ਨਵੀਂ ਦਿੱਲੀ: ਨੈਸ਼ਨਲ ਕਾਨਫ਼ਰੰਸ ਦੇ ਪਾਰਟੀ ਆਗੂਆਂ ਦੇ ਇੱਕ ਵਫ਼ਦ ਨੇ ਅੱਜ ਪਾਰਟੀ ਦੇ ਪ੍ਰਧਾਨ ਅਤੇ ਸਾਬਕਾ ਮੁੱਖ ਮੰਤਰੀ ਫਾਰੂਕ ਅਬਦੁੱਲਾ ਦੇ ਨਾਲ ਮੁਲਾਕਾਤ ਕੀਤੀ।
ਪਾਰਟੀ ਨੇਤਾਵਾਂ ਦੇ 15 ਮੈਂਬਰੀ ਵਫ਼ਦ ਨੇ ਸ੍ਰੀਨਗਰ ਵਿੱਚ ਅਬਦੁੱਲਾ ਦੇ ਘਰ 'ਚ ਉਨ੍ਹਾਂ ਨਾਲ ਮੁਲਾਕਾਤ ਕੀਤੀ। ਇਸ ਮੌਕੇ ਨੇਤਾਵਾਂ ਨੇ ਫਾਰੂਕ ਅਬਦੁੱਲਾ ਦੇ ਬੇਟੇ ਉਮਰ ਨਾਲ ਵੀ ਮੁਲਾਕਾਤ ਕੀਤੀ। ਇਸ ਦੌਰਾਨ ਅਬਦੁੱਲਾ ਦੀ ਪਤਨੀ ਮੌਲੀ ਅਬਦੁੱਲਾ ਵੀ ਨਜ਼ਰ ਆਈ।
ਦੱਸਣਯੋਗ ਹੈ ਕਿ ਜਿੱਥੇ ਦੋਵੇਂ ਸਾਬਕਾ ਮੁੱਖ ਮੰਤਰੀਆਂ ਫਾਰੂਕ ਅਬਦੁੱਲਾ ਅਤੇ ਉਮਰ ਅਬਦੁੱਲਾ ਨੂੰ ਧਾਰਾ 370 ਹਟਾਉਣ ਤੋਂ ਇੱਕ ਦਿਨ ਪਹਿਲਾਂ ਹਿਰਾਸਤ 'ਚ ਲੈ ਲਿਆ ਗਿਆ ਸੀ ਉੱਥੇ ਹੀ ਕਈ ਹੋਰ ਰਾਜ ਨੇਤਾਵਾਂ ਨੂੰ ਵੀ ਹਿਰਾਸਤ ਵਿੱਚ ਲਿਆ ਗਿਆ ਸੀ। ਜਿਨ੍ਹਾਂ ਵਿੱਚ ਪੀਪਲਜ਼ ਡੈਮੋਕਰੇਟਿਕ ਪਾਰਟੀ ਦੀ ਮੁਖੀ ਮਹਿਬੂਬਾ ਮੁਫਤੀ ਅਤੇ ਜੰਮੂ ਕਸ਼ਮੀਰ ਪੀਪਲਜ਼ ਕਾਨਫ਼ਰੰਸ ਦੇ ਚੇਅਰਮੈਨ ਸੱਜਾਦ ਲੋਨ ਸ਼ਾਮਲ ਹਨ।
ਪਾਰਟੀ ਦੇ ਬੁਲਾਰੇ ਮਦਨ ਮੰਟੂ ਨੇ ਕਿਹਾ ਕਿ ਵਫ਼ਦ ਨੇ ਰਾਜਪਾਲ ਸੱਤਿਆਪਾਲ ਮਲਿਕ ਨਾਲ ਮੁਲਾਕਾਤ ਕੀਤੀ ਸੀ ਅਤੇ ਪਾਰਟੀ ਦੇ ਦੋ ਸੀਨੀਅਰ ਨੇਤਾਵਾਂ ਨਾਲ ਮੁਲਾਕਾਤ ਕਰਨ ਲਈ ਉਨ੍ਹਾਂ ਦੀ ਇਜਾਜ਼ਤ ਮੰਗੀ ਸੀ।