ਨਵੀਂ ਦਿੱਲੀ: ਦੁਨੀਆ ਭਰ ਵਿੱਚ ਕੋਰੋਨਾ ਵਾਇਰਸ ਦਾ ਕਹਿਰ ਜਾਰੀ ਹੈ ਜਿਸ ਨੂੰ ਵੇਖਦਿਆਂ ਦੇਸ਼ ਦੇ ਕਈ ਸੂਬਿਆਂ ਵਿੱਚ ਤਾਲਾਬੰਦੀ ਕੀਤੀ ਜਾ ਰਹੀ ਹੈ। ਕਈ ਥਾਵਾਂ ਉੱਤੇ ਧਾਰਾ 144 ਲਗਾਈ ਗਈ ਹੈ ਤੇ ਲੋਕਾਂ ਨੂੰ ਘਰ ਵਿੱਚ ਹੀ ਰਹਿਣ ਲਈ ਕਿਹਾ ਜਾ ਰਿਹਾ ਹੈ।
ਭਾਰਤ ਵਿੱਚ ਕੋਰੋਨਾ ਵਾਇਰਸ ਦੇ 396 ਮਾਮਲੇ ਸਾਹਮਣੇ ਆਏ ਹਨ। ਮਹਾਰਾਸ਼ਟਰ, ਗੁਜਰਾਤ ਅਤੇ ਬਿਹਾਰ 'ਚ ਇਕ-ਇਕ ਵਿਅਕਤੀ ਦੀ ਮੌਤ ਹੋਈ ਹੈ ਤੇ ਮ੍ਰਿਤਕਾਂ ਦੀ ਗਿਣਤੀ 7 ਹੋ ਗਈ ਹੈ।
ਇਨ੍ਹਾਂ ਸੂਬਿਆਂ 'ਚ ਰਹੇਗੀ ਤਾਲਾਬੰਦੀ
ਪੰਜਾਬ, ਉੱਤਰ ਪ੍ਰਦੇਸ਼, ਬਿਹਾਰ, ਝਾਰਖੰਡ, ਪੱਛਮੀ ਬੰਗਾਲ, ਰਾਜਸਥਾਨ, ਹਰਿਆਣਾ, ਗੁਜਰਾਤ, ਛੱਤੀਸਗੜ੍ਹ, ਓਡੀਸ਼ਾ, ਮਹਾਰਾਸ਼ਟਰ, ਮੱਧ ਪ੍ਰਦੇਸ਼, ਉੱਤਰਾਖੰਡ, ਆਂਧਰ ਪ੍ਰਦੇਸ਼, ਤੇਲੰਗਾਨਾ, ਕੇਰਲ, ਜੰਮੂ-ਕਸ਼ਮੀਰ ਅਤੇ ਨਾਗਾਲੈਂਡ 'ਚ 31 ਮਾਰਚ ਤੱਕ ਤਾਲਾਬੰਦੀ ਦਾ ਐਲਾਨ ਕੀਤਾ ਗਿਆ ਹੈ।
ਇਸ ਦੌਰਾਨ ਜ਼ਰੂਰੀ ਸੇਵਾਵਾਂ ਜਾਰੀ ਰਹਿਣਗੀਆਂ। ਤਾਲਾਬੰਦੀ ਦੌਰਾਨ ਕੋਈ ਵੀ ਟਰੇਨ ਨਹੀਂ ਚੱਲੇਗੀ। ਨਾਲ ਹੀ ਮੈਟਰੋ ਦੀ ਆਵਾਜਾਈ ਵੀ ਸੀਮਤ ਹੋਵੇਗੀ।
ਦੱਸ ਦਈਏ ਕਿ ਬੀਤੇ ਦਿਨ ਦੇਸ਼ ਵਿੱਚ ਜਨਤਾ ਕਰਫਿਊ ਰਿਹਾ। ਲੋਕਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਐਤਵਾਰ ਸਾਮ 5 ਵਜੇ ਦੇਸ਼ ਵਿੱਚ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਦਿਨ-ਰਾਤ ਮਿਹਨਤ ਕਰ ਰਹੇ ਡਾਕਟਰਾਂ, ਜ਼ਰੂਰੀ ਸੇਵਾਵਾਂ ਵਿੱਚ ਲੱਗੇ ਅਧਿਕਾਰੀਆਂ ਦਾ ਤਾੜੀਆਂ, ਥਾਲੀਆਂ ਅਤੇ ਘੰਟੀਆਂ ਵਜਾ ਕੇ ਉਨ੍ਹਾਂ ਦਾ ਧੰਨਵਾਦ ਕੀਤਾ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲੋਕਾਂ ਨੂੰ ਅਪੀਲ ਕੀਤੀ ਸੀ ਕਿ ਉਹ ਕੋਰੋਨਾ ਵਾਇਰਸ ਨੂੰ ਰੋਕਣ ਲਈ ਐਤਵਾਰ ਨੂੰ ਸਵੇਰੇ 7 ਵਜੇ ਤੋਂ 9 ਵਜੇ ਤੱਕ ਜਨਤਕ ਕਰਫਿਊ ਦੀ ਪਾਲਣਾ ਕਰਨ ਅਤੇ ਅਜਿਹੀ ਸਥਿਤੀ ਵਿੱਚ ਕੰਮ ਕਰ ਰਹੇ ਡਾਕਟਰਾਂ, ਪੈਰਾ ਮੈਡੀਕਲ ਅਧਿਕਾਰੀਆਂ ਅਤੇ ਪੁਲਿਸ ਦੀ ਸ਼ਲਾਘਾ ਕਰਨ ਲਈ ਸ਼ਾਮ 5 ਵਜੇ ਆਪਣੇ ਘਰ ਵਿੱਚ ਤਾੜੀਆਂ, ਥਾਲੀ ਅਤੇ ਘੰਟੀ ਵਜਾ ਕੇ ਉਨ੍ਹਾਂ ਦਾ ਉਤਸ਼ਾਹ ਵਧਾਉ। ਪ੍ਰਧਾਨ ਮੰਤਰੀ ਨੇ ਇਸ ਭਾਵਨਾ ਲਈ ਲੋਕਾਂ ਦਾ ਧੰਨਵਾਦ ਕੀਤਾ।