ਨਵੀਂ ਦਿੱਲੀ: ਭਾਰਤ 'ਚ ਕੋਰੋਨਾ ਪੀੜਤਾਂ ਦੀ ਗਿਣਤੀ 9 ਲੱਖ ਤੋਂ ਪਾਰ ਪਹੁੰਚ ਗਈ ਹੈ। ਇਸ ਦੇ ਨਾਲ ਹੀ ਕੋਰੋਨਾ ਕਾਰਨ 23 ਹਜ਼ਾਰ 500 ਤੋਂ ਵੱਧ ਲੋਕਾਂ ਦੀ ਮੌਤ ਹੋ ਚੁੱਕੀ ਹੈ। ਇੱਕ ਰਿਪੋਰਟ ਅਨੁਸਾਰ ਪਿਛਲੇ 24 ਘੰਟਿਆਂ ਦੌਰਾਨ ਭਾਰਤ ਵਿਚ ਕੋਰੋਨਾ ਦੇ 28,701 ਮਾਮਲੇ ਦਰਜ ਕੀਤੇ ਗਏ ਹਨ।
ਮਹਾਰਾਸ਼ਟਰ ਵਿੱਚ ਪਿਛਲੇ 24 ਘੰਟਿਆਂ ਵਿੱਚ, ਕੋਰੋਨਾ ਦੇ 6497 ਮਾਮਲੇ ਸਾਹਮਣੇ ਆਏ ਹਨ। ਇਸ ਦੇ ਨਾਲ, ਰਾਜ ਵਿੱਚ ਕੋਰੋਨਾ ਪੀੜਤਾਂ ਦੀ ਕੁੱਲ ਗਿਣਤੀ 2,60,924 ਹੋ ਗਈ ਹੈ ਜਦ ਕਿ 193 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਸ ਦੇ ਨਾਲ, ਰਾਜ ਵਿਚ ਕੋਵਿਡ-19 ਕਾਰਨ ਮਰਨ ਵਾਲੇ ਮਰੀਜ਼ਾਂ ਦੀ ਗਿਣਤੀ 10,482 ਹੋ ਗਈ ਹੈ।
ਦੇਸ਼ ਦੀ ਰਾਜਧਾਨੀ, ਦਿੱਲੀ ਵਿੱਚ ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਦੇ 1246 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ 40 ਮਰੀਜ਼ਾਂ ਦੀ ਮੌਤ ਹੋ ਗਈ। ਇਸ ਦੇ ਨਾਲ, ਦਿੱਲੀ ਵਿੱਚ ਕੋਰੋਨਾ ਪੀੜਤਾਂ ਦੀ ਗਿਣਤੀ 1,13,740 ਹੋ ਗਈ ਹੈ ਜਦ ਕਿ ਮਰਨ ਵਾਲਿਆਂ ਦੀ ਗਿਣਤੀ ਵਧ ਕੇ 3,411 ਹੋ ਗਈ ਹੈ। ਹਾਲਾਂਕਿ, ਠੀਕ ਹੋਣ ਵਾਲੇ ਲੋਕਾਂ ਦੀ ਗਿਣਤੀ ਵੀ ਬਹੁਤ ਜ਼ਿਆਦਾ ਹੈ। ਦਿੱਲੀ ਵਿਚ ਕੋਰੋਨਾ ਰਿਕਵਰੀ ਦੀ ਦਰ ਇਕ ਰਿਕਾਰਡ 80.28 ਫੀਸਦੀ ਹੈ।
ਸੋਮਵਾਰ ਨੂੰ ਤਾਮਿਲਨਾਡੂ ਵਿੱਚ ਕੋਰੋਨਾ ਵਾਇਰਸ ਦੇ 4,328 ਨਵੇਂ ਕੇਸ ਸਾਹਮਣੇ ਆਏ, ਜਦ ਕਿ 66 ਹੋਰ ਲੋਕਾਂ ਦੀ ਮੌਤ ਹੋ ਗਈ ਹੈ। ਇਸ ਤੋਂ ਇਲਾਵਾ, ਸੋਮਵਾਰ ਨੂੰ ਕੋਰੋਨਾ ਨਾਲ ਸੰਕਰਮਿਤ 3,035 ਮਰੀਜ਼ਾਂ ਨੂੰ ਠੀਕ ਹੋਣ ਤੋਂ ਬਾਅਦ ਛੁੱਟੀ ਦੇ ਦਿੱਤੀ ਗਈ ਹੈ। ਸੂਬੇ ਵਿੱਚ ਕੋਰੋਨਾ ਦੇ ਅੰਕੜੇ ਵਧ ਕੇ 1,42,798 ਹੋ ਗਏ ਹਨ।
ਕਰਨਾਟਕ ਵਿੱਚ ਪਿਛਲੇ 24 ਘੰਟਿਆਂ ਵਿੱਚ 2738 ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਵਿਚੋਂ 1315 ਕੇਸ ਸਿਰਫ ਬੰਗਲੁਰੂ ਦੇ ਹਨ ਜਦ ਕਿ 73 ਲੋਕਾਂ ਦੀ ਮੌਤ ਹੋ ਚੁੱਕੀ ਹੈ। ਹਾਲਾਂਕਿ, ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਦੇ 839 ਮਰੀਜ਼ਾਂ ਨੂੰ ਵੀ ਹਸਪਤਾਲ ਵਿੱਚੋਂ ਛੁੱਟੀ ਦਿੱਤੀ ਗਈ ਹੈ।
ਸੋਮਵਾਰ ਨੂੰ ਪੰਜਾਬ ਵਿੱਚ ਕੋਰੋਨਾ ਵਾਇਰਸ ਦੇ 357 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ ਅਤੇ 5 ਮਰੀਜ਼ਾਂ ਦੀ ਮੌਤ ਹੋਈ ਹੈ। ਜਿਸ ਨਾਲ ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 8178 ਹੋ ਗਈ ਹੈ। ਸੂਬੇ ਵਿੱਚ ਕੋਰੋਨਾ ਦੇ 2388 ਐਕਟਿਵ ਮਾਮਲੇ ਹਨ ਅਤੇ ਹੁਣ ਤੱਕ 204 ਲੋਕਾਂ ਦੀ ਮੌਤ ਹੋਈ ਹੈ।