ਨਵੀਂ ਦਿੱਲੀ: ਕਾਂਗਰਸ ਛੱਡਣ ਤੋਂ ਇੱਕ ਦਿਨ ਬਾਅਦ ਜੋਤੀਰਾਦਿੱਤਿਆ ਸਿੰਧੀਆ ਬੁੱਧਵਾਰ ਨੂੰ ਭਾਰਤੀ ਜਨਤਾ ਪਾਰਟੀ 'ਚ ਸ਼ਾਮਲ ਹੋ ਗਏ ਹਨ। ਸਾਬਕਾ ਕੇਂਦਰੀ ਮੰਤਰੀ ਨੇ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜੇਪੀ ਨੱਢਾ ਦੀ ਮੌਜੂਦਗੀ 'ਚ ਭਾਜਪਾ 'ਚ ਸ਼ਮੂਲੀਅਤ ਕੀਤੀ।
ਪਿਤਾ ਦੀ ਮੌਤ ਨੇ ਬਦਲੀ ਜ਼ਿੰਦਗੀ
ਸਿੰਧੀਆ ਨੇ ਕਿਹਾ ਕਿ ਉਨ੍ਹਾਂ ਦੇ ਜੀਵਨ ਵਿੱਚ ਦੋ ਤਾਰੀਕਾਂ ਬਹੁਤ ਅਹਿਮ ਹਨ ਜਿਨ੍ਹਾਂ ਨੇ ਉਨ੍ਹਾਂ ਦੀ ਜ਼ਿੰਦਗੀ ਬਦਲ ਦਿੱਤੀ। ਇੱਕ 30 ਸਤੰਬਰ 2001 ਜਦੋਂ ਉਨ੍ਹਾਂ ਦੇ ਪਿਤਾ ਅਤੇ ਸੀਨੀਅਰ ਕਾਂਗਰਸੀ ਆਗੂ ਮਾਧਵ ਰਾਓ ਸਿੰਧੀਆ ਦਾ ਦੇਹਾਂਤ ਹੋਇਆ ਸੀ ਤੇ ਦੂਜੀ 10 ਮਾਰਚ, ਉਨ੍ਹਾਂ ਦੇ ਪਿਤਾ ਦੀ 75ਵੀਂ ਵਰ੍ਹੇਗੰਢ, ਜਦੋਂ ਉਨ੍ਹਾਂ ਨੇ ਕਾਂਗਰਸ ਛੱਡਣ ਦਾ ਫ਼ੈਸਲਾ ਲਿਆ।
ਪੀਐੱਮ ਮੋਦੀ ਦਾ ਕੀਤਾ ਧੰਨਵਾਦ
ਭਾਜਪਾ 'ਚ ਸ਼ਾਮਲ ਹੋਣ ਤੋਂ ਬਾਅਦ ਸਿੰਧੀਆ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜੇਪੀ ਨੱਢਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਭਾਜਪਾ ਦੇ ਰਿਣੀ ਹਨ ਕਿ ਉਨ੍ਹਾਂ ਨੂੰ ਪਾਰਟੀ 'ਚ ਸ਼ਾਮਲ ਕਰਕੇ ਦੇਸ਼ ਦੀ ਸੇਵਾ ਕਰਨ ਦਾ ਮੌਕਾ ਦਿੱਤਾ।
ਕਾਂਗਰਸ ਪਹਿਲਾਂ ਵਰਗੀ ਨਹੀਂ ਰਹੀ
18 ਸਾਲ ਕਾਂਗਰਸ ਪਾਰਟੀ 'ਚ ਰਹੇ ਸਿੰਧੀਆ ਨੇ ਕਿਹਾ ਕਾਂਗਰਸ ਪਾਰਟੀ ਹੁਣ ਪਹਿਲਾਂ ਵਰਗੀ ਨਹੀਂ ਰਹੀ। ਮੱਧ ਪ੍ਰਧੇਸ਼ ਦੀ ਕਾਂਗਰਸ ਸਰਕਾਰ 'ਤੇ ਨਿਸ਼ਾਨਾ ਸਾਧਦਿਆਂ ਸਿੰਧੀਆ ਨੇ ਕਿਹਾ ਕਿ 18 ਮਹੀਨੇ ਪਹਿਲਾਂ ਸੂਬੇ 'ਚ ਕਾਂਗਰਸ ਦੀ ਸਰਕਾਰ ਬਣਨ ਵੇਲੇ ਜੋ ਸੁਪਨੇ ਉਨ੍ਹਾਂ ਨੇ ਵੇਖੇ ਸੀ ਉਹ ਟੁੱਟ ਗਏ ਹਨ। ਇਸ ਦੇ ਨਾਲ ਹੀ ਉਨ੍ਹਾਂ ਸੂਬਾ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਨੂੰ ਹੁਲਾਰਾ ਦੇਣ ਦੇ ਵੀ ਦੋਸ਼ ਲਗਾਏ।
ਮੋਦੀ ਦੇ ਹੱਥ ਦੇਸ਼ ਦਾ ਭਵਿੱਖ ਸੁਰੱਖਿਅਤ
ਸਿੰਧੀਆ ਨੇ ਪ੍ਰਧਾਨ ਮੰਤਰੀ ਮੋਦੀ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਪ੍ਰਧਾਨ ਮੰਤਰੀ ਮੋਦੀ ਦੀਆਂ ਨੀਤੀਆਂ 'ਤੇ ਪੂਰਾ ਭਰੋਸਾ ਹੈ ਤੇ ਮੋਦੀ ਦੇ ਹੱਥਾਂ ਵਿੱਚ ਦੇਸ਼ ਦਾ ਭਵਿੱਖ ਪੂਰੀ ਤਰ੍ਹਾਂ ਸੁਰੱਖਿਅਤ ਹੈ।
ਮੰਨਿਆ ਜਾ ਰਿਹਾ ਹੈ ਕਿ ਭਾਜਪਾ ਜੋਤੀਰਾਦਿੱਤਿਆ ਸਿੰਧੀਆ ਨੂੰ ਉਨ੍ਹਾਂ ਦੇ ਕੋਟੇ ਤੋਂ ਰਾਜ ਸਭਾ ਦਾ ਉਮੀਦਵਾਰ ਬਣਾਏਗੀ ਅਤੇ ਬਾਅਦ ਵਿਚ ਉਨ੍ਹਾਂ ਨੂੰ ਕੇਂਦਰ ਵਿਚ ਮੰਤਰੀ ਬਣਾਇਆ ਜਾ ਸਕਦਾ ਹੈ। ਸਿੰਧੀਆ ਨੇ ਬੀਤੇ ਮੰਗਲਵਾਰ ਨੂੰ ਭਾਜਪਾ ਦੇ ਸਾਬਕਾ ਪ੍ਰਧਾਨ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਸੀ।