ਨਵੀਂ ਦਿੱਲੀ: ਸਰਕਾਰੀ ਨਿਯਮਾਂ ਦੀ ਪਾਲਣਾ ਨਾ ਕਰਦਿਆਂ ਤਬਲੀਗੀ ਜਮਾਤ ਦੇ ਪ੍ਰੋਗਰਾਮਾਂ 'ਚ ਸ਼ਾਮਲ ਹੋਣ ਤੇ ਦੇਸ਼ ਦੇ ਵੱਖ-ਵੱਖ ਹਿੱਸਿਆਂ 'ਚ ਕੋਰੋਨਾ ਦੀ ਲਾਗ ਫੈਲਾਉਣ ਦੇ ਦੋਸ਼ ਤਹਿਤ ਕੇਂਦਰੀ ਗ੍ਰਹਿ ਮੰਤਰਾਲੇ ਨੇ 960 ਵਿਦੇਸ਼ੀਆਂ ਦੇ ਨਾਂਅ ਕਾਲੀ ਸੂਚੀ 'ਚ ਸ਼ਾਮਲ ਕੀਤੇ ਹਨ। ਇਨ੍ਹਾਂ ਦੇ ਵਿਜ਼ੇ ਵੀ ਰੱਦ ਕਰ ਦਿੱਤੇ ਗਏ ਹਨ।
ਗ੍ਰਹਿ ਮੰਤਰਾਲੇ ਦੇ ਨੇ ਕਿਹਾ ਕਿ ਸੈਲਾਨੀ ਵੀਜ਼ੇ 'ਤੇ ਭਾਰਤ ਆਉਣ ਦੇ ਬਾਅਦ ਤਬਲੀਗੀ ਜਮਾਤ ਦੇ ਪ੍ਰੋਗਰਾਮਾਂ 'ਚ ਸ਼ਾਮਲ ਹੋ ਕੇ ਇਨ੍ਹਾਂ ਲੋਕਾਂ ਨੇ ਵੀਜ਼ਾ ਨਿਯਮਾਂ ਦੀ ਉਲੰਘਣਾ ਕੀਤੀ ਹੈ ਤੇ ਇਸ ਕਾਰਨ ਉਨ੍ਹਾਂ ਦਾ ਮੌਜੂਦਾ ਵੀਜ਼ਾ ਰੱਦ ਕਰ ਦਿੱਤਾ ਗਿਆ ਹੈ। ਨਾਲ ਹੀ ਉਨ੍ਹਾਂ ਲਈ ਦੇਸ਼ ਦੇ ਦਰਵਾਜ਼ੇ ਹਮੇਸ਼ਾ ਲਈ ਬੰਦ ਕਰ ਦਿੱਤੇ ਹਨ।
ਮੰਤਰਾਲੇ ਨੇ ਕਿਹਾ ਕਿ ਇਨ੍ਹਾਂ ਲੋਕਾਂ ਨੇ ਕੋਰੋਨਾ ਸੰਕਟ ਦੌਰਾਨ ਵੱਡੀ ਗਿਣਤੀ ਵਿਚ ਇਕੱਠੇ ਨਾ ਹੋਣ ਦੇ ਨਿਰਦੇਸ਼ਾਂ ਦੀ ਵੀ ਉਲੰਘਣਾ ਕੀਤੀ ਹੈ। ਇਸ ਕਾਰਨ ਇਨ੍ਹਾਂ ਸਾਰਿਆਂ ਦੇ ਭਵਿੱਖ 'ਚ ਭਾਰਤ 'ਚ ਦਾਖ਼ਲ ਹੋਣ 'ਤੇ ਰੋਕ ਲਗਾਉਂਦੇ ਹੋਏ ਉਨ੍ਹਾਂ ਨੂੰ ਕਾਲੀ ਸੂਚੀ 'ਚ ਪਾ ਦਿੱਤਾ ਗਿਆ ਹੈ।
ਮੰਤਰਾਲੇ ਨੇ ਸਾਰੇ ਸੂਬਿਆਂ ਦੇ ਪੁਲਿਸ ਮੁਖੀਆਂ ਨੂੰ ਇਨ੍ਹਾਂ ਵਿਦੇਸ਼ੀ ਤਬਲੀਗੀਆਂ ਖ਼ਿਲਾਫ਼ ਵਿਦੇਸ਼ੀ ਕਾਨੂੰਨ ਤੇ ਆਫ਼ਤ ਪ੍ਰਬੰਧਨ ਕਾਨੂੰਨ ਤਹਿਤ ਕਾਰਵਾਈ ਕਰਨ ਦਾ ਨਿਰਦੇਸ਼ ਦਿੱਤਾ ਹੈ। ਇਨ੍ਹਾਂ ਕਾਨੂੰਨਾਂ ਤਹਿਤ ਉਨ੍ਹਾਂ ਨੂੰ ਗ੍ਰਿਫ਼ਤਾਰ ਵੀ ਕੀਤਾ ਜਾ ਸਕਦਾ ਹੈ।