ਨਵੀਂ ਦਿੱਲੀ: ਰਾਜਧਾਨੀ ਦਿੱਲੀ ਵਿੱਚ ਹੋਣ ਵਾਲੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਠੰਡ ਦੇ ਮੌਸਮ ਵਿੱਚ ਸਿਆਸਤ ਕਾਫ਼ੀ ਗਰਮਾ ਗਈ ਹੈ। ਚੋਣਾਂ ਨੂੰ ਲੈ ਕੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਦਿੱਲੀ ਵਿੱਚ ਜੇਜੇਪੀ ਦੇ ਨਾਲ ਗਠਜੋੜ ਦੇ ਸੰਕੇਤ ਦਿੱਤੇ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਦਿੱਲੀ ਵਿੱਚ ਕਾਂਗਰਸ ਅਤੇ ਆਮ ਆਦਮੀ ਪਾਰਟੀ ਨੂੰ ਸੱਤਾ ਤੋਂ ਦੂਰ ਰੱਖਣ ਦੇ ਲਈ ਜਨਨਾਇਕ ਜਨਤਾ ਪਾਰਟੀ ਦਾ ਸਹਿਯੋਗ ਲਿਆ ਜਾਵੇਗਾ। ਉਨ੍ਹਾਂ ਨੇ ਕਿਹਾ ਦਿੱਲੀ ਵਿੱਚ ਵਿਧਾਨ ਸਭਾ ਚੋਣਾ ਲਈ ਬੀਜੇਪੀ ਦੀ ਪੂਰੀ ਤੈਆਰੀ ਹੈ। ਉੱਥੇ ਹੀ ਜੇਜੇਪੀ ਨੇ ਵੀ ਕਿਹਾ ਹੈ ਕਿ ਉਹ ਆਪਣੀ ਪੂਰੀ ਤਾਕਤ ਦੇ ਨਾਲ ਚੋਣ ਲੜਨਗੇ।
ਉੱਥੇ ਹੀ ਦਿੱਲੀ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੇ ਨਾਮਜ਼ਦਗੀ ਦੀ ਪ੍ਰਕਿਰਿਆ 14 ਜਨਵਰੀ ਤੋਂ ਸ਼ੁਰੂ ਹੋ ਰਹੀ ਹੈ। ਚੋਣ ਕਮਿਸ਼ਨ ਨੇ ਨਾਮਜ਼ਦਗੀ ਨਾਲ ਸਬੰਧਤ ਸਮਾਂ ਅਤੇ ਨਿਯਮ ਪਹਿਲਾਂ ਹੀ ਨਿਰਧਾਰਤ ਕਰ ਦਿੱਤੇ ਗਏ ਹਨ। ਦਿੱਲੀ ਦੇ ਵਿਸ਼ੇਸ਼ ਸੀਈਓ ਸਤਨਾਮ ਸਿੰਘ ਨੇ ਕਿਹਾ ਕਿ ਦਿੱਲੀ ਵਿਧਾਨ ਸਭਾ ਚੋਣਾਂ ਵਿੱਚ ਕੁੱਲ 70 ਸੀਟਾਂ ਲਈ ਚੋਣਾਂ ਹੋਣੀਆਂ ਹਨ। ਅਜਿਹੇ ਵਿੱਚ ਸਾਰੇ 70 ਰਿਟਰਨਿੰਗ ਅਧਿਕਾਰੀਆਂ ਕੋਲ ਨਾਮਜ਼ਦਗੀ ਪੱਤਰ ਭਰੇ ਜਾ ਸਕਦੇ ਹਨ।
ਦੱਸਦਈਏ ਕਿ ਦਿੱਲੀ ਵਿੱਚ ਵਿਧਾਨ ਸਭਾ ਚੋਣਾਂ ਲਈ ਵੋਟਾਂ 8 ਫਰਵਰੀ ਨੂੰ ਪੈਣਗੀਆਂ ਅਤੇ ਨਤੀਜੇ 11 ਫਰਵਰੀ ਨੂੰ ਆਉਣਗੇ।