ਨਵੀਂ ਦਿੱਲੀ: ਭਾਰਤੀ ਜਨਤਾ ਪਾਰਟੀ 11 ਅਪ੍ਰੈਲ ਤੋਂ ਸ਼ੁਰੂ ਹੋਣ ਵਾਲੀਆਂ ਆਮ ਚੋਣਾਂ ਲਈ ਅੱਜ ਚੋਣ ਮਨੋਰਥ ਪੱਤਰ ਜਾਰੀ ਕਰੇਗੀ। ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭਾਜਪਾ ਮੁਖੀ ਅਮਿਤ ਸ਼ਾਹ ਸਮੇਤ ਭਾਜਪਾ ਦੀ ਸੀਨੀਅਰ ਲੀਡਰਸ਼ਿਪ ਮੌਜੂਦ ਰਹੇਗੀ। ਭਾਜਪਾ ਨੇ ਇਸ ਚੋਣ ਮਨੋਰਥ ਪੱਤਰ ਦਾ ਨਾਂਅ 'ਸੰਕਲਪ ਪੱਤਰ' ਰੱਖਿਆ ਹੈ।
ਕਿਆਸਰਾਈਆਂ ਲਾਈਆਂ ਜਾ ਰਹੀਆਂ ਹਨ ਕਿ ਇਸ ਸੰਕਲਪ ਪੱਤਰ ਵਿੱਚ ਕਿਸਾਨਾਂ ਅਤੇ ਨੌਜਵਾਨਾਂ ਨਾਲ ਜੁੜੇ ਮੁੱਦਿਆਂ ਨੂੰ ਵਿਸ਼ੇਸ਼ ਤੌਰ 'ਤੇ ਸ਼ਾਮਲ ਕੀਤਾ ਜਾ ਸਕਦਾ ਹੈ। ਇਸ ਵਿੱਚ ਰੁਜ਼ਗਾਰ ਅਤੇ ਸਵੈ-ਰੁਜ਼ਗਾਰ ਦੇ ਮੁੱਦਿਆ ਦਾ ਖ਼ਾਕਾ ਪੇਸ਼ ਕੀਤਾ ਜਾਵੇਗਾ।
ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਕਾਂਗਰਸ ਨੇ ਆਪਣਾ ਚੋਣ ਮਨੋਰਥ ਪੱਤਰ (ਅਸੀਂ ਕਰਾਂਗੇ) ਜਾਰੀ ਕੀਤਾ ਸੀ ਜਿਸ ਵਿੱਚ ਉਨ੍ਹਾਂ ਗ਼ਰੀਬਾਂ ਦੀ ਮਦਦ ਕਰਨ ਦੇ ਵੱਡੇ-ਵੱਡੇ ਦਾਅਵੇ ਕੀਤੇ ਹਨ ਇੰਨਾ ਹੀ ਨਹੀਂ ਕਾਂਗਰਸ ਨੇ ਮੈਨੀਫੈਸਟੋ ਵਿੱਚ ਕਿਸਾਨਾਂ ਦਾ ਵੱਖਰਾ ਬਜਟ ਪੇਸ਼ ਕਰਨ ਦੀ ਵੀ ਤਰਜੀਹ ਦਿੱਤੀ ਸੀ। ਇਸ ਲਈ ਭਾਰਤੀ ਜਨਤਾ ਪਾਰਟੀ ਕਾਂਗਰਸ ਤੋਂ ਮਜ਼ਬੂਤ ਚੋਣ ਮਨੋਰਥ ਜਾਰੀ ਕਰਨ ਦੀ ਪੂਰੀ ਕੋਸ਼ਿਸ਼ ਕਰੇਗੀ।
ਜਾਣਕਾਰੀ ਮੁਤਾਬਕ ਭਾਜਪਾ ਦੇ ਪੱਤਰ ਵਿੱਚ ਰਾਸ਼ਟਰੀ ਸੁਰੱਖਿਆ ਨੂੰ ਵੀ ਵਿਸ਼ੇਸ਼ ਤਰਜੀਹ ਦਿੱਤੀ ਜਾਵੇਗੀ। ਇਸ ਪੱਤਰ ਰਾਹੀਂ ਭਾਜਪਾ ਇਹ ਸੰਦੇਸ਼ ਦੇਣਾ ਚਾਹੇਗੀ ਕਿ ਰਾਸ਼ਟਰੀ ਸੁਰੱਖਿਆ ਦੇ ਨਾਂਅ 'ਤੇ ਕਿਸੇ ਨਾਲ ਕੋਈ ਵੀ ਸਮਝੌਤਾ ਨਹੀਂ ਕੀਤਾ ਜਾਵੇਗੀ।