ਸ੍ਰੀਨਗਰ: ਜੰਮੂ ਕਸ਼ਮੀਰ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਦਿਲਬਾਗ ਸਿੰਘ ਨੇ ਸ਼ਨੀਵਾਰ ਨੂੰ ਕਿਹਾ ਕਿ ਅੱਤਵਾਦੀ ਸੁਰੱਖਿਆ ਬਲਾਂ ਨਾਲ ਮੁਕਾਬਲੇ ਦੌਰਾਨ ਆਤਮ ਸਮਰਪਣ ਕਰਨ ਨੂੰ ਤਰਜੀਹ ਦੇ ਰਹੇ ਹਨ ਅਤੇ ਇਹ ਸਵਾਗਤਯੋਗ ਤਬਦੀਲੀ ਹੈ। ਸਿੰਘ ਨੇ ਹਥਿਆਰ ਚੁੱਕਣ ਵਾਲੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਹਿੰਸਾ ਦੇ ਰਾਹ ਨੂੰ ਛੱਡ ਕੇ ਮੁੱਖ ਧਾਰਾ ਵਿੱਚ ਪਰਤਣ।
ਰਾਸ਼ਟਰੀ ਏਕਤਾ ਦਿਵਸ ਦੇ ਮੌਕੇ 'ਤੇ ਡੀਜੀਪੀ ਨੇ ਸ਼ਹਿਰ ਦੇ ਬਾਹਰੀ ਹਿੱਸੇ 'ਚ ਕਰਵਾਏ ਇੱਕ ਸਮਾਗਮ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕੀਤੀ।
ਉਨ੍ਹਾਂ ਕਿਹਾ ਕਿ ਕੁੱਝ ਮੁਕਾਬਲਿਆਂ ਵਿੱਚ ਅੱਤਵਾਦੀਆਂ ਦਾ ਸਮਰਪਣ ਕਰਨਾ ਇੱਕ ਸਵਾਗਤਯੋਗ ਤਬਦੀਲੀ ਹੈ। ਮੁਠਭੇੜ ਦੌਰਾਨ ਭਟਕੇ ਹੋਏ ਨੌਜਵਾਨ ਪੁਲਿਸ ਅਤੇ ਸੁਰੱਖਿਆ ਬਲਾਂ ਦੇ ਸਮਰਪਣ ਦੇ ਪ੍ਰਸਤਾਵਾਂ ਨੂੰ ਸਵੀਕਾਰ ਕਰ ਰਹੇ ਹਨ ਭਾਵੇਂ ਗੋਲੀਆਂ ਚੱਲ ਰਹੀਆਂ ਹੋਣ।
ਡੀਜੀਪੀ ਨੇ ਕਿਹਾ ਕਿ ਜਿਨ੍ਹਾਂ ਨੇ ਆਪਣੇ ਹੱਥਾਂ ਵਿੱਚ ਹਥਿਆਰ ਚੁੱਕੇ ਹਨ, ਉਹ ਹਿੰਸਾ ਦਾ ਰਾਹ ਛੱਡ ਕੇ ਮੁੱਖ ਧਾਰਾ ਵਿੱਚ ਪਰਤੇ ਹਨ। ਅਧਿਕਾਰੀ ਨੇ ਕਿਹਾ ਕਿ ਅਜਿਹੇ ਲੋਕਾਂ ਦਾ ਹਰ ਤਰ੍ਹਾਂ ਨਾਲ ਸਮਰਥਨ ਕੀਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਅਸੀਂ ਚਾਹੁੰਦੇ ਹਾਂ ਕਿ ਨੌਜਵਾਨ ਜਿਨ੍ਹਾਂ ਨੂੰ ਭਰਮਾਇਆ ਗਿਆ ਹੋਵੇ ਅਤੇ ਗਲ਼ਤ ਰਾਹ ‘ਤੇ ਭੇਜਿਆ ਗਿਆ ਹੈ, ਉਨ੍ਹਾਂ ਨੂੰ ਵਾਪਿਸ ਆਉਣਾ ਚਾਹੀਦਾ ਹੈ। ਅਜੇ ਵੀ ਸਮਾਂ ਹੈ, ਉਹ ਵਾਪਿਸ ਆ ਸਕਦੇ ਹਨ ਅਤੇ ਅਸੀਂ ਉਨ੍ਹਾਂ ਦੀ ਹਰ ਤਰ੍ਹਾਂ ਨਾਲ ਸਹਾਇਤਾ ਕਰਾਂਗੇ।
ਕੇਂਦਰ ਸ਼ਾਸਤ ਪ੍ਰਦੇਸ਼ ਦੇ ਪੁਲਿਸ ਮੁਖੀ ਨੇ ਕਿਹਾ ਕਿ ਉਹ ਇਹ ਵੇਖ ਕੇ ਖੁਸ਼ ਹੋਏ ਕਿ ਕਸ਼ਮੀਰੀ ਨੌਜਵਾਨ ਖੇਡਾਂ ਵਰਗੀਆਂ ਸਕਾਰਾਤਮਕ ਗਤੀਵਿਧੀਆਂ ਵਿੱਚ ਹਿੱਸਾ ਲੈ ਰਹੇ ਹਨ।
ਵੀਰਵਾਰ ਨੂੰ ਦੱਖਣੀ ਕਸ਼ਮੀਰ ਦੇ ਕੁਲਗਾਮ ਵਿੱਚ ਤਿੰਨ ਭਾਜਪਾ ਵਰਕਰਾਂ ਦੀ ਹੱਤਿਆ ਦੀ ਜਾਂਚ ਵਿੱਚ ਹੋਈ ਪ੍ਰਗਤੀ ਬਾਰੇ ਉਨ੍ਹਾਂ ਕਿਹਾ ਕਿ ਜਾਂਚ ਸਹੀ ਦਿਸ਼ਾ ਵੱਲ ਜਾ ਰਹੀ ਹੈ।
ਡੀਜੀਪੀ ਨੇ ਕਿਹਾ ਕਿ ਹਮਲਾ ਕਰਨ ਵਾਲੇ ਅੱਤਵਾਦੀਆਂ ਦੀ ਪਛਾਣ ਕਰ ਲਈ ਗਈ ਹੈ ਅਤੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।