ਨਵੀਂ ਦਿੱਲੀ: ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਜਾਰੀ ਹੈ। ਭਾਰਤ ਵਿੱਚ ਹੁਣ ਤੱਕ 1024 ਕੋਰੋਨਾ ਵਾਇਰਸ ਦੇ ਪਾਜ਼ੀਟਿਵ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਵਿੱਚੋਂ 27 ਦੀ ਮੌਤ ਹੋ ਚੁੱਕੀ ਹੈ, ਰਾਹਤ ਦੀ ਗੱਲ ਇਹ ਹੈ ਕਿ 96 ਮਰੀਜ਼ ਠੀਕ ਵੀ ਹੋਏ ਹਨ।
ਇਸ ਸਮੇਂ ਮਹਾਰਾਸ਼ਟਰ ਵਿੱਚ ਸਭ ਤੋਂ ਵੱਧ ਕੋਰੋਨਾ ਵਾਇਰਸ ਦੇ ਕੇਸ ਹਨ ਜਿਨ੍ਹਾਂ ਦੀ ਗਿਣਤੀ 217 ਤੱਕ ਪਹੁੰਚ ਗਈ ਹੈ। ਦੂਜੇ ਨੰਬਰ ਉੱਤੇ ਕੇਰਲ ਹੈ ਜਿੱਥੇ ਕੋਰੋਨਾ ਵਾਇਰਸ ਦੇ 198 ਮਾਮਲੇ ਸਾਹਮਣੇ ਆਏ ਹਨ।
ਗੱਲ ਕਰੀਏ ਪੰਜਾਬ ਦੀ ਤਾਂ ਇੱਥੇ ਹੁਣ ਤੱਕ ਕੋਰੋਨਾ ਵਾਇਰਸ ਦੇ 38 ਮਾਮਲੇ ਸਾਹਮਣੇ ਆ ਚੁੱਕੇ ਹਨ ਜਿਨ੍ਹਾਂ ਵਿੱਚੋਂ 2 ਦੀ ਮੌਤ ਹੋ ਚੁੱਕੀ ਹੈ। ਬੀਤੇ ਦਿਨ ਹੀ 65 ਸਾਲਾ ਵਿਅਕਤੀ ਦੀ ਮੌਤ ਹੋ ਗਈ ਹੈ ਜਿਸ ਵਿੱਚ ਕੋਰੋਨਾ ਵਾਇਰਸ ਪਾਜ਼ੀਟਿਵ ਪਾਇਆ ਗਿਆ ਸੀ ਅਤੇ ਉਹ ਸ਼ੁਗਰ ਦਾ ਮਰੀਜ਼ ਵੀ ਸੀ।
ਦੱਸ ਦਈਏ ਕਿ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਭਰ ਵਿੱਚ 21 ਦਿਨ ਲਈ ਤਾਲਾਬੰਦੀ ਕੀਤੀ ਹੈ। ਬਹੁਤ ਸਾਰੇ ਲੋਕ ਅਜਿਹੇ ਹਨ ਜੋ ਤਾਲਾਬੰਦੀ ਦੇ ਬਾਵਜੂਦ ਆਪੋ-ਆਪਣੇ ਘਰਾਂ ਨੂੰ ਗਏ ਹਨ। ਕੇਂਦਰ ਸਰਕਾਰ ਨੇ ਹੁਕਮ ਦਿੱਤੇ ਹਨ ਕਿ ਜਿਨ੍ਹਾਂ ਲੋਕਾਂ ਨੇ ਤਾਲਾਬੰਦੀ ਦੀ ਉਲੰਘਣਾ ਕੀਤੀ ਹੈ ਉਨ੍ਹਾਂ ਨੂੰ 14 ਦਿਨਾਂ ਲਈ ਆਈਸੋਲੇਟ ਕੀਤਾ ਜਾਵੇਗਾ।