ਨਵੀਂ ਦਿੱਲੀ: ਨਾਗਰਿਕਤਾ ਸੋਧ ਬਿੱਲ ਵਿਰੁੱਧ ਸੋਮਵਾਰ ਨੂੰ ਦਿੱਲੀ ਵਿੱਚ ਵਿਰੋਧੀ ਧਿਰਾਂ ਦੀ ਮੀਟਿੰਗ ਬੁਲਾਈ ਗਈ ਹੈ। ਕਾਂਗਰਸ ਦੀ ਅਗਵਾਈ ਹੇਠ ਹੋਣ ਵਾਲੀ ਇਸ ਬੈਠਕ ਵਿੱਚ ਕਈ ਮੁੱਦਿਆਂ ਉੱਤੇ ਚਰਚਾ ਕੀਤੀ ਜਾਵੇਗੀ ਅਤੇ ਰਣਨੀਤੀ ਬਣਾਈ ਜਾਵੇਗੀ।
ਇਹ ਚਰਚਾ ਹੈ ਕਿ ਇਸ ਬੈਠਕ ਵਿੱਚ ਤ੍ਰਿਣਮੂਲ ਕਾਂਗਰਸ, ਬਹੁਜਨ ਸਮਾਜ ਪਾਰਟੀ ਅਤੇ ਆਮ ਆਦਮੀ ਪਾਰਟੀ ਸ਼ਾਮਲ ਨਹੀਂ ਹੋਣਗੀਆਂ।
ਆਪ ਦੇ ਸੰਸਦ ਮੈਂਬਰ ਸੰਜੇ ਸਿੰਘ ਨੇ ਕਾਂਗਰਸ ਵੱਲੋਂ ਸੱਦੀ ਅੱਜ ਦੀ ਵਿਰੋਧੀ ਧਿਰ ਦੀ ਮੀਟਿੰਗ ਵਿੱਚ ਸ਼ਾਮਲ ਨਾ ਹੋਣ ਲਈ ਪਾਰਟੀ ਨੂੰ ਲੈ ਕੇ ਕਿਹਾ ਕਿ ਉਨ੍ਹਾਂ ਨੂੰ ਅਜਿਹੀ ਕਿਸੇ ਵੀ ਮੀਟਿੰਗ ਬਾਰੇ ਕੋਈ ਜਾਣਕਾਰੀ ਨਹੀਂ ਹੈ। ਇਸ ਲਈ ਕਿਸੇ ਮੀਟਿੰਗ ਵਿਚ ਜਾਣ ਦਾ ਕੋਈ ਅਰਥ ਨਹੀਂ ਬਣਦਾ।
ਤ੍ਰਿਣਮੂਲ ਕਾਂਗਰਸ ਦੀ ਮੁਖੀ ਅਤੇ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਦੋਸ਼ ਲਗਾਇਆ ਹੈ ਕਿ ਕਾਂਗਰਸ ਅਤੇ ਖੱਬੇ ਪੱਖੀ ਪਾਰਟੀਆਂ ਪੱਛਮੀ ਬੰਗਾਲ ਵਿੱਚ ਗੰਦੀ ਰਾਜਨੀਤੀ ਕਰ ਰਹੇ ਹਨ ਅਤੇ ਉਹ ਸੀਏਏ ਤੇ ਐਨਆਰਸੀ ਦਾ ਵਿਰੋਧ ਇਕੱਲਿਆਂ ਹੀ ਆਪਣੇ ਦਮ ਉੱਤੇ ਕਰੇਗੀ।
ਜਾਣਕਾਰੀ ਮੁਤਾਬਕ ਇਸ ਬੈਠਕ ਵਿੱਚ ਰਾਸ਼ਟਰਵਾਦੀ ਕਾਂਗਰਸ ਪਾਰਟੀ, ਦ੍ਰਵਿੜਾ ਮੁਨੇਤ੍ਰ ਕਜਗਮ, ਇੰਡੀਅਨ ਯੂਨੀਅਨ ਮੁਸਲਿਮ ਲੀਗ, ਰਾਸ਼ਟਰੀ ਜਨਤਾ ਦਲ, ਸਮਾਜਵਾਦੀ ਪਾਰਟੀ ਸਣੇ ਕਈ ਪਾਰਟੀਆਂ ਸ਼ਾਮਲ ਹੋਣਗੀਆਂ।
ਦੁਪਹਿਰ 2 ਵਜੇ ਹੋਣ ਵਾਲੀ ਇਸ ਬੈਠਕ ਵਿੱਚ ਸਾਬਕਾ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਵੀ ਮੌਜੂਦ ਰਹਿ ਸਕਦੇ ਹਨ। ਬੈਠਕ ਦਾ ਮਹੱਤਵਪੂਰਨ ਮੁੱਦਾ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ (ਜੇਐਨਯੂ), ਜਾਮੀਆ ਇਸਲਾਮੀਆ ਅਤੇ ਅਲੀਗੜ੍ਹ ਮੁਸਲਿਮ ਯੂਨੀਵਰਸਿਟੀ (ਏਐਮਯੂ) ਵਿਚ ਹੋਈ ਹਿੰਸਾ ਹੈ। ਇਸ ਮਾਮਲੇ ਵਿੱਚ ਕਾਂਗਰਸ ਨੇ ਤੱਥ ਖੋਜ ਕਮੇਟੀ ਵੀ ਬਣਾਈ ਹੈ ਜਿਸ ਨੇ ਆਪਣੀ ਰਿਪੋਰਟ ਹਾਈ ਕਮਾਂਡ ਨੂੰ ਸੌਂਪ ਦਿੱਤੀ ਹੈ।