ਨਵੀਂ ਦਿੱਲੀ: ਭਾਰਤ ਵਿੱਚ ਵੀ ਕੋਰੋਨਾ ਦਾ ਕਹਿਰ ਵੱਧਦਾ ਜਾ ਰਿਹਾ ਹੈ। ਸਿਹਤ ਮੰਤਰਾਲੇ ਵੱਲੋਂ ਸ਼ੁੱਕਰਵਾਰ ਸਵੇਰੇ ਜਾਰੀ ਕੀਤੇ ਗਏ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ ਦੌਰਾਨ ਸਭ ਤੋਂ ਵੱਧ 34956 ਨਵੇਂ ਮਾਮਲੇ ਸਾਹਮਣੇ ਆਏ ਹਨ ਜਿਸ ਤੋਂ ਬਾਅਦ ਕੋਰੋਨਾ ਪੀੜਤਾਂ ਦੀ ਗਿਣਤੀ 10 ਲੱਖ ਨੂੰ ਪਾਰ ਕਰ 1,003,832 ਹੋ ਗਈ ਹੈ। ਇਸ ਦੇ ਨਾਲ ਹੀ 687 ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ ਮ੍ਰਿਤਕਾਂ ਦੀ ਗਿਣਤੀ ਵੀ 25602 ਤੱਕ ਪਹੁੰਚ ਗਈ ਹੈ।
ਬਿਹਾਰ, ਪੱਛਮੀ ਬੰਗਾਲ, ਅਸਾਮ ਅਤੇ ਓਡੀਸ਼ਾ ਵਿਚ ਕੋਵਿਡ -19 ਮਾਮਲਿਆਂ ਵਿਚ ਹੋਏ ਵਾਧੇ ਦੇ ਮੱਦੇਨਜ਼ਰ ਸਿਹਤ ਮੰਤਰਾਲੇ ਨੇ ਇਨ੍ਹਾਂ ਸੂਬਿਆਂ ਨੂੰ ਵਾਇਰਸ ਦੀ ਲਾਗ ਨੂੰ ਰੋਕਣ ਅਤੇ ਮੌਤ ਦਰ ਨੂੰ ਇਕ ਫੀਸਦੀ ਤੋਂ ਹੇਠਾਂ ਰੱਖਣ ਲਈ ਨਵਾਂ ਉਪਰਾਲਾ ਕਰਨ ਲਈ ਕਿਹਾ ਹੈ।
ਰਾਜਧਾਨੀ ਦਿੱਲੀ ਵਿੱਚ ਲਗਾਤਾਰ ਕੋਰੋਨਾ ਵਾਇਰਸ ਦੇ ਮਾਮਲੇ ਸਾਹਮਣੇ ਆ ਰਹੇ ਹਨ। ਪਿਛਲੇ 24 ਘੰਟਿਆਂ ਦੌਰਾਨ ਦਿੱਲੀ ਵਿੱਚ ਕੋਰੋਨਾ ਦੇ 1462 ਨਵੇਂ ਮਾਮਲੇ ਦਰਜ ਕੀਤੇ ਗਏ ਹਨ ਅਤੇ 26 ਲੋਕਾਂ ਦੀ ਮੌਤ ਹੋ ਗਈ ਹੈ ਜਿਸ ਨਾਲ ਹੁਣ ਦਿੱਲੀ ਵਿੱਚ ਕੋਰੋਨਾ ਦੇ ਮਰੀਜ਼ਾਂ ਦੀ ਕੁਲ ਗਿਣਤੀ 1,20,107 ਹੋ ਗਈ ਹੈ ਅਤੇ ਮ੍ਰਿਤਕਾਂ ਦਾ ਅੰਕੜਾ 3571 ਤੱਕ ਪਹੁੰਚ ਗਿਆ ਹੈ।
ਮਹਾਰਾਸ਼ਟਰ ਵਿਚ ਇਕ ਦਿਨ ਵਿਚ ਕੋਰੋਨਾ ਵਾਇਰਸ ਦੇ 8,308 ਨਵੇਂ ਮਾਮਲੇ ਸਾਹਮਣੇ ਆਏ ਹਨ ਜਿਸ ਤੋਂ ਬਾਅਦ ਸੂਬੇ ਵਿਚ ਕੋਰੋਨਾ ਵਾਇਰਸ ਨਾਲ ਪੀੜਤ ਲੋਕਾਂ ਦੀ ਗਿਣਤੀ 2,92,589 ਹੋ ਗਈ। ਇਸ ਦੇ ਨਾਲ ਹੀ ਬੀਤੇ ਦਿਨ 258 ਮਰੀਜ਼ਾਂ ਦੀ ਮੌਤ ਹੋ ਗਈ ਹੈ ਅਤੇ ਮ੍ਰਿਤਕਾਂ ਦਾ ਅੰਕੜਾ 11,452 ਤੱਕ ਪਹੁੰਚ ਗਿਆ ਹੈ।
ਪੰਜਾਬ ਵਿੱਚ ਸ਼ੁੱਕਰਵਾਰ ਨੂੰ ਕੋਰੋਨਾ ਵਾਇਰਸ ਦੇ 348 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ ਅਤੇ 9 ਮਰੀਜ਼ਾਂ ਦੀ ਮੌਤ ਹੋਈ ਹੈ। ਜਿਸ ਨਾਲ ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 9442 ਹੋ ਗਈ ਹੈ। ਸੂਬੇ ਵਿੱਚ ਕੋਰੋਨਾ ਦੇ 2830 ਐਕਟਿਵ ਮਾਮਲੇ ਹਨ ਅਤੇ ਹੁਣ ਤੱਕ 239 ਲੋਕਾਂ ਦੀ ਮੌਤ ਹੋਈ ਹੈ।