ਨਵੀਂ ਦਿੱਲੀ: ਕੋਰੋਨਾ ਵਾਇਰਸ ਨੂੰ ਵੇਖਦਿਆਂ ਪਿਛਲੇ ਲਗਭਗ ਤਿੰਨ ਮਹੀਨਿਆਂ ਤੋਂ ਕਰਤਾਰਪੁਰ ਲਾਂਘਾ ਆਰਜ਼ੀ ਤੌਰ ਉੱਤੇ ਬੰਦ ਹੈ। ਹੁਣ ਪਾਕਿਤਸਾਨ ਸੋਮਵਾਰ ਨੂੰ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਕਰਤਾਰਪੁਰ ਲਾਂਘਾ ਖੋਲ੍ਹਣ ਨੂੰ ਤਿਆਰ ਹੈ।
ਕੋਰੋਨਾ ਵਾਇਰਸ ਮਹਾਂਮਾਰੀ ਕਾਰਨ ਭਾਰਤ ਨੇ 16 ਮਾਰਚ ਨੂੰ ਪਾਕਿਸਤਾਨ ਸਥਿਤ ਗੁਰਦੁਆਰਾ ਕਰਤਾਰਪੁਰ ਸਾਹਿਬ ਲਈ ਯਾਤਰਾ ਅਤੇ ਰਜਿਸਟ੍ਰੇਸ਼ਨ ਆਰਜ਼ੀ ਤੌਰ ਉੱਤੇ ਮੁਲਤਵੀ ਕਰ ਦਿੱਤੀ ਸੀ। ਪਾਕਿ ਵਿਦੇਸ਼ ਮੰਤਰਾਲੇ ਮੁਤਾਬਕ, "ਵਿਸ਼ਵ ਭਰ ਵਿੱਚ ਧਾਰਮਿਕ ਅਸਥਾਨ ਹੌਲ-ਹੌਲੀ ਖੁੱਲ੍ਹ ਰਹੇ ਹਨ, ਪਾਕਿਸਤਾਨ ਨੇ ਵੀ ਸਿੱਖ ਸ਼ਰਧਾਲੂਆਂ ਲਈ ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਣ ਲਈ ਲੋੜੀਂਦੇ ਪ੍ਰਬੰਧ ਕੀਤੇ ਹਨ।"
ਜ਼ਿਕਰਯੋਗ ਹੈ ਕਿ ਪਿਛਲੇ ਸਾਲ ਦੋਵਾਂ ਮੁਲਕਾਂ ਵੱਲੋਂ ਖੋਲ੍ਹਿਆ ਗਿਆ ਇਹ ਲਾਂਘਾ ਗੁਰਦਾਸਪੁਰ ਸਥਿਤ ਡੇਰਾ ਬਾਬਾ ਨਾਨਕ ਅਤੇ ਪਾਕਿਤਸਾਨ ਸਥਿਤ ਕਰਤਾਰਪੁਰ ਸਾਹਿਬ ਨੂੰ ਜੋੜਦਾ ਹੈ। ਸਾਰੇ ਧਰਮਾਂ ਦੇ ਭਾਰਤੀ ਸ਼ਰਧਾਲੂਆਂ ਲਈ ਇਤਹਾਸਿਕ ਗੁਰਦੁਆਰੇ ਤੱਕ ਜਾਂਦਾ ਇਹ ਲਾਂਘਾ ਪੂਰਾ ਸਾਲ ਬਿਨਾਂ ਵੀਜ਼ਾ ਯਾਤਰਾ ਲਈ ਖੁੱਲ੍ਹਾ ਰਹਿੰਦਾ ਹੈ।
ਦੱਸ ਦਈਏ ਕਿ ਸਿਹਤ ਸਬੰਧੀ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਉਣ ਲਈ ਪਾਕਿਸਤਾਨ ਨੇ ਭਾਰਤ ਨੂੰ ਲਾਂਘਾ ਖੋਲ੍ਹਣ ਲਈ ਲੋੜੀਂਦੀਆਂ ਕਾਰਵਾਈਆਂ ਮੁਕੰਮਲ ਕਰਨ ਦਾ ਸੱਦਾ ਦਿੱਤਾ ਸੀ। ਭਾਰਤ ਸਰਕਾਰ ਨੇ ਸ਼ਨੀਵਾਰ ਨੂੰ ਕਰਤਾਰਪੁਰ ਲਾਂਘਾ ਅਗਲੇ ਹਫ਼ਤੇ ਤੋਂ ਖੋਲ੍ਹਣ ਦੇ ਪਾਕਿਸਤਾਨ ਦੇ ਪ੍ਰਸਤਾਵ ਨੂੰ ਖਾਰਜ ਕਰ ਦਿੱਤਾ।