ਰਾਂਚੀ: ਝਾਰਖੰਡ ਵਿੱਚ ਹੋ ਰਹੀਆਂ ਵਿਧਾਨ ਸਭਾ ਚੋਣਾਂ ਦੇ ਦੂਜੇ ਗੇੜ ਵਿੱਚ 20 ਸੀਟਾਂ ਉੱਤੇ ਵੋਟਿੰਗ ਜਾਰੀ ਹੈ। ਦੁਪਹਿਰ 1 ਵਜੇ ਤੱਕ 45.33 ਫੀਸਦੀ ਵੋਟਿੰਗ ਹੋਈ ਹੈ।
ਚੋਣ ਕਮਿਸ਼ਨ ਵੱਲੋਂ ਸਾਰੇ ਪੋਲਿੰਗ ਬੂਥਾਂ ਉੱਤੇ ਵੋਟਰਾਂ ਦੀ ਸਹੂਲਤ ਦਾ ਵਿਸ਼ੇਸ਼ ਧਿਆਨ ਰੱਖਿਆ ਗਿਆ ਹੈ। ਸ਼ਹਿਰੀ ਖੇਤਰਾਂ ਦੇ ਮੁਕਾਬਲੇ ਪੇਂਡੂ ਖੇਤਰਾਂ ਵਿੱਚ ਵੋਟਰਾਂ ਵਿੱਚ ਭਾਰੀ ਉਤਸ਼ਾਹ ਹੈ। ਇਨ੍ਹਾਂ 20 ਸੀਟਾਂ ਉੱਤੇ ਕੁੱਲ 260 ਉਮੀਦਵਾਰ ਚੋਣ ਲੜ ਰਹੇ ਹਨ ਅਤੇ 48,25,038 ਵੋਟਰ ਹਨ।
ਇਸ ਮੌਕੇ ਚੋਣ ਅਧਿਕਾਰੀ ਵਿਨੇ ਕੁਮਾਰ ਚੌਬੇ ਨੇ ਕਿਹਾ ਕਿ ਚੋਣ ਦੌਰਾਨ ਸੀਟਾਂ ਲਈ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ ਅਤੇ ਫੌਜੀ ਬਲਾਂ ਅਤੇ ਹੋਰ ਸੁਰੱਖਿਆ ਬਲਾਂ ਦੇ 42,000 ਤੋਂ ਵੱਧ ਜਵਾਨ ਤਾਇਨਾਤ ਹਨ। ਉਨ੍ਹਾਂ ਦੱਸਿਆ ਕਿ ਦੂਜੇ ਪੜਾਅ ਦੇ 260 ਉਮੀਦਵਾਰਾਂ ਵਿੱਚੋਂ 29 ਮਹਿਲਾ ਉਮੀਦਵਾਰ ਅਤੇ 73 ਆਜ਼ਾਦ ਉਮੀਦਵਾਰ ਹਨ।
ਹੁਣ ਤੱਕ 45.33 ਫੀਸਦੀ ਵੋਟਿੰਗ ਹੋ ਚੁੱਕੀ ਹੈ। ਜਮਸ਼ੇਦਪੁਰ ਪੂਰਬੀ ਅਤੇ ਜਮਸ਼ੇਦਪੁਰ ਪੱਛਮੀ ਵਿਧਾਨ ਸਭਾ ਹਲਕਿਆਂ ਵਿਚ ਸਨਿੱਚਰਵਾਰ ਸਵੇਰੇ 7 ਵਜੇ ਤੋਂ ਸ਼ਾਮ 5 ਵਜੇ ਤੱਕ ਵੋਟਾਂ ਪਾਈਆਂ ਜਾਣਗੀਆਂ ਜਦਕਿ ਹੋਰ 18 ਵਿਧਾਨ ਸਭਾ ਹਲਕਿਆਂ ਵਿੱਚ ਸਵੇਰੇ 7 ਵਜੇ ਤੋਂ ਦੁਪਹਿਰ 3 ਵਜੇ ਤੱਕ ਵੋਟਾਂ ਪੈਣਗੀਆਂ।
ਚੋਣਾਂ ਦੌਰਾਨ ਕਈ ਹਿੰਸਕ ਘਟਨਾਵਾਂ ਵੀ ਸਾਹਮਣੇ ਆਈਆਂ ਹਨ। ਗੁਮਲਾ ਦੇ ਬਘਨੀ ਪਿੰਡ ਵਿੱਚ ਸੁਰੱਖਿਆ ਬਲਾਂ ਦੀ ਗੋਲੀਬਾਰੀ ਵਿੱਚ ਇੱਕ ਦੀ ਮੌਤ ਹੋ ਗਈ ਹੈ ਅਤੇ 2 ਗੰਭੀਰ ਜ਼ਖਮੀ ਹਨ। ਦੱਸਿਆ ਜਾ ਰਿਹਾ ਹੈ ਕਿ ਕੁੱਝ ਸ਼ਰਾਰਤੀ ਅਨਸਰ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸ਼ਿਸ਼ ਕਰ ਰਹੇ ਸਨ।
ਜਵਾਨ ਨੇ ਉਨ੍ਹਾਂ ਨੂੰ ਰੋਕਣ ਲਈ ਬੂਥ ਅੰਦਰ ਗੋਲੀ ਚਲਾ ਦਿੱਤੀ ਜਿਸ ਵਿੱਚ ਇੱਕ ਦੀ ਮੌਤ ਹੋ ਗਈ ਅਤੇ 2 ਜ਼ਖਮੀ ਹੋ ਗਏ। ਇਸ ਘਟਨਾ ਚੋਂ ਬਾਅਦ ਪਿੰਡ ਦੇ ਲੋਕ ਗੁੱਸੇ ਵਿੱਚ ਆ ਗਏ ਅਤੇ ਉਨ੍ਹਾਂ ਪੱਥਰ ਮਾਰਨੇ ਸ਼ੁਰੂ ਕਰ ਦਿੱਤੇ। ਬਘਨੀ ਪਿੰਡ ਨੂੰ ਹੁਣ ਵੱਡੀ ਗਿਣਤੀ ਵਿੱਚ ਪੁਲਿਸ ਤਾਇਨਾਤ ਕਰ ਦਿੱਤੀ ਗਈ ਹੈ।