ਨਵੀਂ ਦਿੱਲੀ: ਖੇਤੀ ਕਾਨੂੰਨਾਂ ਵਿਰੁੱਧ ਪੰਜਾਬ ਵਿੱਚ ਜਾਰੀ ਲੜ੍ਹਾਈ ਹੁਣ ਦਿੱਲੀ ਦੀਆਂ ਬਰੂਹਾਂ 'ਤੇ ਅੱਪੜ ਗਈ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਵਿਧਾਇਕਾਂ ਅਤੇ ਸੰਸਦ ਮੈਂਬਰਾਂ ਨਾਲ ਖੇਤੀ ਕਾਨੂੰਨਾਂ ਵਿਰੁੱਧ ਅਤੇ ਪੰਜਾਬ ਦੀਆਂ ਮੰਗਾਂ ਲਈ ਜੰਤਰ-ਮੰਤਰ ਵਿਖੇ ਧਰਨਾ ਦਿੱਤਾ। ਮੁੱਖ ਮੰਤਰੀ ਸਾਰੇ ਵਿਧਾਇਕਾਂ ਅਤੇ ਸੰਸਦ ਮੈਂਬਰਾਂ ਨਾਲ ਪੰਜਾਬ ਭਵਨ ਤੋਂ ਪੈਦਲ ਮਾਰਚ ਕਰਦੇ ਹੋਏ ਜੰਤਰ-ਮੰਤਰ ਪਹੁੰਚੇ। ਇਸ ਮੌਕੇ ਉਨ੍ਹਾਂ ਦੇ ਨਾਲ ਸ਼੍ਰੋਮਣੀ ਅਕਾਲੀ ਦਲ ਤੋਂ ਵੱਖ ਹੋਏ ਪਰਮਿੰਦਰ ਸਿੰਘ ਢੀਂਡਾਸਾ ਅਤੇ ਆਮ ਆਦਮੀ ਪਾਰਟੀ ਤੋਂ ਵੱਖ ਹੋਏ ਸੁਖਪਾਲ ਖਹਿਰਾ ਵੀ ਧਰਨੇ ਵਿੱਚ ਸ਼ਾਮਲ ਹੋਏ।
ਧਰਨੇ ਦੌਰਾਨ ਸੁਖਪਾਲ ਸਿੰਘ ਖਹਿਰਾ ਇਸ ਲੜ੍ਹਾਈ ਨੂੰ ਸਾਂਝੀ ਲੜ੍ਹਾਈ ਕਰਾਰ ਦਿੱਤਾ। ਖਹਿਰਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਹੁਣ ਡਰਾਮੇਬਾਜ਼ੀ ਕਰ ਰਹੇ ਹਨ। ਉਨ੍ਹਾਂ ਨੇ ਕਿਹਾ ਜਦੋਂ ਪੰਜਾਬ ਵਿਧਾਨ ਸਭਾ ਵਿੱਚ ਪੰਜਾਬ ਸਰਕਾਰ ਨੇ ਇਨ੍ਹਾਂ ਕਾਨੂੰਨਾਂ ਵਿਰੁੱਧ ਬਿੱਲ ਲਿਆਂਦੇ ਸਨ ਤਾਂ ਉਸ ਸਮੇਂ ਅਕਾਲੀਆਂ ਅਤੇ 'ਆਪ' ਨੇ ਸਮਰਥਨ ਕੀਤਾ ਸੀ। ਹੁਣ ਉਹ ਇਸ ਨੂੰ ਧੋਖਾ ਕਰਾਰ ਦੇ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਇਹ ਦੋਵੇਂ ਪਾਰਟੀਆਂ ਇਸ ਤਰ੍ਹਾਂ ਕਰਕੇ ਭਾਜਪਾ ਦਾ ਸਾਥ ਦੇ ਰਹੀਆਂ ਹਨ।
ਇਸੇ ਨਾਲ ਹੀ ਖਹਿਰਾ ਨੇ ਕਿਹਾ ਕਿ ਪੰਜਾਬ ਇੱਕ ਸਰਹੱਦੀ ਸੂਬਾ ਹੈ ਅਤੇ ਇਸ ਦੀਆਂ ਆਪਣੀਆਂ ਸਮੱਸਿਆਵਾਂ ਹਨ। ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਵਪਾਰ ਨੂੰ ਹੁਲਾਰਾ ਦੇਣ ਲਈ ਪਾਕਿਸਤਾਨ ਨਾਲ ਸਰਹੱਦੀ ਵਪਾਰ ਨੂੰ ਮੁੜ ਖੋਲ੍ਹਣਾ ਚਾਹੀਦਾ ਹੈ ਜੋ ਕਿ ਸਮੇਂ ਅਹਿਮ ਮੰਗ ਹੈ।
ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਸਾਨੂੰ ਕਿਸਾਨਾਂ ਦੇ ਨਾਲ ਜਾ ਕੇ ਉਨ੍ਹਾਂ ਦੇ ਸੰਘਰਸ਼ ਵਿੱਚ ਖੜ੍ਹਣਾ ਚਾਹੀਦਾ ਹੈ। ਉਨ੍ਹਾਂ ਨੇ ਕਿਹਾ ਕਿ ਇੱਕ ਝੰਡੇ ਹੇਠ ਇੱਕਠੇ ਹੋ ਕੇ ਸਾਨੂੰ ਇਸ ਲੜ੍ਹਾਈ ਨੂੰ ਲੜ੍ਹਣਾ ਚਾਹੀਦਾ ਹੈ। ਉਨ੍ਹਾਂ ਨੇ ਕਿਹਾ ਕਿ ਕਿਸਾਨਾਂ ਦੇ ਹਰ ਪ੍ਰੋਗਰਾਮ ਵਿੱਚ ਸ਼ਾਮਲ ਹੋਣਾ ਚਾਹੀਦਾ ਹੈ। ਉਨ੍ਹਾਂ ਨੇ ਸਾਰੀਆਂ ਸਾਰੀਆਂ ਸਿਆਸੀ ਪਾਰਟੀਆਂ ਨੂੰ ਅਪੀਲ ਕੀਤੀ ਇਹ ਇੱਕਠੇ ਹੋਏ ਕੇ ਇਨ੍ਹਾਂ ਕਾਨੂੰਨਾਂ ਵਿਰੁੱਧ ਲੜ੍ਹਾਈ ਲੜੀ ਜਾਵੇ।