਪਣੀ ਪ੍ਰਤੀਕਿਰਿਆ ਜ਼ਾਹਿਰ ਕਰਦਿਆਂ ਆਮ ਆਮ ਆਦਮੀ ਪਾਰਟੀ ਦੇ ਤਿਲਕ ਨਗਰ (ਦਿੱਲੀ) ਤੋਂ ਵਿਧਾਇਕ ਜਰਨੈਲ ਸਿੰਘ ਨੇ ਇਨ੍ਹਾਂ ਆਦੇਸ਼ਾਂ 'ਤੇ ਤੁਰੰਤ ਕਾਰਵਾਈ ਦੀ ਮੰਗ ਕੀਤੀ ਹੈ।
ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਜਰਨੈਲ ਸਿੰਘ ਨੇ ਕਿਹਾ ਕਿ ਗੁਰੂ ਦੀ ਗੋਲਕ ਉੱਤੇ ਡਾਕਾ ਮਾਰਨ ਲਈ ਸਿਰਸਾ ਖ਼ਿਲਾਫ਼ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ। ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਪਾਸੋਂ ਮੰਗ ਕਰਦਿਆਂ 'ਆਪ' ਵਿਧਾਇਕ ਨੇ ਕਿਹਾ ਕਿ ਸੰਗਤ ਦੀਆਂ ਭਾਵਨਾਵਾਂ ਦੀ ਕਦਰ ਕਰਦੇ ਹੋਏ ਅਤੇ ਜੇਕਰ ਸੁਖਬੀਰ ਬਾਦਲ ਵਿਚ ਸ਼ਰਧਾ ਦਾ ਕੋਈ ਕਣ ਬਚਿਆ ਹੈ ਤਾਂ ਉਹ ਸਿਰਸਾ ਨੂੰ ਤੁਰੰਤ ਪਾਰਟੀ ਤੋਂ ਬਰਖ਼ਾਸਤ ਕਰੇ।
ਜਰਨੈਲ ਸਿੰਘ ਨੇ ਕਿਹਾ ਕਿ ਅਕਾਲੀਆਂ ਨੇ ਹਮੇਸ਼ਾ ਹੀ ਗੁਰੂ ਦੀ ਗੋਲਕ ਦੀ ਦੁਰਵਰਤੋਂ ਕੀਤੀ ਹੈ ਅਤੇ ਸੰਗਤ ਵੱਲੋਂ ਭੇਂਟ ਕੀਤੀ ਮਾਇਆ ਸਿਰਸਾ ਨੇ ਆਪਣਾ ਢਿੱਡ ਭਰਨ ਲਈ ਵਰਤ ਰਹੇ ਹਨ। ਉਨ੍ਹਾਂ ਕਿਹਾ ਕਿ ਅਕਾਲੀਆਂ ਨੇ ਗੁਰਦੁਆਰਿਆਂ ਦੀ ਸਾਂਭ ਸੰਭਾਲ ਅਤੇ ਕਮੇਟੀ ਦੇ ਸਕੂਲਾਂ ਲਈ ਕੋਈ ਚੰਗਾ ਕੰਮ ਨਹੀਂ ਕੀਤਾ।
ਸੁਖਬੀਰ ਸਿੰਘ ਬਾਦਲ 'ਤੇ ਵਰ੍ਹਦਿਆਂ 'ਆਪ' ਵਿਧਾਇਕ ਨੇ ਕਿਹਾ ਕਿ ਗੁਰੂ ਦੇ ਦੋਖੀ ਹਨ ਅਤੇ ਇਸ ਦੀ ਸਜਾ ਉਨ੍ਹਾਂ ਨੂੰ ਜ਼ਰੂਰ ਮਿਲੇਗੀ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਗੁੰਮ ਹੋਏ ਸਰੂਪਾਂ ਦੇ ਮਾਮਲੇ ਵਿਚ ਦੋਸ਼ੀ ਵਿਅਕਤੀਆਂ ਨੂੰ ਬਚਾ ਕੇ ਸੁਖਬੀਰ ਪੰਥ ਨਾਲ ਗ਼ੱਦਾਰੀ ਕਰ ਰਹੇ ਹਨ।