ਨਵੀਂ ਦਿੱਲੀ: ਜਿਵੇਂ-ਜਿਵੇਂ ਠੰਡ ਦਾ ਮੌਸਮ ਆ ਰਿਹਾ ਹੈ। ਪਾਕਿਸਤਾਨ ਵਿੱਚ ਮੌਜੂਦ ਅੱਤਵਾਦੀ ਕੰਟਰੋਲ ਰੇਖਾ ਵਿੱਚ ਘੁਸਪੈਠ ਕਰਨ ਅਤੇ ਭਾਰਤੀ ਖੇਤਰ ਵਿੱਚ ਘੁਸਪੈਠ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਇਸ ਦੇ ਮੱਦੇਨਜ਼ਰ ਖੁਫ਼ੀਆ ਏਜੰਸੀਆਂ ਨੇ ਹਾਈ ਅਲਰਟ ਜਾਰੀ ਕੀਤਾ ਹੈ। ਸੂਤਰਾਂ ਦੇ ਹਵਾਲੇ ਨਾਲ ਇਹ ਜਾਣਕਾਰੀ ਮਿਲੀ ਹੈ।
ਸੂਤਰਾਂ ਨੇ ਦੱਸਿਆ ਕਿ ਪਾਕਿਸਤਾਨ ਦੇ 12 ਅੱਤਵਾਦੀ 2 ਸਮੂਹਾਂ ਵਿੱਚ ਕੰਟਰੋਲ ਰੇਖਾ (ਐਲਓਸੀ) ਵਿੱਚ ਘੁਸਪੈਠ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਇਨ੍ਹਾਂ ਅੱਤਵਾਦੀਆਂ ਨੇ ਲਸ਼ਕਰ-ਏ-ਤੋਇਬਾ (ਐਲਈਟੀ) ਤੋਂ ਸਿਖਲਾਈ ਪ੍ਰਾਪਤ ਕੀਤੀ ਹੈ। ਪਾਕਿਸਤਾਨ ਦੀ ਬਾਰਡਰ ਐਕਸ਼ਨ ਟੀਮ (ਬੀਏਟੀ) ਇਨ੍ਹਾਂ ਅੱਤਵਾਦੀਆਂ ਨੂੰ ਕੰਟਰੋਲ ਰੇਖਾ ਪਾਰ ਕਰਨ ਵਿੱਚ ਮਦਦ ਕਰੇਗੀ। ਇਸ ਕਾਰਨ ਪਾਕਿਸਤਾਨ ਦੀ ਬਾਰਡਰ ਐਕਸ਼ਨ ਟੀਮ ਨੇ ਭਾਰਤੀ ਫੌਜ ਦੀਆਂ ਚੌਕੀਆਂ `ਤੇ ਹਮਲਾ ਕਰਨ ਦੀ ਯੋਜਨਾ ਬਣਾਈ ਹੈ।
ਖੁਫ਼ੀਆ ਏਜੰਸੀਆਂ ਨੇ ਸੁਰੱਖਿਆ ਅਦਾਰਿਆਂ ਨੂੰ ਅਲਰਟ ਕਰ ਦਿੱਤਾ ਹੈ। ਖੁਫ਼ੀਆ ਏਜੰਸੀਆਂ ਨੇ ਕਿਹਾ ਕਿ ਅਬਦੁੱਲ ਫ਼ਜ਼ਲ ਦੀ ਅਗਵਾਈ ਹੇਠ ਲਸ਼ਕਰ ਦੇ ਛੇ ਅੱਤਵਾਦੀ ਪੁੰਛ ਸੈਕਟਰ ਵਿੱਚ ਘੁਸਪੈਠ ਕਰਨ ਦੀ ਕੋਸ਼ਿਸ਼ ਕਰ ਰਹੇ ਹਨ।
5 ਅਗਸਤ ਨੂੰ ਕੇਂਦਰ ਸਰਕਾਰ ਨੇ ਜੰਮੂ-ਕਸ਼ਮੀਰ ਨੂੰ ਵਿਸ਼ੇਸ਼ ਦਰਜਾ ਦੇਣ ਵਾਲੀ ਧਾਰਾ 370 ਨੂੰ ਰੱਦ ਕਰ ਦਿੱਤਾ, ਜਿਸ ਤੋਂ ਬਾਅਦ ਪਾਕਿਸਤਾਨ ਨੇ ਘਾਟੀ ਦੇ ਲੋਕਾਂ ਨੂੰ ਭੜਕਾਉਣ ਦੀ ਕੋਸ਼ਿਸ਼ ਕੀਤੀ ਪਰ ਪਾਕਿਸਤਾਨ ਇਸ ਵਿੱਚ ਅਸਫਲ ਰਿਹਾ। ਉਸ ਸਮੇਂ ਤੋਂ ਹੀ ਪਾਕਿਸਤਾਨ ਕੰਟਰੋਲ ਰੇਖਾ ਦੇ ਨਾਲ ਅੱਤਵਾਦੀਆਂ ਨੂੰ ਘੁਸਪੈਠ ਕਰਾਉਣ ਦੀ ਕੋਸ਼ਿਸ਼ ਕਰ ਰਿਹਾ ਹੈ।
ਇੱਕ ਸੀਨੀਅਰ ਆਈਪੀਐਸ ਅਧਿਕਾਰੀ ਨੇ ਦੱਸਿਆ ਕਿ ਗਰਮੀਆਂ ਦਾ ਮੌਸਮ ਖ਼ਤਮ ਹੋਣ ਵਾਲਾ ਹੈ। ਇਸ ਲਈ ਪਾਕਿਸਤਾਨ ਵਾਦੀ ਵਿੱਚ ਅੱਤਵਾਦੀ ਗਤੀਵਿਧੀਆਂ ਕਰਨਾ ਚਾਹੁੰਦਾ ਹੈ ਅਤੇ ਇਸ ਦੇ ਲਈ ਉਹ ਭਾਰਤੀ ਖੇਤਰ ਵਿੱਚ ਅੱਤਵਾਦੀਆਂ ਨੂੰ ਘੁਸਪੈਠ ਕਰਾਉਣੀ ਚਾਹੇਗਾ। ਫ਼ੌਜ ਪਾਕਿਸਤਾਨ ਦੀ ਇਸ ਨਾਪਾਕ ਯੋਜਨਾ ਨੂੰ ਨਾਕਾਮ ਕਰਨ ਦੀ ਪੂਰੀ ਕੋਸ਼ਿਸ਼ ਕਰੇਗੀ।
ਅਧਿਕਾਰੀ ਨੇ ਕਿਹਾ ਕਿ ਅੱਤਵਾਦ ਦੀਆਂ ਗਤੀਵਿਧੀਆਂ ਵਿੱਚ ਸਥਾਨਿਕ ਨੌਜਵਾਨਾਂ ਦੀ ਭਾਗੀਦਾਰੀ ਘੱਟ ਗਈ ਹੈ। ਸੁਰੱਖਿਆ ਬਲਾਂ ਨੇ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਵਿੱਚ ਕੰਟਰੋਲ ਰੇਖਾ ਪਾਰ ਅੱਤਵਾਦੀ ਲਾਂਚ ਪੈਡਾਂ 'ਤੇ ਵੀ ਸਖ਼ਤ ਨਜ਼ਰ ਰੱਖੀ ਹੋਈ ਹੈ। ਇਸ ਤੋਂ ਇਲਾਵਾ, ਵਾਦੀ ਵਿੱਚ ਅੱਤਵਾਦੀਆਂ ਨੂੰ ਘੁਸਪੈਠ ਕਰਨ ਲਈ ਪਾਕਿਸਤਾਨ ਨੇ ਕੰਟਰੋਲ ਰੇਖਾ ਦੇ ਨਾਲ ਹਮੇਸ਼ਾ ਜੰਗਬੰਦੀ ਦੀ ਉਲੰਘਣਾ ਦਾ ਸਹਾਰਾ ਲਿਆ ਹੈ। ਇਸ ਸਾਲ ਜੁਲਾਈ ਤੱਕ ਪਾਕਿਸਤਾਨ ਨੇ ਵਾਦੀ ਵਿੱਚ ਜੰਗਬੰਦੀ ਦੀ ਕੁੱਲ 2,662 ਵਾਰ ਉਲੰਘਣਾ ਕੀਤੀ ਹੈ। ਪਿਛਲੇ ਸਾਲ ਪਾਕਿਸਤਾਨ ਨੇ 3,168 ਵਾਰ ਜੰਗਬੰਦੀ ਦੀ ਉਲੰਘਣਾ ਕੀਤੀ ਸੀ। ਸਾਲ 2018 ਵਿੱਚ ਪਾਕਿ ਫ਼ੌਜ ਨੇ 1,629 ਵਾਰ ਜੰਗਬੰਦੀ ਦੀ ਉਲੰਘਣਾ ਕੀਤੀ ਸੀ।
ਹਾਲਾਂਕਿ, ਸੁਰੱਖਿਆ ਬਲ ਘੁਸਪੈਠ ਦੀਆਂ ਕੋਸ਼ਿਸ਼ਾਂ ਨੂੰ ਘਟਾਉਣ ਵਿੱਚ ਸਫ਼ਲ ਰਹੀ ਹੈ। ਇਸ ਤੋਂ ਇਲਾਵਾ ਅੰਕੜੇ ਦਰਸਾਉਂਦੇ ਹਨ ਕਿ ਘਾਟੀ ਵਿੱਚ ਅੱਤਵਾਦੀ ਗਤੀਵਿਧੀਆਂ ਵਿੱਚ ਮਹੱਤਵਪੂਰਣ ਗਿਰਾਵਟ ਆਈ ਹੈ।
ਇਸ ਸਾਲ ਜਨਵਰੀ ਤੋਂ ਜੁਲਾਈ ਤੱਕ ਅੱਤਵਾਦੀ ਨਾਲ ਸਬੰਧਿਤ ਕੁੱਲ 120 ਮਾਮਲੇ ਸਾਹਮਣੇ ਆਏ ਹਨ। ਪਿਛਲੇ ਸਾਲ ਇਸ ਸਮੇਂ, ਇਸ ਅਰਸੇ ਦੌਰਾਨ ਕੁੱਲ 188 ਮਾਮਲੇ ਸਾਹਮਣੇ ਆਏ ਸਨ। ਇਸ ਸਾਲ ਜੁਲਾਈ ਤੱਕ 35 ਸੁਰੱਖਿਆ ਕਰਮਚਾਰੀਆਂ ਦੀ ਮੌਤ ਹੋ ਚੁੱਕੀ ਹੈ। ਪਿਛਲੇ ਸਾਲ ਇਸੇ ਸਮੇਂ 75 ਸੁਰੱਖਿਆ ਕਰਮਚਾਰੀ ਇਸ ਸਮੇਂ ਦੌਰਾਨ ਸ਼ਹੀਦ ਹੋਏ ਸਨ।