ਨਵੀਂ ਦਿੱਲੀ: ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਹਰਸ਼ ਵਰਧਨ ਨੇ ਸੋਮਵਾਰ ਨੂੰ ਕਿਹਾ ਕਿ ਕੌਮੀ ਰਾਜਧਾਨੀ ਦਿੱਲੀ ਦੇਸ਼ ਦਾ ਇੱਕ ਅਜਿਹਾ ਰਾਜ ਹੈ ਜਿੱਥੇ ਕੋਰੋਨਾ ਵਾਇਰਸ ਨੂੰ ਰੋਕਣ ਲਈ ਸਖ਼ਤ ਕਾਰਵਾਈ ਦੀ ਲੋੜ ਹੈ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਿਹਤ ਮੰਤਰੀ ਨੇ ਕਿਹਾ, "ਮੇਰੇ ਲਈ ਦਿੱਲੀ ਵਿੱਚ ਕੋਰੋਨਾ ਵਾਇਰਸ ਦੀ ਸਥਿਤੀ ਬਾਰੇ ਟਿੱਪਣੀ ਕਰਨਾ ਸਹੀ ਨਹੀਂ ਹੈ ਕਿਉਂਕਿ ਇਹ ਇੱਕ ਰਾਜਨੀਤਿਕ ਬਿਆਨ ਵਜੋਂ ਵੇਖਿਆ ਜਾਵੇਗਾ ਪਰ ਮੇਰੀ ਨਿੱਜੀ ਰਾਏ ਵਿੱਚ, ਦਿੱਲੀ ਦੇਸ਼ ਦੇ ਉਨ੍ਹਾਂ ਰਾਜਾਂ ਵਿੱਚੋਂ ਇੱਕ ਹੈ, ਜਿੱਥੇ ਕੋਰੋਨਾ ਵਾਇਰਸ ਦੇ ਕੇਸਾਂ ਨੂੰ ਕਾਬੂ ਕਰਨ ਲਈ ਵਧੇਰੇ ਸਖ਼ਤ ਕਾਰਵਾਈ ਦੀ ਲੋੜ ਹੈ। ਇੱਥੇ ਕੋਰੋਨਾ ਵਿਰੁੱਧ ਲੜਾਈ ਨੂੰ ਹੋਰ ਗੰਭੀਰਤਾ ਨਾਲ ਲੈਣ ਦੀ ਲੋੜ ਹੈ।"
ਹਰਸ਼ ਵਰਧਨ ਨੇ ਕਿਹਾ, "ਮੈਂ ਮਹਿਸੂਸ ਕਰਦਾ ਹਾਂ ਕਿ ਇੱਥੇ ਲੌਕਡਾਊਨ 3.0 ਦੌਰਾਨ ਘੱਟੋ-ਘੱਟ ਢਿੱਲ ਦਿੱਤੀ ਜਾਣੀ ਚਾਹੀਦੀ ਹੈ ਪਰ ਇਹ ਪੂਰੀ ਤਰ੍ਹਾਂ ਦਿੱਲੀ ਸਰਕਾਰ ਉੱਤੇ ਨਿਰਭਰ ਕਰਦਾ ਹੈ। ਸਿਹਤ ਅਤੇ ਗ੍ਰਹਿ ਮੰਤਰਾਲਿਆਂ ਨੇ ਦਿਸ਼ਾ ਨਿਰਦੇਸ਼ ਦਿੱਤੇ ਹਨ ਪਰ ਰਾਜ ਸਰਕਾਰ ਨੂੰ ਇਹ ਫ਼ੈਸਲਾ ਕਰਨ ਦੀ ਜ਼ਰੂਰਤ ਹੈ ਕਿ ਕਿੰਨੀ ਅਤੇ ਕਿਹੜੀਆਂ ਦਿਸ਼ਾਵਾਂ ਵਿੱਚ ਇੱਥੇ ਦੀ ਸਥਿਤੀ ਮੁਤਾਬਕ ਇਨ੍ਹਾਂ ਨੂੰ ਲਾਗੂ ਕੀਤਾ ਜਾਣਾ ਚਾਹੀਦਾ ਹੈ।"
ਐਤਵਾਰ ਨੂੰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਸੀ, "ਪੂਰੀ ਦਿੱਲੀ ਰੈੱਡ ਜ਼ੋਨ ਹੈ। ਕੇਂਦਰ ਸਰਕਾਰ ਨੇ ਰੈੱਡ ਜ਼ੋਨਾਂ ਨੂੰ ਕੁਝ ਛੋਟ ਦਿੱਤੀ ਹੈ ਅਤੇ ਅਸੀਂ ਇਸ ਸਭ ਮਨਜ਼ੂਰੀ ਦਿਆਂਗੇ।"