ਨਵੀਂ ਦਿੱਲੀ: ਨਿਰਭਯਾ ਸਮੂਹਿਕ ਜਬਰ-ਜਨਾਹ ਅਤੇ ਕਤਲ ਮਾਮਲੇ ਦੇ ਦੋਸ਼ੀਆਂ ਵਿੱਚੋਂ ਇੱਕ ਪਵਨ ਗੁਪਤਾ ਨੇ ਆਖਰੀ ਕੋਸ਼ਿਸ਼ ਤਹਿਤ ਸੁਪਰੀਮ ਕੋਰਟ ਵਿੱਚ ਇਕ ਸੁਧਾਰਾਤਮਕ ਪਟੀਸ਼ਨ ਦਾਇਰ ਕੀਤੀ ਸੀ। ਪਵਨ ਗੁਪਤਾ ਨੇ ਇਹ ਸੁਧਾਰਾਤਮਕ ਪਟੀਸ਼ਨ ਉਸ ਮੁੜ ਵਿਚਾਰ ਪਟੀਸ਼ਨ ਨੂੰ ਰੱਦ ਕਰਨ ਵਿਰੁੱਧ ਦਾਇਰ ਕੀਤੀ ਸੀ ਜਿਸ ਵਿੱਚ ਉਨ੍ਹਾਂ ਦੇ ਨਾਬਾਲਗ ਹੋਣ ਦਾ ਦਾਅਵਾ ਰੱਦ ਕਰ ਦਿੱਤਾ ਗਿਆ ਸੀ। ਸੁਪਰੀਮ ਕੋਰਟ ਨੇ ਉਸ ਦੀ ਇਹ ਪਟੀਸ਼ਨ ਖਾਰਜ ਕਰ ਦਿੱਤੀ ਹੈ।
ਦੱਸ ਦਈਏ ਕਿ ਦੋਸ਼ੀ ਪਵਨ ਅਤੇ ਅਕਸ਼ੇ ਦੀ ਦੂਜੀ ਰਹਿਮ ਪਟੀਸ਼ਨ ਉੱਤੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਮੁੜ ਵਿਚਾਰ ਨਹੀਂ ਕੀਤਾ ਅਤੇ ਇਨ੍ਹਾਂ ਚਾਰਾਂ ਦੋਸ਼ੀਆਂ ਨੂੰ ਭਲਕੇ ਸਵੇਰੇ 5.30 ਵਜੇ ਫਾਂਸੀ ਉੱਤੇ ਲਟਕਾਇਆ ਜਾਵੇਗਾ।
31 ਜਨਵਰੀ ਨੂੰ ਸੁਪਰੀਮ ਕੋਰਟ ਨੇ ਦੋਸ਼ੀ ਪਵਨ ਗੁਪਤਾ ਦੀ ਸਮੀਖਿਆ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਸੀ ਜਿਸ ਵਿੱਚ ਉਸ ਨੇ ਅਦਾਲਤ ਦੇ ਫ਼ੈਸਲੇ ਦੀ ਸਮੀਖਿਆ ਕਰਨ ਦੀ ਅਪੀਲ ਕੀਤੀ ਸੀ, ਜਿਸ ਵਿੱਚ 20 ਜਨਵਰੀ ਨੂੰ ਉਸ ਦੇ ਨਾਬਾਲਗ ਹੋਣ ਦੇ ਦਾਅਵੇ ਨੂੰ ਰੱਦ ਕਰ ਦਿੱਤਾ ਸੀ।
ਮੁੜ ਵਿਚਾਰ ਪਟੀਸ਼ਨ ਨੂੰ ਜਸਟਿਸ ਆਰ ਭਾਨੂਮਤੀ, ਜਸਟਿਸ ਅਸ਼ੋਕ ਭੂਸ਼ਣ ਅਤੇ ਜਸਟਿਸ ਏਐਸ ਬੋਪੰਨਾ ਨੇ ਚੈਂਬਰ ਵਿੱਚ ਖਾਰਜ ਕਰ ਦਿੱਤਾ ਸੀ। ਪਵਨ ਦੇ ਵਕੀਲ ਏਪੀ ਸਿੰਘ ਨੇ ਮੰਗਲਵਾਰ ਨੂੰ ਸੁਧਾਰਾਤਮਕ ਪਟੀਸ਼ਨ ਦਾਇਰ ਕਰਨ ਦੀ ਪੁਸ਼ਟੀ ਕੀਤੀ।
ਦੋਸ਼ੀ ਮੁਕੇਸ਼ ਸਿੰਘ ਦੀ ਪਟੀਸ਼ਨ ਬੁੱਧਵਾਰ ਨੂੰ ਕੀਤੀ ਸੀ ਖਾਰਜ
ਇਸ ਤੋਂ ਪਹਿਲਾਂ ਦਿੱਲੀ ਹਾਈ ਕੋਰਟ ਨੇ ਬੁੱਧਵਾਰ ਨੂੰ ਨਿਰਭਯਾ ਸਮੂਹਕ ਜਬਰ ਜਨਾਹ ਅਤੇ ਕਤਲ ਦੇ ਚਾਰ ਦੋਸ਼ੀਆਂ ਵਿੱਚੋਂ ਇੱਕ ਮੁਕੇਸ਼ ਸਿੰਘ ਦੀ ਅਪੀਲ ਖਾਰਜ ਕਰ ਦਿੱਤੀ ਸੀ। ਇਸ ਪਟੀਸ਼ਨ ਵਿੱਚ ਉਸਨੇ ਹੇਠਲੀ ਅਦਾਲਤ ਦੇ ਉਸ ਹੁਕਮ ਨੂੰ ਚੁਣੌਤੀ ਦਿੱਤੀ ਜਿਸ ਵਿੱਚ ਉਸ ਦੇ ਇਸ ਦਾਅਵੇ ਨੂੰ ਖਾਰਜ ਕਰ ਦਿੱਤਾ ਗਿਆ ਸੀ ਕਿ 16 ਦਸੰਬਰ 2012 ਨੂੰ ਜਦੋਂ ਜੁਰਮ ਹੋਇਆ ਉਹ ਦਿੱਲੀ ਵਿੱਚ ਨਹੀਂ ਸੀ।
ਦੱਸ ਦਈਏ ਕਿ 5 ਮਾਰਚ ਨੂੰ ਹੇਠਲੀ ਅਦਾਲਤ ਨੇ ਨਿਰਭਯਾ ਸਮੂਹਕ ਜਬਰ ਜਨਾਹ ਅਤੇ ਕਤਲ ਮਾਮਲੇ ਦੇ ਚਾਰਾਂ ਦੋਸ਼ੀਆਂ ਮੁਕੇਸ਼, ਪਵਨ ਗੁਪਤਾ, ਵਿਨੇ ਸ਼ਰਮਾ ਅਤੇ ਅਕਸ਼ੇ ਸਿੰਘ ਨੂੰ ਫਾਂਸੀ ਦੇਣ ਲਈ ਨਵਾਂ ਡੈੱਥ ਵਾਰੰਟ ਜਾਰੀ ਕੀਤਾ ਸੀ। ਚਾਰਾਂ ਦੋਸ਼ੀਆਂ ਨੂੰ 20 ਮਾਰਚ ਨੂੰ ਸਵੇਰੇ 5:30 ਵਜੇ ਫਾਂਸੀ ਦਿੱਤੀ ਜਾਵੇਗੀ।