ਨਵੀਂ ਦਿੱਲੀ: ਕਿਸਾਨ ਖੇਤੀ ਐਕਟ ਬਣਨ ਤੋਂ ਬਾਅਦ ਪੰਜਾਬ ਵਿੱਚ ਕਿਸਾਨਾਂ ਦਾ ਧਰਨਾ ਲਗਾਤਾਰ ਜਾਰੀ ਹੈ। ਇਸ ਤੋਂ ਬਾਅਦ ਕੇਂਦਰ ਸਰਕਾਰ ਨੇ ਪੰਜਾਬ ਵਿੱਚ ਜਾਣ ਵਾਲੀਆਂ ਮਾਲ ਗੱਡੀਆਂ ਇੱਕ ਵਾਰ ਸ਼ੁਰੂ ਕਰਕੇ ਮੁੜ ਬੰਦ ਕਰ ਦਿੱਤੀਆਂ ਹਨ। ਇਸ ਦੇ ਨਾਲ ਹੀ ਕੇਂਦਰ ਸਰਕਾਰ ਵੱਲੋਂ ਪੰਜਾਬ ਨੂੰ ਮਿਲਣ ਵਾਲਾ ਰੂਰਲ ਡਿਵੈਲਪਮੈਂਟ ਫੰਡ ਵੀ ਰੋਕ ਦਿੱਤਾ ਗਿਆ ਹੈ। ਅਜਿਹੇ ਹਾਲਾਤ ਬਣਨ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਦੇ ਸਾਂਸਦਾਂ ਨੂੰ ਬੇਨਤੀ ਕੀਤੀ ਕਿ ਉਹ ਕੇਂਦਰੀ ਮੰਤਰੀਆਂ ਨੂੰ ਮਿਲਣ ਅਤੇ ਪੰਜਾਬ ਨੂੰ ਦਰਪੇਸ਼ ਆਉਣ ਵਾਲੀਆਂ ਮੁਸ਼ਕਿਲਾਂ ਕੇਂਦਰ ਸਰਕਾਰ ਨਾਲ ਸਾਂਝੀਆਂ ਕਰਨ।
ਇਸ ਬਾਬਤ ਪੰਜਾਬ ਦੇ ਸਾਂਸਦਾਂ ਨੇ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਅਤੇ ਕੇਂਦਰੀ ਰੇਲ ਮੰਤਰੀ ਪਿਊਸ਼ ਗੋਇਲ ਤੋਂ ਬੈਠਕ ਲਈ ਸਮਾਂ ਮੰਗਿਆ ਸੀ। ਲਗਭਗ ਪੰਜ ਦਿਨ ਬੀਤ ਜਾਣ ਤੋਂ ਬਾਅਦ ਵੀ ਜਦੋਂ ਕੇਂਦਰੀ ਮੰਤਰੀਆਂ ਨੇ ਪੰਜਾਬ ਦੇ ਸਾਂਸਦਾਂ ਨੂੰ ਸਮਾਂ ਨਹੀਂ ਦਿੱਤਾ ਤਾਂ ਸੋਮਵਾਰ ਨੂੰ ਅੰਮ੍ਰਿਤਸਰ ਤੋਂ ਸਾਂਸਦ ਗੁਰਜੀਤ ਸਿੰਘ ਔਜਲਾ ਦੇ ਸਰਕਾਰੀ ਨਿਵਾਸ ਵਿਖੇ ਪੰਜਾਬ ਦੇ ਕਾਂਗਰਸੀ ਸਾਂਸਦਾਂ ਨੇ ਇੱਕ ਬੈਠਕ ਕੀਤੀ।
ਇਸ ਬੈਠਕ ਤੋਂ ਬਾਅਦ ਗੁਰਜੀਤ ਸਿੰਘ ਔਜਲਾ ਨੇ ਈਟੀਵੀ ਭਾਰਤ ਨਾਲ ਖਾਸ ਗੱਲਬਾਤ ਕੀਤੀ ਅਤੇ ਬੈਠਕ ਵਿੱਚ ਜੋ ਫੈਸਲੇ ਲੈ ਗਈ ਉਸ ਦੀ ਜਾਣਕਾਰੀ ਦਿੱਤੀ। ਗੁਰਜੀਤ ਸਿੰਘ ਔਜਲਾ ਨੇ ਦੱਸਿਆ ਕਿ ਬੈਠਕ ਵਿੱਚ ਸਾਂਸਦਾਂ ਨੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਮੁਲਾਕਾਤ ਲਈ ਸਮਾਂ ਮੰਗਿਆ ਹੈ ਤਾਂ ਜੋ ਪੰਜਾਬ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਪ੍ਰਧਾਨ ਮੰਤਰੀ ਨੂੰ ਦੱਸੀਆਂ ਜਾ ਸਕਣ।
ਗੁਰਜੀਤ ਸਿੰਘ ਔਜਲਾ ਨੇ ਦੱਸਿਆ ਕਿ ਮਾਲ ਗੱਡੀਆਂ ਇੱਕ ਵਾਰ ਸ਼ੁਰੂ ਕਰਨ ਤੋਂ ਬਾਅਦ ਰੋਕ ਦਿੱਤੀਆਂ ਗਈਆਂ ਹਨ ਜਿਸ ਕਰਕੇ ਪੰਜਾਬ ਵਿੱਚ ਕੋਲਾ, ਖਾਦ ਅਤੇ ਹੋਰ ਜ਼ਰੂਰੀ ਸਾਮਾਨ ਨਹੀਂ ਆ ਪਾ ਰਿਹਾ। ਪੰਜਾਬ ਵਿੱਚ ਬਿਜਲੀ ਦੀ ਕਮੀ ਹੋ ਰਹੀ ਹੈ ਅਤੇ ਦੂਜੇ ਪਾਸੇ ਪੰਜਾਬ ਚੋਂ ਜੋ ਸਾਮਾਨ ਬਾਹਰ ਜਾਣਾ ਹੈ ਉਹ ਵੀ ਜਾਂ ਨਹੀਂ ਪਾ ਰਿਹਾ। ਐਕਸਪੋਰਟ ਦਾ ਸਾਮਾਨ ਅਤੇ ਕਣਕ ਬਾਹਰ ਨਾ ਜਾਣ ਕਰਕੇ ਪੰਜਾਬ ਨੂੰ ਭਾਰੀ ਨੁਕਸਾਨ ਸਹਿਣਾ ਪੈ ਰਿਹਾ ਹੈ। ਔਜਲਾ ਨੇ ਕਿਹਾ ਕਿ ਪੰਜਾਬ ਨੂੰ ਕੇਂਦਰ ਸਰਕਾਰ ਅਣ ਐਲਾਨੀ ਐਮਰਜੈਂਸੀ ਵੱਲ ਧੱਕ ਰਹੀ ਹੈ।
ਅੰਮ੍ਰਿਤਸਰ ਇੱਕ ਸਰਹੱਦੀ ਖੇਤਰ ਹੈ ਅਤੇ ਉਨ੍ਹਾਂ ਦੇ ਲੋਕ ਸਭਾ ਹਲਕੇ ਤੇ ਕੇਂਦਰ ਸਰਕਾਰ ਦੇ ਇਸ ਵਤੀਰੇ ਦਾ ਕੀ ਅਸਰ ਹੋ ਰਿਹਾ ਹੈ, ਪੁੱਛੇ ਜਾਣ ਤੇ ਔਜਲਾ ਨੇ ਕਿਹਾ ਕਿ ਦੇਸ਼ ਦੀ ਸੁਰੱਖਿਆ ਤੇ ਇਸ ਦਾ ਅਸਰ ਪੈ ਸਕਦਾ ਹੈ। ਪੰਜਾਬ ਨੇ ਹਮੇਸ਼ਾ ਦੇਸ਼ ਦੇ ਲਈ ਆਪਣੀ ਹਰ ਮਦਦ ਦਿੱਤੀ ਹੈ ਚਾਹੇ ਉਹ ਅੰਨ ਭੰਡਾਰ ਭਰਨ ਵਿੱਚ ਹੋਣ ਚਾਹੇ ਦੇਸ਼ ਦੀ ਸੁਰੱਖਿਆ ਲਈ ਕੁਰਬਾਨੀਆਂ । ਪੰਜਾਬ ਨੇ 1984 ਦਾ ਕਾਲਾ ਦੌਰ ਦੇਖਿਆ ਹੈ ਅਤੇ ਪੰਜਾਬ ਨੂੰ ਉਸ ਰਾਹ 'ਤੇ ਮੁੜ ਕੇਂਦਰ ਸਰਕਾਰ ਧੱਕੇਸ਼ਾਹੀਆਂ ਨਾਲ ਨਾ ਭੇਜੇ ਇਸੇ ਲਈ ਅਸੀਂ ਪ੍ਰਧਾਨ ਮੰਤਰੀ ਤੋਂ ਮੁਲਾਕਾਤ ਲਈ ਸਮਾਂ ਮੰਗਿਆ ਹੈ।