ਨਵੀਂ ਦਿੱਲੀ: ਕੋਰੋਨਾ ਵਾਇਰਸ ਕਾਰਨ ਦੇਸ਼ ਵਿੱਚ ਜਾਰੀ ਲੌਕਡਾਊਨ ਵਿੱਚ ਵਾਧਾ ਕਰਨ ਨੂੰ ਲੈ ਕੇ ਕੇਂਦਰ ਸਰਕਾਰ ਵੱਲੋਂ ਅਜੇ ਤੱਕ ਕੋਈ ਰਸਮੀ ਐਲਾਨ ਨਹੀਂ ਕੀਤਾ ਗਿਆ ਹੈ, ਪਰ ਪੰਜਾਬ ਸਣੇ ਦੇਸ਼ ਦੇ 6 ਸੂਬਿਆਂ ਨੇ 30 ਅਪ੍ਰੈਲ ਤੱਕ ਤਾਲਾਬੰਦੀ ਵਧਾਉਣ ਦਾ ਐਲਾਨ ਕਰ ਦਿੱਤਾ ਹੈ।
ਓਡੀਸ਼ਾ ਅਜਿਹਾ ਕਰਨ ਵਾਲਾ ਦੇਸ਼ ਦਾ ਪਹਿਲਾ ਸੂਬਾ ਰਿਹਾ। ਇਸ ਮਗਰੋਂ ਪੰਜਾਬ, ਮਹਾਰਾਸ਼ਟਰ, ਕਰਟਾਨਕਾ, ਪੱਛਮੀ ਬੰਗਾਲ ਅਤੇ ਤੇਲੰਗਾਨਾ ਨੇ ਵੀ ਕੋਰੋਨਾ ਸੰਕਟ ਨਾਲ ਨਜਿੱਠਣ ਲਈ 30 ਅਪ੍ਰੈਲ ਲੌਕਡਾਊਨ ਵਧਾਉਣ ਦਾ ਐਲਾਨ ਕੀਤਾ।
ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਪਹਿਲਾਂ ਹੀ ਸੂਬੇ ਚ ਤਾਲਾਬੰਦੀ ਵਧਾਉਣ ਦੇ ਸੰਕੇਤ ਦਿੰਦਿਆਂ ਕਿਹਾ ਸੀ ਕਿ ਉਨ੍ਹਾਂ ਦੀ ਸਰਕਾਰ ਇਸ ਨੂੰ ਵਧਾਉਣ ‘ਤੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਹੈ ਕਿਉਂਕਿ ਪਾਬੰਦੀਆਂ ਹਟਾਉਣ ਦਾ ਇਹ ਸਹੀ ਸਮਾਂ ਨਹੀਂ ਹੈ।
ਦੱਸਣਯੋਗ ਹੈ ਕਿ ਬੀਤੇ ਦਿਨੀਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇੱਕ ਵਾਰ ਮੁੜ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਕੋਰੋਨਾ ਵਾਇਰਸ ਵਿਰੁੱਧ ਰਣਨੀਤੀ ਬਣਾਉਣ ਅਤੇ ਲੌਕਡਾਊਨ ਬਾਰੇ ਵਿਚਾਰ ਕਰਨ ਲਈ ਇੱਕ ਮੀਟਿੰਗ ਕੀਤੀ। ਮੀਟਿੰਗ ਵਿੱਚ ਪੀਐਮ ਮੋਦੀ ਨੇ ਸਾਰੇ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਕੋਰੋਨਾ ਵਾਇਰਸ ਨਾਲ ਲੜਨ ਲਈ ਰਾਜ ਦੀ ਤਿਆਰੀ ਅਤੇ ਤਾਲਾਬੰਦੀ ਬਾਰੇ ਵਿਚਾਰ ਚਰਚਾ ਕੀਤੀ। ਇਸ ਦੌਰਾਨ ਕਈ ਸੂਬਿਆਂ ਦੇ ਮੁਖੀਆਂ ਨੇ ਲੌਕਡਾਊਨ 'ਚ ਵਾਧਾ ਕਰਨ 'ਤੇ ਜ਼ੋਰ ਦਿੱਤਾ। ਜਿਸ 'ਤੇ ਪੀਐਮ ਨੇ ਵੀ ਸਹਿਮਤੀ ਪ੍ਰਗਟਾਈ।